ਐਨੋਫ਼ਿਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਮਲੇਰੀਆ : ਡਾ. ਰਮਨਦੀਪ ਕੌਰ
ਐਨੋਫ਼ਿਲੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਮਲੇਰੀਆ- ਡਾ. ਰਮਨਦੀਪ ਕੌਰ
Publish Date: Fri, 24 Apr 2026 06:37 PM (IST)
Updated Date: Fri, 24 Apr 2026 06:40 PM (IST)

ਬਸੰਤ ਸਿੰਘ ਰੋੜੀਆਂ, ਪੰਜਾਬੀ ਜਾਗਰਣ ਲੁਧਿਆਣਾ ਮਲੇਰੀਆ ਦੇ ਬਚਾਅ ਲਈ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਭਰ ਵਿਚ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਸਕੂਲਾਂ ਵਿਚ ਸੈਮੀਨਾਰ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਗਰਮੀ ਅਤੇ ਬਰਸਾਤ ਦੇ ਮੌਸਮ ਵਿਚ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਨ ਕਰ ਕੇ ਮਲੇਰੀਏ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਮਲੇਰੀਆ ਇੱਕ ਖ਼ਤਰਨਾਕ ਬਿਮਾਰੀ ਹੈ ਜੋ ਮੱਛਰ ਰਾਹੀਂ ਫੈਲਦੀ ਹੈ। ਇਹ ਬਿਮਾਰੀ ਖ਼ਾਸ ਕਰਕੇ ਮਾਦਾ ਐਨੋਫ਼ਿਲੀਜ਼ ਮੱਛਰ ਦੇ ਕੱਟਣ ਨਾਲ ਹੁੰਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਮਲੇਰੀਆ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖਾਰ, ਸਿਰ ਦਰਦ, ਕੰਬਣੀ, ਪਸੀਨਾ ਆਉਣਾ ਅਤੇ ਕਈ ਵਾਰ ਉਲਟੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਇਹ ਲੱਛਣ ਨਜ਼ਰ ਆਉਣ ਤਾਂ ਉਸ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਚ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਸਮੇਂ ਸਿਰ ਇਲਾਜ ਨਾ ਮਿਲਣ ’ਤੇ ਇਹ ਬਿਮਾਰੀ ਗੰਭੀਰ ਰੂਪ ਧਾਰ ਸਕਦੀ ਹੈ। ਮਲੇਰੀਆ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾਵੇ। ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਮੱਛਰ ਗੰਦੇ ਅਤੇ ਖੜ੍ਹੇ ਪਾਣੀ ਵਿਚ ਹੀ ਪੈਦਾ ਹੁੰਦੇ ਹਨ। ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ ਅਤੇ ਗਮਲਿਆਂ ਨੂੰ ਸਾਫ਼ ਰੱਖਣਾ ਵੀ ਜ਼ਰੂਰੀ ਹੈ। ਹਰ ਹਫ਼ਤੇ ਕੂਲਰ ਦਾ ਪਾਣੀ ਬਦਲਣਾ ਅਤੇ ਬਰਤਨਾਂ ਨੂੰ ਢੱਕਕੇ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੱਛਰਾਂ ਤੋਂ ਬਚਣ ਲਈ ਮੱਛਰ ਦਾਨੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਰਾਤ ਨੂੰ ਸੌਂਦੇ ਸਮੇਂ ਮੱਛਰਦਾਨੀ ਲਗਾਉਣਾ ਅਤੇ ਘਰ ਵਿੱਚ ਮੱਛਰ ਮਾਰ ਦਵਾਈਆਂ ਜਾਂ ਮੱਛਰ ਭਜਾਉਣ ਵਾਲੀਆਂ ਚੀਜ਼ਾਂ ਵਰਤਣੀਆਂ ਚਾਹੀਦੀਆਂ ਹਨ। ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ ਨਾਲ ਵੀ ਮੱਛਰ ਦੇ ਕੱਟਣ ਤੋਂ ਬਚਿਆ ਜਾ ਸਕਦਾ ਹੈ। ਇਸ ਸਬੰਧੀ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਸਰਕਾਰੀ ਹਾਈ ਸਕੂਲ ਜਵੱਦੀ ਕਲਾਂ ਵਿਖੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਆਸ ਪਾਸ ਸਾਫ ਸਫਾਈ ਰੱਖਣ ਲਈ ਜਾਗਰੂਕ ਕੀਤਾ।