ਹਾਰਟ ਅਟੈਕ ਨਹੀਂ 'ਕਤਲ' ਸੀ: ਪੋਸਟਮਾਰਟਮ ਰਿਪੋਰਟ ਨੇ ਬੇਨਕਾਬ ਕੀਤਾ ਕਾਤਲ ਪੁੱਤ, ਨਸ਼ੇ ਦੀ ਲਤ ਨੇ ਬਣਾਇਆ ਹੈਵਾਨ
ਨਸ਼ਿਆਂ ਲਈ ਪੈਸਾ ਨਾ ਦੇਣ ਤੋਂ ਨਾਰਾਜ਼ ਹੋ ਕੇ ਇਕ ਪੁੱਤ ਨੇ ਆਪਣੀ ਮਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੀ ਮਾਂ ਦਾ ਗਲਾ ਘੁੱਟਣ ਤੋਂ ਪਹਿਲਾਂ ਉਸ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਸੀ ਅਤੇ ਉਸ ਦੀ ਛਾਤੀ ’ਤੇ ਬੈਠ ਗਿਆ ਸੀ। ਇਸ ਤੋਂ ਬਾਅਦ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਨੌਜਵਾਨ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੀ ਮਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਪਰ ਪੋਸਟਮਾਰਟਮ ’ਚ ਇਹ ਸਾਰੀਆਂ ਗੱਲਾਂ ਝੂਠੀਆਂ ਨਿਕਲੀਆਂ, ਜਿਸ ਤੋਂ ਬਾਅਦ ਥਾਣਾ ਡਾਬਾ ਦੀ ਪੁਲਿਸ ਨੇ ਮੁਲਜ਼ਮ ਬੇਟੇ ਨੂੰ ਪੋਸਟਮਾਰਟਮ ਦੌਰਾਨ ਗ੍ਰਿਫਤਾਰ ਕਰ ਲਿਆ। ਪੁਲਿਸ ਨੇ
Publish Date: Tue, 21 Apr 2026 09:39 AM (IST)
Updated Date: Tue, 21 Apr 2026 09:43 AM (IST)

ਸੰਵਾਦ ਸਹਿਯੋਗੀ, ਜਾਗਰਣ, ਲੁਧਿਆਣਾ - ਨਸ਼ਿਆਂ ਲਈ ਪੈਸਾ ਨਾ ਦੇਣ ਤੋਂ ਨਾਰਾਜ਼ ਹੋ ਕੇ ਇਕ ਪੁੱਤ ਨੇ ਆਪਣੀ ਮਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੀ ਮਾਂ ਦਾ ਗਲਾ ਘੁੱਟਣ ਤੋਂ ਪਹਿਲਾਂ ਉਸ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਸੀ ਅਤੇ ਉਸ ਦੀ ਛਾਤੀ ’ਤੇ ਬੈਠ ਗਿਆ ਸੀ। ਇਸ ਤੋਂ ਬਾਅਦ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਨੌਜਵਾਨ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੀ ਮਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਪਰ ਪੋਸਟਮਾਰਟਮ ’ਚ ਇਹ ਸਾਰੀਆਂ ਗੱਲਾਂ ਝੂਠੀਆਂ ਨਿਕਲੀਆਂ, ਜਿਸ ਤੋਂ ਬਾਅਦ ਥਾਣਾ ਡਾਬਾ ਦੀ ਪੁਲਿਸ ਨੇ ਮੁਲਜ਼ਮ ਬੇਟੇ ਨੂੰ ਪੋਸਟਮਾਰਟਮ ਦੌਰਾਨ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਪਰਵਿੰਦਰ ਸਿੰਘ ਵਜੋਂ ਹੋਈ ਹੈ। ਜੋ ਮਜ਼ਦੂਰੀ ਕਰਦਾ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਕਤਲ ਦੇ ਅਸਲ ਕਾਰਨਾਂ ਦਾ ਪਤਾ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।
ਇਸ ਮੌਕੇ ਥਾਣਾ ਹਾਊਸ ਅਫ਼ਸਰ ਪ੍ਰਮੋਦ ਰਾਜ ਨੇ ਦੱਸਿਆ ਕਿ 49 ਸਾਲਾ ਮਨਪ੍ਰੀਤ ਕੌਰ ਆਪਣੇ ਪਤੀ ਤੋਂ ਵੱਖ ਹੋ ਗਈ ਸੀ ਅਤੇ ਆਪਣੇ ਬੇਟੇ ਨਾਲ ਗਲੀ ਨੰਬਰ 5 ਬਸੰਤ ਨਗਰ, ਸ਼ਿਮਲਾਪੁਰੀ ਦੇ ਖੇਤਰ ’ਚ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ੇ ਦਾ ਆਦੀ ਹੈ ਅਤੇ ਐਤਵਾਰ ਨੂੰ ਆਪਣੀ ਮਾਂ ਤੋਂ ਪੈਸੇ ਮੰਗਣੇ ਸ਼ੁਰੂ ਕਰ ਦਿੰਦਾ ਸੀ•। ਜਦੋਂ ਉਸ ਦੀ ਮਾਂ ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਹ ਝਗੜਾ ਕਰਨ ਲੱਗਾ। ਦੋਸ਼ ਹੈ ਕਿ ਉਸ ਨੇ ਗੁੱਸੇ ਵਿੱਚ ਆ ਕੇ ਪਹਿਲਾਂ ਆਪਣੀ ਮਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਤੇ ਫਿਰ ਗਲਾ ਘੁੱਟ ਦਿੱਤਾ। ਮੁਲਜ਼ਮ ਬੇਟੇ ਨੇ ਆਪਣੀ ਮਾਂ ਦੀ ਛਾਤੀ 'ਚ ਲੱਤ ਵੀ ਮਾਰੀ ਅਤੇ ਜਦੋਂ ਉਹ ਬੇਹੋਸ਼ ਹੋ ਗਈ ਤਾਂ ਮੁਲਜ਼ਮ ਨੇ ਉਸ ਦੀ ਛਾਤੀ 'ਤੇ ਬੈਠ ਕੇ ਉਸ ਦਾ ਗਲਾ ਘੁੱਟ ਦਿੱਤਾ। ਜਿਸ ਕਾਰਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਕ ਜਦੋਂ ਉਸ ਨੇ ਦੇਖਿਆ ਕਿ ਉਸ ਦੀ ਮਾਂ ਦੀ ਮੌਤ ਹੋ ਗਈ ਹੈ ਤਾਂ ਉਹ ਲੋਕਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਲੈ ਗਿਆ। ਜਿੱਥੇ ਉਸ ਨੇ ਡਾਕਟਰਾਂ ਨੂੰ ਦੱਸਿਆ ਕਿ ਉਸ ਦੀ ਮਾਂ ਨੂੰ ਦਿਲ ਦਾ ਦੌਰਾ ਪਿਆ ਸੀ। ਜਿਸ ਤੋਂ ਬਾਅਦ ਹਸਪਤਾਲ ਦੀ ਐਮਰਜੈਂਸੀ ਦੇ ਡਾਕਟਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਦਿਲ ਦਾ ਦੌਰਾ ਪੈਣ ਕਾਰਨ ਮਰਨ ਦੀ ਗੱਲ ਰਜਿਸਟਰ ਵਿਚ ਲਿਖ ਕੇ ਲਾਸ਼ ਨੂੰ ਮੁਰਦਾਘਰ ਵਿਚ ਰੱਖ ਦਿੱਤਾ।
ਪੋਸਟਮਾਰਟਮ ’ਚ ਹੋਇਆ ਹੱਤਿਆ ਦਾ ਖੁਲਾਸਾ
ਮਿਲੀ ਜਾਣਕਾਰੀ ਮੁਤਾਬਕ ਡਾਬਾ ਥਾਣੇ ਦੀ ਪੁਲਿਸ ਸੋਮਵਾਰ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚੀ ਅਤੇ ਸ਼ੱਕ ਦੇ ਆਧਾਰ 'ਤੇ ਡਾਕਟਰਾਂ ਦੇ ਬੋਰਡ ਨੇ ਪੋਸਟਮਾਰਟਮ ਦੀ ਮੰਗ ਕੀਤੀ। ਡਾਕਟਰ ਅਭੈਦੀਪ, ਡਾਕਟਰ ਪਰਾਗ ਅਤੇ ਡਾਕਟਰ ਮਨਦੀਪ ਸਿੰਘ ਦੇ ਬੋਰਡ ਨੇ ਪੋਸਟਮਾਰਟਮ ਕਰਵਾਇਆ। ਪੋਸਟਮਾਰਟਮ ਦੌਰਾਨ ਇਹ ਖੁਲਾਸਾ ਹੋਇਆ ਕਿ ਹਮਲੇ ਕਾਰਨ ਔਰਤ ਦਾ ਜਿਗਰ, ਫੇਫੜੇ ਅਤੇ ਇੱਥੋਂ ਤੱਕ ਕਿ ਉਸ ਦੀਆਂ ਪਸਲੀਆਂ ਵੀ ਟੁੱਟ ਗਈਆਂ ਸਨ। ਜਿਸ ਤੋਂ ਬਾਅਦ ਉਸ ਦੇ ਹੱਥਾਂ ਨਾਲ ਉਸ ਦਾ ਗਲਾ ਘੁੱਟ ਦਿੱਤਾ ਗਿਆ। ਪੋਸਟਮਾਰਟਮ ਤੋਂ ਬਾਅਦ ਬਿਸਰਾ ਨੂੰ ਵੀ ਅੰਤਮ ਰਿਪੋਰਟ ਲਈ ਜਾਂਚ ਲਈ ਭੇਜਿਆ ਗਿਆ। ਡਾਕਟਰਾਂ ਨੇ ਜਾਂਚ ਅਧਿਕਾਰੀ ਨੂੰ ਇਸ ਬਾਰੇ ਦੱਸਿਆ। ਸੂਤਰਾਂ ਮੁਤਾਬਕ ਜਦੋਂ ਪੁਲਿਸ ਨੇ ਮੁਰਦਾਘਰ ਦੇ ਬਾਹਰ ਮ੍ਰਿਤਕ ਔਰਤ ਦੇ ਬੇਟੇ ਅਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕੀਤੀ ਤਾਂ ਮੁਲਜ਼ਮ ਡਰ ਗਿਆ ਤੇ ਘਬਰਾਹਟ ’ਚ ਸਭ ਕੁਝ ਦੱਸ ਦਿੱਤਾ। ਜਦੋਂ ਪੁਲਿਸ ਨੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਮੁਰਦਾਘਰ ਦੇ ਬਾਹਰੋਂ ਗ੍ਰਿਫਤਾਰ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਬੇਟੇ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਜਾਵੇਗਾ।