ਵਿਧਾਇਕ ਪੱਪੀ ਨੇ ਕੀਤੀ ਬਾਜ਼ਾਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਵਪਾਰੀਆਂ ਦੀਆਂ ਸਮੱਸਿਆਵਾਂ ਜਾਨਣ ਲਈ ਵਿਧਾਇਕ ਪੱਪੀ ਨੇ ਕੀਤੀ ਬਜ਼ਾਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Publish Date: Tue, 17 Mar 2026 10:50 PM (IST)
Updated Date: Wed, 18 Mar 2026 04:16 AM (IST)

ਆਪ ਵਪਾਰ ਵਿੰਗ ਦੀ ਮੀਟਿੰਗ ਦੌਰਾਨ ਵਪਾਰੀਆਂ ਨੇ ਖੁੱਲਕੇ ਦੱਸੀਆਂ ਮੁਸ਼ਕਿਲਾਂ ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਦੇ ਵਿਧਛਾਨ ਸਭਾ ਹਲਕਾ ਸੈਂਟਰਲ ਦੇ ਚੌੜਾ ਬਾਜ਼ਾਰ ਪਿੰਕ ਪਲਾਜ਼ਾ ਵਿਖੇ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੀ ਇੱਕ ਅਹਿਮ ਮੀਟਿੰਗ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਇਲਾਕੇ ਦੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਢੁਕਵੇਂ ਕਦਮ ਚੁੱਕਣ ਸਬੰਧੀ ਯੋਜਨਾ ਤਿਆਰ ਕਰਨਾ ਸੀ। ਮੀਟਿੰਗ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਲੁਧਿਆਣਾ ਸੈਂਟਰਲ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਪਾਰੀਆਂ ਨੇ ਆਪਣੇ ਇਲਾਕਿਆਂ ਵਿੱਚ ਆ ਰਹੀਆਂ ਰੋਜ਼ਾਨਾ ਸਮੱਸਿਆਵਾਂ ਨੂੰ ਖੁੱਲ੍ਹ ਕੇ ਰੱਖਿਆ, ਜਿਨ੍ਹਾਂ ਵਿੱਚ ਖਾਸ ਤੌਰ ’ਤੇ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਾਰਮਰ, ਤਹਿਬਜ਼ਾਰੀ ਨਾਲ ਸੰਬੰਧਿਤ ਮਸਲੇ, ਟ੍ਰੈਫਿਕ ਅਤੇ ਬਾਜ਼ਾਰਾਂ ਵਿੱਚ ਸੁਰੱਖਿਆ ਦੀ ਘਾਟ ਵਰਗੇ ਮੁੱਦੇ ਸ਼ਾਮਲ ਸਨ। ਇਸ ਮੌਕੇ ਵਿਧਾਇਕ ਪੱਪੀ ਨੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸ਼ਹਿਰ ਦੀ ਆਰਥਿਕ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਦੌਰਾਨ ਵਪਾਰੀਆਂ ਨੇ ਖੁੱਲਕੇ ਵਿਧਾਇਕ ਨੂੰ ਆਪਣੀਆਂ ਮੁਸ਼ਕਿਲਾਂ ਦੱਸੀਆਂ। ਮੀਟਿੰਗ ਦੌਰਾਨ ਤਹਿਬਜ਼ਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਬਾਜ਼ਾਰਾਂ ਵਿੱਚ ਵੱਧ ਰਹੀਆਂ ਜੇਬ ਕਤਰਿਆਂ ਦੀਆਂ ਘਟਨਾਵਾਂ ’ਤੇ ਚਿੰਤਾ ਜਤਾਈ ਗਈ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ’ਤੇ ਨਕੇਲ ਕਸਣ ਲਈ ਕਿਹਾ ਗਿਆ। ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ਿਆਂ ਖਿਲਾਫ ਕੀਤੀ ਜਾਣ ਵਾਲੀ ਕਾਰਵਾਈ ਦੌਰਾਨ ਕਾਨੂੰਨ ਦੀ ਪਾਲਣ ਕਰਨ ਵਾਲੇ ਵਪਾਰੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ, ਤਾਂ ਜੋ ਬਾਜ਼ਾਰਾਂ ਵਿੱਚ ਸਫ਼ਾਈ ਅਤੇ ਵਿਵਸਥਾ ਬਣੀ ਰਹੇ। ਮੀਟਿੰਗ ਦੌਰਾਨ ਪ੍ਰਤਾਪ ਬਾਜ਼ਾਰ, ਮੀਨਾ ਬਾਜ਼ਾਰ, ਚੌੜਾ ਬਾਜ਼ਾਰ, ਦਾਲ ਬਾਜ਼ਾਰ, ਸਰਾਫਾ ਬਾਜ਼ਾਰ ਅਤੇ ਦਰੇਸੀ ਬਾਜ਼ਾਰ ਦੀਆਂ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਇਸ ਦੇ ਨਾਲ ਹੀ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹੇ। ਵਿਸ਼ੇਸ਼ ਤੌਰ ’ਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਗੁਰਮੁਖ ਸਿੰਘ ਮਿੱਠੂ ਬਾਂਸਲ ਦੀ ਹਾਜ਼ਰੀ ਨੇ ਮੀਟਿੰਗ ਨੂੰ ਹੋਰ ਮਜ਼ਬੂਤੀ ਦਿੱਤੀ। ਅਖੀਰ ਵਿੱਚ ਵਿਧਾਇਕ ਪੱਪੀ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਲਗਾਤਾਰ ਕੀਤੀਆਂ ਜਾਣਗੀਆਂ, ਤਾਂ ਜੋ ਪ੍ਰਸ਼ਾਸਨ ਅਤੇ ਵਪਾਰੀਆਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ ਅਤੇ ਮਸਲਿਆਂ ਦਾ ਸਮੇਂ-ਸਿਰ ਨਿਪਟਾਰਾ ਹੋ ਸਕੇ।