ਮੇਅਰ ਨੇ ਨਗਰ ਨਿਗਮ ਜ਼ੋਨ ਏ ਦਫ਼ਤਰ ਦੇ ਬਾਹਰ ਕੀਤੀ ਅਚਨਚੇਤ ਚੈਕਿੰਗ
ਮੇਅਰ ਨੇ ਨਗਰ ਨਿਗਮ ਜ਼ੋਨ ਏ ਦਫ਼ਤਰ ਦੇ ਬਾਹਰ ਕੀਤੀ ਅਚਨਚੇਤ ਚੈਕਿੰਗ
Publish Date: Tue, 17 Mar 2026 08:54 PM (IST)
Updated Date: Wed, 18 Mar 2026 04:14 AM (IST)

ਵਾਹਨਾਂ ਦੀ ਗੈਰ-ਕਾਨੂੰਨੀ ਪਾਰਕਿੰਗ ਨੂੰ ਰੋਕਣ ਦੇ ਲਈ ਸਟਾਫ ਨੂੰ ਦਿੱਤੇ ਸਖ਼ਤ ਹੁਕਮ ਕਾਰਵਾਈ ’ਚ ਅਣਗਿਹਲੀ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਦਿੱਤੀ ਚੇਤਾਵਨੀ ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : ਨਗਰ ਨਿਗਮ ਦੇ ਜ਼ੋਨ ਏ ਦਫ਼ਤਰ ਦੇ ਬਾਹਰ ਆਵਾਜਾਈ ਦੇ ਸੁਚਾਰੂ ਪ੍ਰਵਾਹ ਅਤੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਮੰਗਲਵਾਰ ਨੂੰ ਮਾਤਾ ਰਾਣੀ ਚੌਕ ਨੇੜੇ ਨਗਰ ਨਿਗਮ ਦਫ਼ਤਰ ਦੇ ਅੰਦਰ ਤੇ ਬਾਹਰ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਮੌਕੇ ਤਹਿਬਜ਼ਾਰੀ ਸ਼ਾਖਾ, ਸਿਹਤ ਸ਼ਾਖਾ ਅਤੇ ਨਗਰ ਨਿਗਮ ਵਿੱਚ ਤਾਇਨਾਤ ਪੁਲਿਸ ਟੀਮ ਨੂੰ ਵੀ ਮੌਕੇ ਤੇ ਬੁਲਾਇਆ। ਇਸ ਦੌਰਾਨ ਮੇਅਰ ਨੇ ਤਹਿਬਾਜ਼ਾਰੀ ਸ਼ਾਖਾ ਦੇ ਅਧਿਕਾਰੀਆਂ ਅਤੇ ਪੁਲਿਸ ਟੀਮ ਨੂੰ ਦਫ਼ਤਰ ਦੇ ਪ੍ਰਵੇਸ਼ ਦੁਆਰ ਨੇੜੇ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਗੈਰ-ਕਾਨੂੰਨੀ ਪਾਰਕਿੰਗ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਜ਼ੋਨ ਏ ਦੇ ਦਫ਼ਤਰ ਦੇ ਅੰਦਰ ਜਾਣ ਵਾਲੇ ਗੇਟ ਤੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਸਟਾਫ਼ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਹ ਜ਼ਮੀਨੀ ਪੱਧਰ ਤੇ ਹੁਕਮਾਂ ਨੂੰ ਲਾਗੂ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਮੇਅਰ ਇੰਦਰਜੀਤ ਕੌਰ ਨੇ ਦੱਸਿਆ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਨਗਰ ਨਿਗਮ ਦੇ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਆਉਂਦੇ ਹਨ। ਵਾਹਨਾਂ ਦੀ ਗੈਰ-ਕਾਨੂੰਨੀ ਪਾਰਕਿੰਗ ਕਾਰਨ ਅਕਸਰ ਦਫ਼ਤਰ ਦੇ ਬਾਹਰ ਟ੍ਰੈਫਿਕ ਜਾਮ ਦੇਖਣ ਨੂੰ ਮਿਲਦਾ ਹੈ। ਪੁਲਿਸ ਅਤੇ ਤਹਿਬਾਜ਼ਾਰੀ ਸ਼ਾਖਾ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਐਂਟਰੀ ਗੇਟ ਦੇ ਨੇੜੇ ਕੋਈ ਵੀ ਵਾਹਨ ਗੈਰ-ਕਾਨੂੰਨੀ ਤੌਰ ਤੇ ਪਾਰਕ ਨਾ ਕੀਤਾ ਜਾਵੇ। ਚੈਕਿੰਗ ਦੌਰਾਨ ਮੌਕੇ ਤੇ ਦਫਤਰ ਵਿੱਚ ਕੰਮ ਕਰਵਾਕੇ ਬਾਹਰ ਨਿਕਲ ਰਹੇ ਲੋਕਾਂ ਨਾਲ ਵੀ ਮੇਅਰ ਇੰਦਰਜੀਤ ਕੌਰ ਨੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਨਗਰ ਨਿਗਮ ਦਫ਼ਤਰ ਦੇ ਨਾਲ ਬਣੀ ਬਹੁ-ਮੰਜ਼ਿਲਾ ਪਾਰਕਿੰਗ ਵਿੱਚ ਖੜੇ ਕਰਨ ਤਾਂ ਜੋ ਆਵਾਜਾਈ ਵਿੱਚ ਵਿਘਨ ਨਾ ਪਵੇ। ਉਨ੍ਹਾਂ ਨਗਰ ਨਿਗਮ ਵਿੱਚ ਤਾਇਨਾਤ ਪੁਲਿਸ ਟੀਮ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਲੋੜ ਹੋਵੇ ਤਾਂ ਐਂਟਰੀ ਪੁਆਇੰਟ ਦੇ ਨੇੜੇ ਵਾਹਨਾਂ ਦੀ ਗੈਰ-ਕਾਨੂੰਨੀ ਪਾਰਕਿੰਗ ਵਿਰੁੱਧ ਚਲਾਨ ਕੀਤੇ ਜਾਣ। ਚੈਕਿੰਗ ਸਬੰਧੀ ਗੱਲ ਕਰਦੇ ਹੋਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸਿਹਤ ਸ਼ਾਖਾ ਦੇ ਸਬੰਧਤ ਸਟਾਫ ਨੂੰ ਦਫ਼ਤਰ ਦੇ ਐਂਟਰੀ ਪੁਆਇੰਟ ਤੇ ਸਫਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੰਮ ਕਰਦੇ ਹੋਏ, ਉਹ ਜਨਤਾ ਦੀ ਸਹੂਲਤ ਲਈ ਸਖ਼ਤੀ ਨਾਲ ਕੰਮ ਕਰ ਰਹੇ ਹਨ ਅਤੇ ਜੇਕਰ ਨਗਰ ਨਿਗਮ ਦਫਤਰਾਂ ਦੇ ਅੰਦਰ ਅਤੇ ਬਾਹਰ ਹੀ ਕੰਮ ਸਹੀ ਨਹੀਂ ਹੋਵੇਗਾ ਤਾਂ ਉਨ੍ਹਾਂ ਸ਼ਹਿਰ ਵਾਸੀਆਂ ਦੀਆਂ ਸਹੂਲਤਾਂ ਲਈ ਕੀਤੇ ਜਾ ਰਹੇ ਕੰਮਾਂ ਦਾ ਕੋਈ ਅਰਥ ਨਹੀਂ ਰਹਿੰਦਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੀਆਂ ਥਾਵਾਂ ਅਤੇਖਾਲੀ ਪਲਾਟਾਂ ’ਚ ਕੂੜਾ ਨਾ ਸੁੱਟ ਕੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ।