ਮਾਤਾ ਹਰਦੇਈ ਸਕੂਲ ਦੀਆਂ ਵਿਦਿਆਰਥਣਾਂ ਨੇ ਨਸ਼ਿਆਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ ਮਾਤਾ ਹਰਦੇਈ ਸਕੂਲ ਦੀਆਂ ਵਿਦਿਆਰਥਣਾਂ ਨੇ ਨਸ਼ਿਆਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ
Publish Date: Tue, 27 Oct 2026 06:59 PM (IST)
Updated Date: Tue, 27 Oct 2026 07:01 PM (IST)
ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ ਸ਼੍ਰੀ ਮਾਛੀਵਾੜਾ ਸਾਹਿਬ : ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਸਮਾਜ ’ਚ ਇਸ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮਾਤਾ ਹਰਦੇਈ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਜਾਗਰੂਕਤਾ ਸੈਮੀਨਾਰ ਦੇ ਨਾਲ ਰੈਲੀ ਵੀ ਕੱਢੀ ਗਈ, ਜਿਸ ’ਚ ਵਿਦਿਆਰਥਣਾਂ ਨੇ ਭਾਗ ਲੈਂਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਸਮਾਗਮ ਵਿਚ ਐੱਸ.ਪੀ. ਹੈੱਡਕੁਆਰਟਰ ਹਰਪਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਿਦਿਆਰਥਣਾਂ ਅਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਮਨੁੱਖ ਦੀ ਸਿਹਤ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਉਸ ਦੇ ਪਰਿਵਾਰਕ ਜੀਵਨ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਲਈ ਮਾਪਿਆਂ, ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਬੱਚਿਆਂ ਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਯਤਨ ਕਰਨੇ ਚਾਹੀਦੇ ਹਨ। ਸੈਮੀਨਾਰ ਉਪਰੰਤ ਹਰਪਿੰਦਰ ਕੌਰ ਨੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰੈਲੀ ਸ਼ਹਿਰ ਦੇ ਬਾਜ਼ਾਰਾਂ ਅਤੇ ਵੱਖ-ਵੱਖ ਰਸਤਿਆਂ ਤੋਂ ਲੰਘਦੀ ਹੋਈ ਮੁੜ ਸਕੂਲ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ, ਸਾਬਕਾ ਪ੍ਰਧਾਨ ਟਹਿਲ ਸਿੰਘ ਔਜਲਾ, ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ, ਜੇ.ਪੀ. ਮੱਕੜ ਤੋਂ ਇਲਾਵਾ ਹੋਰ ਪਤਵੰਤੇ ਅਤੇ ਸ਼ਹਿਰ ਵਾਸੀ ਮੌਜੂਦ ਸਨ।