- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਗਮ ਕਮਿਸ਼ਨਰ ਤੇ ਸੀਨੀਅਰ ਡਿਪਟੀ ਮੇਅਰ ਨੇ ਪੁਰਾਣੇ ਸ਼ਹਿਰ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

-‘ਮਿਸ਼ਨ ਕਲੀਨ ਪੰਜਾਬ’ : ਨਿਗਮ ਕਮਿਸ਼ਨਰ ਤੇ ਸੀਨੀਅਰ ਡਿਪਟੀ ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਗਰ ਨਿਗਮ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼ੁੱਕਰਵਾਰ ਨੂੰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਪੁਰਾਣੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸਥਾਨਕ ਵਸਨੀਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ।
ਦੌਰੇ ਦੀ ਸ਼ੁਰੂਆਤ ਦੁਰਗਾ ਮਾਤਾ ਮੰਦਰ ਦੇ ਨੇੜਲੇ ਇਲਾਕੇ ਤੋਂ ਕੀਤੀ ਗਈ, ਜਿੱਥੇ ਅਧਿਕਾਰੀਆਂ ਨੇ ਨਿਵਾਸੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਦੌਰਾਨ ਲੋਕਾਂ ਨੇ ਆਪਣੇ ਇਲਾਕਿਆਂ ਵਿੱਚ ਸਫ਼ਾਈ, ਨਾਲਿਆਂ ਦੀ ਸੰਭਾਲ ਅਤੇ ਕੂੜਾ ਚੁੱਕਣ ਸਬੰਧੀ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਫੀਡਬੈਕ ਦੇ ਆਧਾਰ ’ਤੇ ਲੋੜੀਂਦੇ ਕਦਮ ਚੁੱਕੇ ਜਾਣਗੇ।
ਇਸ ਤੋਂ ਬਾਅਦ ਰਾਕੇਸ਼ ਪਰਾਸ਼ਰ ਅਤੇ ਓਜਸਵੀ ਅਲੰਕਾਰ ਨੇ ਜਗਰਾਉਂ ਪੁਲ, ਰੇਲਵੇ ਸਟੇਸ਼ਨ ਰੋਡ, ਚੌੜਾ ਬਾਜ਼ਾਰ, ਗੁੜ ਮੰਡੀ, ਤਾਲਾਬ ਬਾਜ਼ਾਰ ਅਤੇ ਨਗਰ ਨਿਗਮ ਜ਼ੋਨ-ਏ ਦਫ਼ਤਰ ਦੇ ਆਸ-ਪਾਸ ਦੇ ਇਲਾਕਿਆਂ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਸਫ਼ਾਈ ਪ੍ਰਬੰਧਾਂ, ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਅਤੇ ਨਾਲਿਆਂ ਦੀ ਹਾਲਤ ਦਾ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੇ ਮੌਕੇ ’ਤੇ ਹੀ ਸੰਬੰਧਤ ਕਰਮਚਾਰੀਆਂ ਨੂੰ ਸਫ਼ਾਈ ਵਿਵਸਥਾ ਵਿੱਚ ਹੋਰ ਸੁਧਾਰ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।
ਦੌਰੇ ਦੌਰਾਨ ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪਾਲ ਸਿੰਘ, ਕਾਰਜਕਾਰੀ ਇੰਜੀਨੀਅਰ ਰਮਨ ਕੌਸ਼ਲ, ਸੀ.ਐਸ.ਆਈ. ਰਵੀ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਅਧਿਕਾਰੀਆਂ ਨੇ ਮੌਕੇ ’ਤੇ ਵੱਖ-ਵੱਖ ਮੁੱਦਿਆਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ।
ਨਿਰੀਖਣ ਦੌਰਾਨ ਤਾਲਾਬ ਬਾਜ਼ਾਰ ਨਾਲੇ ਦਾ ਵੀ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲਿਆ ਗਿਆ। ਇਹ ਨਾਲਾ ਪੁਰਾਣੇ ਸ਼ਹਿਰ ਦੇ ਕਈ ਹਿੱਸਿਆਂ ਵਿੱਚੋਂ ਲੰਘਦਾ ਹੈ ਅਤੇ ਮਾਨਸੂਨ ਦੌਰਾਨ ਇਸ ਦੀ ਸਫ਼ਾਈ ਬਹੁਤ ਮਹੱਤਵਪੂਰਨ ਮੰਨੀ ਜਾਂਦੀ ਹੈ। ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਦੱਸਿਆ ਕਿ ਬੁੱਢੇ ਦਰਿਆ ਵਿੱਚੋਂ ਗਾਰ ਕੱਢਣ ਦੇ ਕੰਮ ਦੇ ਨਾਲ-ਨਾਲ ਅੰਦਰੂਨੀ ਨਾਲਿਆਂ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਬਰਸਾਤੀ ਮੌਸਮ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਨਾ ਆਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਸਾਰੇ ਲੁੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਕਮਿਸ਼ਨਰ ਓਜਸਵੀ ਅਲੰਕਾਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦਾ ਟੀਚਾ ਸਿਰਫ਼ ਨਗਰ ਨਿਗਮ ਦੇ ਯਤਨਾਂ ਨਾਲ ਪੂਰਾ ਨਹੀਂ ਹੋ ਸਕਦਾ, ਸਗੋਂ ਇਸ ਲਈ ਨਾਗਰਿਕਾਂ ਦਾ ਸਹਿਯੋਗ ਵੀ ਬਰਾਬਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਫੀਡਬੈਕ ਸਫ਼ਾਈ ਪ੍ਰਬੰਧਾਂ ਵਿੱਚ ਸੁਧਾਰ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ ਅਤੇ ਨਿਗਮ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਸਥਾਨਕ ਨਿਵਾਸੀਆਂ ਨੇ ਕਿਹਾ ਕਿ ਜਦੋਂ ਸੀਨੀਅਰ ਅਧਿਕਾਰੀ ਖੁਦ ਮੌਕੇ ’ਤੇ ਪਹੁੰਚ ਕੇ ਸਮੱਸਿਆਵਾਂ ਨੂੰ ਸਮਝਦੇ ਹਨ ਤਾਂ ਉਨ੍ਹਾਂ ਦੇ ਹੱਲ ਦੀ ਉਮੀਦ ਹੋਰ ਵੱਧ ਜਾਂਦੀ ਹੈ। ਲੋਕਾਂ ਨੇ ਸ਼ਹਿਰ ਨੂੰ ਸਾਫ ਤੇ ਸਵੱਛ ਬਨਾਉਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ ਦਾ ਭਰੌਸਾ ਦਿੱਤਾ।