ਮਾਨਸੂਨ ਦੀਆਂ ਤਿਆਰੀਆਂ ਚੈਕ ਕਰਨ ਲਈ ਮੇਅਰ ਤੇ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

-142 ਨੀਵੇਂ ਇਲਾਕਿਆਂ ਦੀ ਕੀਤੀ ਪਛਾਣ, 15 ਜੂਨ ਤੋਂ ਸ਼ੁਰੂ ਹੋਵੇਗਾ ਹੜ੍ਹ ਕੰਟਰੋਲ ਰੂਮ
-ਬੁੱਢੇ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਸਖ਼ਤ ਨਿਰਦੇਸ਼ ਕੀਤੇ ਜਾਰੀ
---
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਮਾਨਸੂਨ ਦੇ ਮੌਸਮ ਦੌਰਾਨ ਸਨਅਤੀ ਸ਼ਹਿਰ ਵਿੱਚ ਮੀਂਹ ਦਾ ਪਾਣੀ ਭਰਨ ਨਾਲ ਲੋਕਾਂ ਨੂੰ ਹੁੰਦੀਆਂ ਸਮੱਸਿਆਵਾਂ ਤੋਂ ਬਚਾਉਣ ਲਈ ਨਗਰ ਨਿਗਮ ਨੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਮਾਨਸੂਨ ਦੌਰਾਨ ਸ਼ਹਿਰ ਵਿੱਚ ਭਰਨ ਵਾਲੇ ਪਾਣੀ ਨੂੰ ਰੋਕਣ ਲਈ ਬੁੱਧਵਾਰ ਨੂੰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਜ਼ੋਨ ਏ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਕਰਨ ਦੇ ਨਿਰਦੇਸ਼ ਦਿੱਤੇ।
ਨਗਰ ਨਿਗਮ ਅਧਿਕਾਰੀਆਂ ਦੇ ਦੱਸਿਆ ਕਿ ਸ਼ਹਿਰ ਵਿੱਚ 142 ਨੀਵੇਂ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ ਅਤੇ ਸਬੰਧਤ ਇਲਾਕਿਆਂ ਵਿੱਚ ਮਸ਼ੀਨਰੀ ਅਤੇ ਸਟਾਫ਼ ਦੀ ਤਾਇਨਾਤੀ, ਰੋਡ ਜਾਲੀਆਂ, ਸੀਵਰਾਂ ਦੀ ਸਫਾਈ ਸਮੇਤ ਜ਼ਰੂਰੀ ਕਦਮ ਪਹਿਲਾਂ ਹੀ ਚੁੱਕੇ ਜਾ ਰਹੇ ਹਨ। ਸ਼ਹਿਰ ਭਰ ਵਿੱਚ ਸੀਵਰ ਲਾਈਨਾਂ ਦੀ ਸਫਾਈ ਦਾ ਕੰਮ ਵੀ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਓਐਂਡਐਮਸੈੱਲ ਦੇ ਸਬੰਧਤ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਸਾਰੀਆਂ ਰੋਡ ਜਾਲੀਆਂ ਦੀ ਸਫਾਈ ਅਤੇ ਮੈਨਹੋਲਾਂ ਨੂੰ ਢੱਕਣ ਦੀ ਪੁਸ਼ਟੀ ਕਰਨ ਵਾਲੇ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਡਿਸਪੋਜ਼ਲ ਪੁਆਇੰਟਾਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਪੁਆਇੰਟਾਂ 'ਤੇ ਜਨਰੇਟਰ ਸੈੱਟ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਮਾਨਸੂਨ ਦੇ ਮੌਸਮ ਦੌਰਾਨ ਪਾਣੀ ਦੇ ਓਵਰਫਲੋਅ ਨੂੰ ਰੋਕਣ ਲਈ ਬੁੱਢੇ ਦਰਿਆ ਦੇ ਕਿਨਾਰਿਆਂ, ਖਾਸ ਕਰਕੇ ਕਮਜ਼ੋਰ ਪੁਆਇੰਟਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਘੱਟੋ-ਘੱਟ 5000 ਰੇਤ ਦੀਆਂ ਬੋਰੀਆਂ ਸਟਾਕ ਵਿੱਚ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਹੋਰ ਕਰਮਚਾਰੀਆਂ ਸਮੇਤ ਸੀਵਰਮੈਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਅਧਿਕਾਰੀਆਂ ਨੂੰ ਸੁਰੱਖਿਆ ਕਿੱਟਾਂ, ਰੇਨਕੋਟ ਆਦਿ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦਾ ਹੜ੍ਹ ਕੰਟਰੋਲ ਰੂਮ 15 ਜੂਨ ਤੋਂ ਦਰੇਸੀ ਸਬ-ਜ਼ੋਨ ਦਫ਼ਤਰ ਵਿਖੇ ਕਾਰਜਸ਼ੀਲ ਹੋ ਜਾਵੇਗਾ।
---
ਬੁੱਢਾ ਦਰਿਆ ਦੀ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼
ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮੀਟਿੰਗ ਵਿੱਚ ਮੌਜੂਦ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਹਿਰ ਦੀਆਂ ਹੱਦਾਂ ਤੋਂ ਬਾਹਰ ਬੁੱਢੇ ਦਰਿਆ (ਅੱਪ ਸਟ੍ਰੀਮ ਅਤੇ ਡਾਉਨ ਸਟ੍ਰੀਮ) ਦੀ ਸਫ਼ਾਈ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਫੀਲਡ ਨਿਰੀਖਣ ਵੀ ਕਰਨਗੇ। ਇਸ ਮੌਕੇ ਮੀਟਿੰਗ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਸੰਯੁਕਤ ਕਮਿਸ਼ਨਰ ਹਰਵੀਰ ਕੌਰ, ਸੰਯੁਕਤ ਕਮਿਸ਼ਨਰ ਤਪਨ ਭਨੋਟ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਨਿਗਰਾਨ ਇੰਜੀਨੀਅਰ ਹਰਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਬਲਰਾਜ ਸਿੰਘ, ਸੀਐਸਓ ਅਸ਼ਵਨੀ ਸਹੋਤਾ ਸਮੇਤ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।