- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਵਾਂ-ਧੀਆਂ ਦੀ ਲਲਕਾਰ, ਖ਼ਤਮ ਕਰਾਵਾਂਗੇ ਨਸ਼ੇ ਦਾ ਵਪਾਰ: ਬੀਬਾ ਹਰਸਿਮਰਤ ਕੌਰ ਬਾਦਲ

ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ
ਸਮਰਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਵਪਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਮੁਹਿੰਮ ਵਿੱਚ ਮਾਵਾਂ-ਧੀਆਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ਾਹੀ ਪੈਲੇਸ, ਖੰਨਾ ਰੋਡ, ਸਮਰਾਲਾ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ, ਖ਼ਤਮ ਕਰਾਵਾਂਗੇ ਨਸ਼ੇ ਦਾ ਵਪਾਰ’ ਦੇ ਨਾਅਰੇ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਅਗਵਾਈ ਹਲਕਾ ਸਮਰਾਲਾ ਦੇ ਆਗੂ ਸਰਦਾਰ ਪਰਮਜੀਤ ਸਿੰਘ ਢਿੱਲੋਂ ਨੇ ਕੀਤੀ। ਇਸ ਮੌਕੇ ਸਰਦਾਰ ਪਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਇਸ ਮੁਹਿੰਮ ਵਿੱਚ ਮਾਵਾਂ ਅਤੇ ਧੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਮਕਸਦ ਲਈ ਮਾਈ ਭਾਗੋ ਦੀ ਫੌਜ ਤਿਆਰ ਕੀਤੀ ਜਾ ਰਹੀ ਹੈ।
ਇਸ ਦੌਰਾਨ ਸਰਦਾਰ ਪਰਮਜੀਤ ਸਿੰਘ ਢਿੱਲੋਂ ਨੇ ਮੁਸ਼ਕਾਬਾਦ ਵਿਖੇ ਲਗਭਗ 60 ਏਕੜ ਰਕਬੇ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਮੇਜਰ ਫੂਡ ਪ੍ਰੋਸੈਸਿੰਗ ਯੂਨਿਟ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਦੱਸਿਆ ਕਿ ਸਾਲ 2017 ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਸੀ, ਪਰ ਬਾਅਦ ਦੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਵੱਲੋਂ ਇਸ ਨੂੰ ਅੱਗੇ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਮੁੜ ਚਾਲੂ ਕਰਵਾਉਣ ਲਈ ਯਤਨ ਕੀਤੇ ਜਾਣ, ਤਾਂ ਜੋ ਇਲਾਕੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਹਰ ਗਰੀਬ ਪਰਿਵਾਰ ਨੂੰ ਪ੍ਰਤੀ ਮਹੀਨਾ 50 ਕਿਲੋ ਕਣਕ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਗਰੀਬ ਪਰਿਵਾਰਾਂ ਨੂੰ ਆਪਣੇ ਘਰ ਬਣਾਉਣ ਲਈ 5-5 ਮਰਲੇ ਦੇ ਪਲਾਟ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਆਸ਼ੀਰਵਾਦ ਸਕੀਮ ਦੀ ਰਾਸ਼ੀ ਵਧਾ ਕੇ ਇੱਕ ਲੱਖ ਰੁਪਏ ਕੀਤੀ ਜਾਵੇਗੀ। ਸਮਾਗਮ ਵਿੱਚ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੁਖਪ੍ਰੀਤ ਕੌਰ ਢਿੱਲੋਂ ਜੀ (ਪਤਨੀ ਸਰਦਾਰ ਪਰਮਜੀਤ ਸਿੰਘ ਢਿੱਲੋਂ)ਪਰਮਜੀਤ ਕੌਰ ਕੰਗ, ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ, ਪ੍ਰਕਾਸ਼ ਕੌਰ, ਸ਼ਹਿਰੀ ਪ੍ਰਧਾਨ ਇਸਤਰੀ ਅਕਾਲੀ ਦਲ, ਹਰਜਿੰਦਰ ਕੌਰ ਪਵਾਤ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤੇਜਿੰਦਰ ਕੌਰ ਢਿੱਲੋਂ , ਹਰਸ਼ਰਨ ਕੌਰ ਕੋਟਾਲਾ, ਮਨਦੀਪ ਕੌਰ ਢਿੱਲੋਂ ਸੁਰਿੰਦਰ ਕੌਰ ਕੌਫੀ,ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਪਰਮਜੀਤ ਕੌਰ ਰੰਧਾਵਾ, ਕੁਲਵਿੰਦਰ ਕੌਰ ਮਾਛੀਵਾੜਾ, ਜਸਵੰਤ ਕੌਰ, ਕਲਦੀਪ ਕੌਰ, ਗੁਰਵਿੰਦਰ ਕੌਰ ਕੋਟਾਲਾ ਬੇਟ ਅਤੇ ਅਮਰਿੰਦਰ ਕੌਰ ਮਲਮਾਜਰਾ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।