- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ’ਤੇ ਜੇਐਮਕੇ ਸਕੂਲ ’ਚ ਕੱਢੀ ਪ੍ਰਭਾਤ ਫੇਰੀ

ਜਰਨੈਲ ਸਿੰਘ ਸਿੱਧੂ, ਪੰਜਾਬੀ ਜਾਗਰਣ
ਸਿੱਧਵਾਂ ਬੇਟ : ਜੇਐੱਮਕੇ ਇੰਟਰਨੈਸ਼ਨਲ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਧੂਮਧਾਮ, ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਪ੍ਰਭਾਤ ਫੇਰੀ ਵੀ ਕੱਢੀ ਗਈ, ਜਿਸ ਵਿੱਚ ਗੁਰਬਾਣੀ ਦਾ ਗੁਣਗਾਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਬੱਚਿਆਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਸੁੰਦਰ ਸ਼ਬਦ ਕੀਰਤਨ ਪੇਸ਼ ਕੀਤੇ ਗਏ। ਨੰਨ੍ਹੇ-ਮੁੰਨੇ ਬੱਚਿਆਂ ਨੇ ਆਪਣੀ ਮਿੱਠੀ ਆਵਾਜ਼ ਵਿੱਚ ਗੁਰਬਾਣੀ ਦੇ ਸ਼ਬਦ ਗਾ ਕੇ ਸਭ ਦਾ ਮਨ ਮੋਹ ਲਿਆ। ਪੂਰਾ ਸਕੂਲ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਗੂੰਜ ਉੱਠਿਆ ਅਤੇ ਸਾਰਾ ਮਾਹੌਲ ਭਗਤੀਮਈ ਹੋ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਸ਼ਰਮਾ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ, ਗੁਰਬਾਣੀ ਨਾਲ ਜੁੜਨ ਅਤੇ ਆਪਣੇ ਜੀਵਨ ਵਿੱਚ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਜੀ ਦੇ ਉਪਦੇਸ਼ਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਦੇ ਗੁਰਬਾਣੀ ਨਾਲ ਜੁੜੇ ਗਿਆਨ ਵਿੱਚ ਵਾਧਾ ਕਰਨ ਲਈ ਗੁਰਬਾਣੀ ਦੇ ਮੁਕਾਬਲੇ ਵੀ ਕਰਵਾਏ ਗਏ।