ਮਾਈਨਿੰਗ ਮਾਫੀਆ ਦੀ ਹੁਣ ਖ਼ੈਰ ਨਹੀਂ! ਡਾ. ਤੇਜਪਾਲ ਗਿੱਲ ਨੇ ਫਸਲਾਂ ਅਤੇ ਸਰਕਾਰੀ ਸੰਪਤੀ ਦੇ ਹੋਏ ਨੁਕਸਾਨ ਦਾ ਚੁੱਕਿਆ ਮੁੱਦਾ; ਕੈਬਨਿਟ ਮੰਤਰੀ ਨੂੰ ਕਾਰਵਾਈ ਲਈ ਕਿਹਾ
ਲੁਧਿਆਣਾ ਦਿਹਾਤੀ ਦੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਚੇਅਰਮੈਨ ਪਨਗਰੇਨ ਅਤੇ ਜ਼ਿਲ੍ਹਾ ਪ੍ਰਧਾਨ ਡਾ. ਤੇਜਪਾਲ ਸਿੰਘ ਗਿੱਲ ਨੇ ਸਖ਼ਤ ਰੁੱਖ ਅਪਣਾਉਂਦੇ ਹੋਏ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਦੀ ਆੜ ਹੇਠ ਕਿਸਾਨਾਂ ਦੀਆਂ ਫਸਲਾਂ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਗਿੱਲ ਮੌਕੇ ‘ਤੇ ਪਹੁੰਚ ਕੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।
Publish Date: Sat, 18 Apr 2026 03:21 PM (IST)
Updated Date: Sat, 18 Apr 2026 03:22 PM (IST)

ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ :- ਲੁਧਿਆਣਾ ਦਿਹਾਤੀ ਦੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਚੇਅਰਮੈਨ ਪਨਗਰੇਨ ਅਤੇ ਜ਼ਿਲ੍ਹਾ ਪ੍ਰਧਾਨ ਡਾ. ਤੇਜਪਾਲ ਸਿੰਘ ਗਿੱਲ ਨੇ ਸਖ਼ਤ ਰੁੱਖ ਅਪਣਾਉਂਦੇ ਹੋਏ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਦੀ ਆੜ ਹੇਠ ਕਿਸਾਨਾਂ ਦੀਆਂ ਫਸਲਾਂ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਗਿੱਲ ਮੌਕੇ ‘ਤੇ ਪਹੁੰਚ ਕੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਦੌਰਾਨ ਮਾਈਨਿੰਗ ਵਿਭਾਗ ਅਤੇ ਹੋਰ ਸੰਬੰਧਤ ਅਧਿਕਾਰੀਆਂ ਨੂੰ ਵੀ ਮੌਕੇ ‘ਤੇ ਬੁਲਾ ਕੇ ਹਕੀਕਤ ਬਾਰੇ ਜਾਣੂ ਕਰਵਾਇਆ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡਾ. ਗਿੱਲ ਨੇ ਪੰਜਾਬ ਦੇ ਮਿੱਟੀ ਅਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਫੋਨ ‘ਤੇ ਗੱਲਬਾਤ ਕਰਕੇ ਦਰਿਆ ਵਿੱਚ ਬਣੇ ਗੈਰਕਾਨੂੰਨੀ ਬੰਨ੍ਹਾਂ ਅਤੇ ਇਸ ਨਾਲ ਪੈਦਾ ਹੋ ਸਕਦੇ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਚੇਤਾਇਆ ਕਿ ਬਰਸਾਤੀ ਮੌਸਮ ਦੌਰਾਨ ਇਹ ਹਾਲਾਤ ਸਥਾਨਕ ਲੋਕਾਂ ਲਈ ਘਾਤਕ ਸਾਬਤ ਹੋ ਸਕਦੇ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।
ਇਸ ਤੋਂ ਇਲਾਵਾ ਓਵਰਲੋਡ ਟਿੱਪਰਾਂ ਵੱਲੋਂ ਪਿੰਡਾਂ ਦੀਆਂ ਸੜਕਾਂ ਨੂੰ ਹੋ ਰਹੇ ਨੁਕਸਾਨ ਦਾ ਮਸਲਾ ਵੀ ਉਠਾਇਆ ਗਿਆ। ਡਾ. ਗਿੱਲ ਨੇ ਮੰਤਰੀ ਕੋਲ ਅਪੀਲ ਕੀਤੀ ਕਿ ਲੁਧਿਆਣਾ ਅਤੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਂਝੀ ਜਾਂਚ ਕਮੇਟੀ ਬਣਾਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੈਰਕਾਨੂੰਨੀ ਮਾਈਨਿੰਗ ਮਾਫੀਆ ਖ਼ਿਲਾਫ਼ ਕਾਰਵਾਈ ਲਈ ਵਚਨਬੱਧ ਹੈ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣਗੇ।