ਸੂਆ ਰੋਡ ‘ਤੇ ਜਾਮ ਸੀਵਰੇਜ ਲਾਈਨਾਂ ਮਾਮਲੇ ‘ਚ ਮੇਅਰ ਸਖ਼ਤ

ਠੇਕੇਦਾਰ ਨੂੰ ਕੰਮ ਠੀਕ ਜਾਂ ਜੁਰਮਾਨੇ ਲਈ ਤਿਆਰ ਰਹਿਣ ਦੀ ਚੇਤਾਵਨੀ
---
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਗਿਆਸਪੁਰਾ ਇਲਾਕੇ ਵਿੱਚ ਸੂਆ ਰੋਡ ‘ਤੇ ਜਾਮ ਹੋਈਆਂ ਸੀਵਰੇਜ ਲਾਈਨਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵੀਰਵਾਰ ਨੂੰ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ। ਮੇਅਰ ਨੇ ਸਪੱਸ਼ਟ ਕੀਤਾ ਕਿ ਜੇਕਰ ਠੇਕੇਦਾਰ ਵੱਲੋਂ ਖਾਮੀਆਂ ਨੂੰ ਜਲਦ ਦੂਰ ਨਾ ਕੀਤਾ ਗਿਆ ਤਾਂ ਉਸ ‘ਤੇ ਜੁਰਮਾਨਾ ਲਗਾਇਆ ਜਾਵੇਗਾ।
ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਮੇਅਰ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਸੜਕ ਨਿਰਮਾਣ ਦੇ ਕੰਮ ਦੌਰਾਨ ਠੇਕੇਦਾਰ ਵੱਲੋਂ ਨਿਰਮਾਣ ਸਮੱਗਰੀ ਅਤੇ ਮਲਬਾ ਸੀਵਰੇਜ ਲਾਈਨਾਂ ਵਿੱਚ ਸੁੱਟ ਦਿੱਤਾ ਗਿਆ, ਜਿਸ ਕਾਰਨ ਲਾਈਨਾਂ ਪੂਰੀ ਤਰ੍ਹਾਂ ਜਾਮ ਹੋ ਗਈਆਂ। ਇਸ ਦੇ ਨਤੀਜੇ ਵਜੋਂ ਸੀਵਰੇਜ ਦਾ ਗੰਦਾ ਪਾਣੀ ਸੜਕਾਂ ‘ਤੇ ਇਕੱਠਾ ਹੋ ਰਿਹਾ ਹੈ ਅਤੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੇਅਰ ਇੰਦਰਜੀਤ ਕੌਰ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਕਿਸੇ ਵੀ ਹਾਲਤ ਵਿੱਚ ਅਣਡਿੱਠਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਜਾਂ ਬੇਨਿਯਮੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਜੇਕਰ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਗਲਤੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਤੁਰੰਤ ਸੀਵਰੇਜ ਲਾਈਨਾਂ ਦੀ ਸਫ਼ਾਈ ਅਤੇ ਮੁਰੰਮਤ ਕਰਵਾ ਕੇ ਇਲਾਕੇ ਦੀ ਸਥਿਤੀ ਨੂੰ ਆਮ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਮੇਅਰ ਨੇ ਇਹ ਵੀ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਕਿਸੇ ਵੀ ਮੈਨਹੋਲ ਦਾ ਢੱਕਣ ਟੁੱਟਿਆ ਜਾਂ ਗਾਇਬ ਨਹੀਂ ਹੋਣਾ ਚਾਹੀਦਾ, ਕਿਉਂਕਿ ਇਸ ਨਾਲ ਵੱਡੇ ਹਾਦਸੇ ਵਾਪਰ ਸਕਦੇ ਹਨ ਅਤੇ ਲੋਕਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਨਿਰੀਖਣ ਦੌਰਾਨ ਬੀਐਂਡਆਰ ਸ਼ਾਖਾ ਦੇ ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਓਐਂਡਐਮ ਸੈਲ ਦੇ ਨਿਗਰਾਨ ਇੰਜੀਨੀਅਰ ਏਕਜੋਤ ਸਿੰਘ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਮੇਅਰ ਨੇ ਅਧਿਕਾਰੀਆਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰਨ ਲਈ ਵੀ ਕਿਹਾ।
ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਗਰ ਨਿਗਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਤਾਂ ਜੋ ਜ਼ਮੀਨੀ ਪੱਧਰ ‘ਤੇ ਹੋ ਰਹੇ ਕੰਮਾਂ ਦੀ ਹਕੀਕਤ ਸਾਹਮਣੇ ਆ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ।