- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 35 ’ਚ ਆਰਐਮਸੀ ਸੜਕ ਦੇ ਨਿਰਮਾਣ ਕਾਰਜਾਂ ਦਾ ਵਿਧਾਇਕ ਛੀਨਾ ਵੱਲੋਂ ਉਦਘਾਟਨ

-ਕਿਹਾ, ਪ੍ਰੋਜੈਕਟ ਤਹਿਤ ਕਰੀਬ ਖ਼ਰਚੇ ਜਾਣਗੇ 2 ਕਰੋੜ ਰੁਪਏ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਿਧਾਇਕ ਰਾਜਿੰਰਦਪਾਲ ਕੌਰ ਛੀਨਾ ਨੇ ਅੱਜ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਵਾਰਡ ਨੰਬਰ 35 ਅਧੀਨ ਢਾਬਾ-ਲੋਹਾਰਾ ਰੋਡ 'ਤੇ ਡਾਬਾ ਤੋਂ ਲੈ ਕੇ ਸਟਾਰ ਪਬਲਿਕ ਸਕੂਲ ਤੱਕ ਬਣਨ ਵਾਲੀ ਆਧੁਨਿਕ ਆਰਐੱਮਸੀ ਸੜਕ ਦੇ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ ਗਿਆ। ਇਹ ਸੜਕ 2 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ।
ਵਿਧਾਇਕ ਛੀਨਾ ਨੇ ਕਿਹਾ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਹਜ਼ਾਰਾਂ ਲੋਕਾਂ ਨੂੰ ਬਿਹਤਰ, ਮਜ਼ਬੂਤ ਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਤੇ ਹਰ ਵਾਰਡ ਵਿੱਚ ਵਿਕਾਸ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਡਾਬਾ ਲੋਹਾਰਾ ਰੋਡ ਇਲਾਕੇ ਦੀ ਇੱਕ ਮਹੱਤਵਪੂਰਨ ਸੜਕ ਹੈ, ਜਿਸ ਤੋਂ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਅਤੇ ਸਕੂਲੀ ਬੱਚੇ ਆਵਾਜਾਈ ਕਰਦੇ ਹਨ। ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਇਲਾਕੇ ਦੀ ਦਿੱਖ ਵੀ ਬਦਲੇਗੀ ਅਤੇ ਲੋਕਾਂ ਨੂੰ ਲੰਬੇ ਸਮੇਂ ਲਈ ਉੱਚ ਗੁਣਵੱਤਾ ਵਾਲੀ ਸੜਕ ਦੀ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦੇ ਇਹ ਕੰਮ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਸਬੂਤ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਹਲਕੇ ਨੂੰ ਇੱਕ ਆਧੁਨਿਕ, ਸੁੰਦਰ ਤੇ ਵਿਕਸਤ ਇਲਾਕੇ ਵਜੋਂ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲੇਗਾ। ਇਸ ਮੌਕੇ ਵਾਰਡ ਨੰਬਰ 35 ਦੇ ਕੌਂਸਲਰ ਜਗਦੇਵ ਸਿੰਘ ਧੁੰਨਾ ਨੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਉਦਘਾਟਨ ਸਮਾਗਮ ਵਿੱਚ ਚਰਨਜੀਤ ਸਿੰਘ, ਨਗਿੰਦਰ ਸਿੰਘ, ਬਲਜੀਤ ਸਿੰਘ, ਪ੍ਰਿੰਸ ਸੋਨੀ, ਗੁਰਇਕਬਾਲ ਸਿੰਘ, ਅਰਸ਼ਦੀਪ ਸਿੰਘ, ਜਸਪਾਲ ਸਿੰਘ, ਕਿਤਾਬ ਸਿੰਘ, ਬੱਬੂ, ਜਸਪ੍ਰੀਤ ਸਿੰਘ, ਅਮਰਜੀਤ ਪ੍ਰਧਾਨ, ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਰਹੇ।