950 ਸਕੂਲਾਂ ’ਚ ਬਿਨਾਂ ਪ੍ਰਿੰਸੀਪਲਾਂ ਤੋਂ ਹੋਵੇਗੀ ਮੈਗਾ ਪੀਟੀਐੱਮ
950 ਸਕੂਲਾਂ ਵਿੱਚ ਬਿਨਾਂ ਪ੍ਰਿੰਸੀਪਲਾਂ ਤੋਂ ਹੋਵੇਗੀ ਮੈਗਾ ਪੀਟੀਐਮ
Publish Date: Fri, 27 Mar 2026 07:49 PM (IST)
Updated Date: Fri, 27 Mar 2026 07:53 PM (IST)

ਰਵੀ, ਪੰਜਾਬੀ ਜਾਗਰਣ ਲੁਧਿਆਣਾ ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ। ਜਿਸ ਵਿਚ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਨੇ ਇਕ ਸੁਰ ਹੁੰਦੇ ਹੋਏ ਪੰਜਾਬ ਸਰਕਾਰ ਤੋਂ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਤੁਰੰਤ ਪ੍ਰਿੰਸੀਪਲ ਲਗਾਉਣ ਦੀ ਮੰਗ ਕੀਤੀ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਮੂਹ ਅਹੁਦੇਦਾਰਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਪੰਜਾਬ ਦੇ ਬਿਨ੍ਹਾਂ ਪ੍ਰਿੰਸੀਪਲਾਂ ਵਾਲੇ ਸਕੂਲਾਂ ਵਿੱਚ ਜਲਦ ਪ੍ਰਿੰਸੀਪਲ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਹਾ ਕਿ ਕੱਲ੍ਹ ਪੰਜਾਬ ਦੇ 950 ਸੀਨੀਅਰ ਸੈਕੰਡਰੀ ਸਕੂਲਾਂ ਵਿਚ ਬਿਨਾਂ ਪ੍ਰਿੰਸੀਪਲਾਂ ਤੋਂ ਮੈਗਾ ਪੀਟੀਐਮ ਹੋਵੇਗੀ। ਉਨ੍ਹਾਂ ਕਿਹਾ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਵੀ ਸਕੂਲੀ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਨਹੀਂ ਮਿਲਣਗੇ ਜਦ ਕਿ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਆਪਣੇ ਚਾਰ ਸਾਲਾਂ ਵਿਚ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਨਹੀਂ ਕਰ ਸਕੀ, ਜਿਸ ਦੇ ਚੱਲਦੇ 950 ਤੋਂ ਵੱਧ ਸਕੂਲ ਬਿਨ੍ਹਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਹਨ। ਪ੍ਰਧਾਨ ਢਿੱਲੋਂ ਨੇ ਕਿਹਾ ਕਿ ਇਕ ਪਾਸੇ ਸਕੂਲਾਂ ਦੇ ਵਿਦਿਆਕ ਪੱਧਰ ਉੱਚਾ ਚੁੱਕਣ ਲਈ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵੱਖ ਵੱਖ ਥਾਵਾਂ ਦੇ ਵਿਦਿਅਕ ਟੂਰ ਕਰਵਾਉਣ ਦੇ ਨਾਲ ਨਾਲ ਪੰਜਾਬ ਦੇ ਪ੍ਰਿੰਸੀਪਲਾਂ ਨੂੰ ਵਿਸ਼ਵ ਪੱਧਰ ਦੀਆਂ ਆਧੁਨਿਕ ਤਕਨੀਕਾਂ ਦੀ ਦਬਾਉਣ ਦੀ ਸੋਚ ਨਾਲ ਸਰਕਾਰ ਵੱਲੋਂ ਵਿਸ਼ੇਸ਼ ਤੌਰਤੇ ਸਿਖਲਾਈ ਲਈ ਸਿੰਘਾਪੁਰ ਭੇਜਿਆ ਜਾਂਦਾ ਹੈ, ਤਾਂ ਜੋ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਵਿਸ਼ਵ ਪੱਧਰ ਦੀ ਸਿਖਲਾਈ ਪ੍ਰਾਪਤ ਕਰ ਬੱਚਿਆਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾਉਣ ਦਾ ਕੰਮ ਕਰ ਸਕਣ, ਪਰ ਮੌਜੂਦਾ ਸਮੇਂ ਦੌਰਾਨ ਪੰਜਾਬ ਦੇ ਅੱਧੇ ਤੋਂ ਵੱਧ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲ ਹੀ ਨਹੀਂ ਹਨ। ਪ੍ਰਧਾਨ ਢਿੱਲੋਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਜਲਦ ਪ੍ਰਿੰਸੀਪਲ ਲਗਾਏ ਜਾਣ ਤਾਂ ਕਿ ਸੂਬੇ ਦੇ ਸਾਰੇ ਸਕੂਲਾਂ ਵਿਚ ਇਕ ਸਾਰ ਦਾ ਬਿਹਤਰ ਵਿਦਿਅਕ ਮਾਹੌਲ ਬਣ ਸਕੇ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਨਾ ਹੋਵੇ। ਯੂਨੀਅਨ ਦੀ ਲੇਡੀਜ਼ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ਼ਿਵਾਨੀ, ਯੂਨੀਅਨ ਆਗੂ ਹੇਮਲਤਾ ਅਤੇ ਰੇਖਾ ਬਹਿਲ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਸਰਕਾਰੀ ਸਕੂਲਾਂ ਵਿਚ ਜਲਦ ਪ੍ਰਿੰਸੀਪਲ ਲਗਾਏ ਜਾਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਸੱਚਮੁੱਚ ਦੀ ਸਿੱਖਿਆ ਕ੍ਰਾਂਤੀ ਆ ਸਕੇ। ਇਸ ਮੌਕੇ ਦਵਿੰਦਰ ਸਿੰਘ ਗੁਰੂ, ਜਸਪਾਲ ਸਿੰਘ, ਰਾਜਵੀਰ ਸਿੰਘ ਹੰਬੜਾ, ਗੁਰਜੇਪਾਲ ਸਿੰਘ, ਪਰਮੋਦ ਜੋਸ਼ੀ, ਅਮਰਜੀਤ ਸਿੰਘ ਸਲਾਹਕਾਰ, ਯੂਨੀਅਨ ਦੇ ਮੀਡੀਆ ਇੰਚਾਰਜ ਰਮਨਦੀਪ ਸਿੰਘ, ਵਨੀਤ ਅਰੋੜਾ, ਪ੍ਰੈਸ ਸਕੱਤਰ ਅਲਬੇਲ ਸਿੰਘ ਪੁੜੈਣ, ਹਰਪ੍ਰੀਤ ਸਿੰਘ ਸਾਹਨੇਵਾਲ, ਮਨਦੀਪ ਸਿੰਘ ਸੇਖੋਂ ਨੇ ਵੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਿੰਸੀਪਲਾਂ ਤੋਂ ਸੱਖਣੇ ਸਰਕਾਰੀ ਸਕੂਲਾਂ ਵਿਚ ਜਲਦ ਸਕੂਲ ਮੁਖੀ ਨਿਯੁਕਤ ਕੀਤੇ ਜਾਣ।