ਮਿੱਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੇ ਦਿੱਤਾ ਰੋਸ ਧਰਨਾ
ਮਿੱਡ- ਡੇ -ਮੀਲ ਅਤੇ ਆਸ਼ਾ ਵਰਕਰਾਂ ਨੇ ਦਿੱਤੇ ਰੋਸ ਧਰਨੇ
Publish Date: Sun, 01 Mar 2026 06:34 PM (IST)
Updated Date: Sun, 01 Mar 2026 06:37 PM (IST)

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ 6 ਕੈਬਨਿਟ ਮੰਤਰੀਆਂ ਅਤੇ ਕਾਰਜਕਾਰੀ ਪ੍ਰਧਾਨ ਦੇ ਘਰਾਂ ਵੱਲ ਰੋਸ ਮਾਰਚ ਕਰ ਕੇ ਮਾਣ ਭੱਤਾ ਵਰਕਰਾਂ ਨਾਲ ਕੀਤੇ ਚੋਣ ਵਾਅਦੇ ਯਾਦ ਕਰਵਾਉਣ ਦੇ ਦਿੱਤੇ ਐਕਸ਼ਨਾਂ ਤਹਿਤ ਕੈਬਨਿਟ ਮੰਤਰੀ ਪੰਜਾਬ ਸੰਜੀਵ ਅਰੋੜਾ ਦੇ ਦਫ਼ਤਰ ਸਾਹਮਣੇ ਜ਼ਿਲ੍ਹੇ ਦੀਆਂ ਮਿੱਡ ਡੇ ਮੀਲ ਅਤੇ ਆਸ਼ਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਅਗਵਾਈ ਪ੍ਰਵੀਨ ਕੁਮਾਰੀ, ਰਾਜ ਰਾਣੀ ਨੇ ਸਾਂਝੇ ਰੂਪ ਵਿੱਚ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਤੋਂ ਇਲਾਵਾ ਇੰਦਰਜੀਤ ਕੌਰ, ਪਿੰਕੀ, ਪੂਜਾ, ਪਰੀਤੀ, ਵਿਦਿਆ ਵਤੀ, ਸਸੀ, ਅਮਨਦੀਪ ਕੌਰ, ਮਨਜੀਤ ਕੌਰ, ਪਰਮਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮਾਣ ਭੱਤਾ ਵਰਕਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਹਨਾਂ ਨੂੰ ਮਿਲਦੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕੀਤਾ ਜਾਵੇਗਾ ਅਤੇ ਵਰਕਰਾਂ ਦੀ ਤਨਖਾਹ ਵਿਚ ਹਰ ਸਾਲ ਬਣਦਾ ਵਾਧਾ ਕੀਤਾ ਜਾਵੇਗਾ ਪ੍ਰੰਤੂ ਚਾਰ ਸਾਲ ਬਾਅਦ ਵੀ ਵਰਕਰਾਂ ਦੀਆਂ ਤਨਖਾਹਾਂ ਵਿਚ ਇਕ ਟਕੇ ਦਾ ਵੀ ਵਾਧਾ ਨਹੀਂ ਕੀਤਾ ਗਿਆ ਅਤੇ ਉਹ 100 ਰੁਪਏ ਪ੍ਰਤੀ ਦਿਹਾੜੀ ਦੇ ਨਿਗੁਣੇ ਭੱਤੇ ’ਤੇ ਹੀ ਆਪਣੇ ਪਰਿਵਾਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ਼ ਚਲਾ ਰਹੀਆਂ ਹਨ। ਇਸ ਦੇ ਉਲਟ ਕੇਵਲ ਝੂਠੇ ਲਾਰੇ ਲੱਪੇ ਲਗਾ ਕੇ ਮਾਣ ਭੱਤਾ ਵਰਕਰਾਂ ਦਾ ਸ਼ੋਸ਼ਣ ਲਗਾਤਾਰ ਜਾਰੀ ਹੈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਲੀਲ੍ਹ, ਡੀਟੀਐੱਫ ਰਮਨਜੀਤ ਸਿੰਘ ਸੰਧੂ, ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਸੱਤਾ ਤੇ ਕਾਬਜ਼ ਹੋਣ ਤੋਂ ਪਹਿਲਾਂ ਹਰ ਵਰਗ ਨਾਲ ਅਨੇਕਾਂ ਹੀ ਵਾਅਦੇ ਕਰ ਕੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਵਿੱਚ ਇਹ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ। ਜਿਸ ਕਾਰਨ ਹਰ ਵਰਗ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਤੇ ਗੁੱਸੇ ਵਿੱਚ ਹੈ ਤੇ ਸਘੰਰਸ਼ ਦੇ ਮੈਦਾਨ ਵਿਚ ਹੈ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਜਾਣ ਵਾਲੇ ਆਪਣੇ ਆਖ਼ਰੀ ਬਜਟ ਵਿਚ ਮਾਣ ਭੱਤਾ ਵਰਕਰਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੈਲੀ ਉਪਰੰਤ ਸੰਜੀਵ ਅਰੋੜਾ ਦੇ ਪੀਏ ਚੇਤਨ ਕੁਮਾਰ ਵੱਲੋਂ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ ਗਿਆ।