ਖੰਨਾ ਦੀ ਦਾਣਾ ਮੰਡੀ ’ਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਮਿਲੇ ਗੁਰਕੀਰਤ ਕੋਟਲੀ ਖੰਨਾ ਦੀ ਦਾਣਾ ਮੰਡੀ ’ਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਕੀਤੀ ਮੁਲਾਕਾਤ
Publish Date: Sat, 21 Nov 2026 07:05 PM (IST)
Updated Date: Sun, 22 Nov 2026 04:05 AM (IST)
* ਝੋਨੇ ਦੀ ਖ਼ਰੀਦ ਤੇ ਚੁਕਾਈ ’ਚ ਆ ਰਹੀਆਂ ਮੁਸ਼ਕਲਾਂ ਸੁਣੀਆਂ ਪੀ 09 : ਝੋਨੇ ਦੀ ਖ਼ਰੀਦ ਤੇ ਚੁਕਾਈ ਸਬੰਧੀ ਗੱਲਬਾਤ ਕਰਦੇ ਹੋਏ ਗੁਰਕੀਰਤ ਸਿੰਘ ਕੋਟਲੀ, ਰੁਪਿੰਦਰ ਸਿੰਘ ਰਾਜਾ ਗਿੱਲ ਤੇ ਹੋਰ। ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਅੱਜ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਖੰਨਾ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਤੇ ਝੋਨੇ ਦੀ ਖ਼ਰੀਦ, ਚੁਕਾਈ ਤੇ ਅਦਾਇਗੀ ’ਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਮੌਕੇ ਮੀਡੀਆ ਦੇ ਸਾਥੀਆਂ ਨਾਲ ਵੀ ਮੰਡੀ ਦੀ ਮੌਜੂਦਾ ਸਥਿਤੀ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖੰਨਾ ਲਖਵੀਰ ਸਿੰਘ ਲੱਖਾ ਤੇ ਹਲਕਾ ਇੰਚਾਰਜ ਸਮਰਾਲਾ ਰੁਪਿੰਦਰ ਸਿੰਘ ਰਾਜਾ ਗਿੱਲ ਜੀ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ’ਚ ਝੋਨੇ ਦੀ ਫ਼ਸਲ ਦੇ ਲੱਗੇ ਅੰਬਾਰ ਸਰਕਾਰ ਦੇ ਖ਼ਰੀਦ ਪ੍ਰਬੰਧਾਂ ਦੀ ਪੋਲ ਖੋਲ੍ਹ ਰਹੇ ਹਨ। ਕਿਸਾਨ ਆਪਣੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਤੇ ਅਦਾਇਗੀ ਦੀ ਉਡੀਕ ਕਰ ਰਹੇ ਹਨ, ਜਦਕਿ ਚੁਕਾਈ ’ਚ ਹੋ ਰਹੀ ਦੇਰੀ ਕਾਰਨ ਮਜ਼ਦੂਰ ਵਰਗ ਨੂੰ ਵੀ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਆਨਬਾਜ਼ੀ ਅਤੇ ਇਸ਼ਤਿਹਾਰਾਂ ਤੋਂ ਬਾਹਰ ਨਿਕਲ ਕੇ ਮੰਡੀਆਂ ਦੀ ਜ਼ਮੀਨੀ ਹਕੀਕਤ ਨੂੰ ਸਮਝਣਾ ਚਾਹੀਦਾ ਹੈ। ਕਿਸਾਨਾਂ ਦੀ ਮਿਹਨਤ ਦਾ ਸਤਿਕਾਰ ਕਰਦਿਆਂ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਦੇ ਪ੍ਰਬੰਧਾਂ ਨੂੰ ਤੁਰੰਤ ਸੁਚਾਰੂ ਬਣਾਇਆ ਜਾਵੇ, ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਹੋਰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਚੁਕਾਈ ਯਕੀਨੀ ਬਣਾਈ ਜਾਵੇ, ਤਾਂ ਜੋ ਅੰਨਦਾਤੇ ਨੂੰ ਆਪਣੀ ਮਿਹਨਤ ਦਾ ਬਣਦਾ ਹੱਕ ਮਿਲ ਸਕੇ।