ਫਲੋ ਮੀਟਰ ਲਾਉਣ ਤੇ ਗੋਹੇ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਡੇਅਰੀ ਸੰਚਾਲਕ
ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਡੇਅਰੀ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
Publish Date: Thu, 21 May 2026 10:30 PM (IST)
Updated Date: Fri, 22 May 2026 04:17 AM (IST)

ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਡੇਅਰੀ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ --- ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਗੋਹੇ ਦੀ ਸਮੱਸਿਆ, ਗੰਦੇ ਪਾਣੀ ਦੇ ਪ੍ਰਬੰਧਨ ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟ (ਈਟੀਪੀ) ਦੇ ਸੁਚਾਰੂ ਸੰਚਾਲਨ ਨੂੰ ਲੈ ਕੇ ਨਗਰ ਨਿਗਮ ਲੁਧਿਆਣਾ ਵੱਲੋਂ ਹੁਣ ਗੰਭੀਰ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਵੀਰਵਾਰ ਨੂੰ ਜ਼ੋਨ ਡੀ ਦਫ਼ਤਰ ਵਿਖੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਮੈਂਬਰਾਂ, ਡੇਅਰੀ ਐਸੋਸੀਏਸ਼ਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਡੇਅਰੀਆਂ ਤੋਂ ਨਿਕਲਣ ਵਾਲੇ ਗੋਹੇ ਦੀ ਨਿਯਮਤ ਲਿਫਟਿੰਗ ਅਤੇ ਗੰਦੇ ਪਾਣੀ ਦੀ ਢੰਗ ਨਾਲ ਟ੍ਰੀਟਮੈਂਟ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਦੌਰਾਨ ਕਮਿਸ਼ਨਰ ਡਾ. ਗੁਪਤਾ ਨੇ ਡੇਅਰੀ ਮਾਲਕਾਂ ਅਤੇ ਗੋਹੇ ਦੀ ਲਿਫਟਿੰਗ ਲਈ ਨਿਯੁਕਤ ਠੇਕੇਦਾਰ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਡੇਅਰੀ ਕੰਪਲੈਕਸ ਵਿੱਚ ਸਫ਼ਾਈ ਅਤੇ ਪ੍ਰਦੂਸ਼ਣ ਨਿਯੰਤਰਣ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੋਹੇ ਦੀ ਸਮੇਂ-ਸਿਰ ਲਿਫਟਿੰਗ ਨਾ ਹੋਣ ਕਾਰਨ ਨਾ ਸਿਰਫ਼ ਸਫ਼ਾਈ ਪ੍ਰਣਾਲੀ ਪ੍ਰਭਾਵਿਤ ਹੁੰਦੀ ਹੈ, ਸਗੋਂ ਇਲਾਕੇ ਦੇ ਲੋਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਲਿਫਟਿੰਗ ਦੀ ਪ੍ਰਕਿਰਿਆ ਨਿਯਮਤ ਅਤੇ ਸੁਚਾਰੂ ਢੰਗ ਨਾਲ ਚਲਾਈ ਜਾਵੇ। ਇਸ ਦੇ ਨਾਲ ਹੀ ਡਾ. ਗੁਪਤਾ ਨੇ ਡੇਅਰੀ ਮਾਲਕਾਂ ਨੂੰ ਆਪਣੇ ਯੂਨਿਟਾਂ ਵਿੱਚ ਫਲੋ ਮੀਟਰ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਲੋ ਮੀਟਰ ਲੱਗਣ ਨਾਲ ਹਰ ਡੇਅਰੀ ਵਿੱਚ ਵਰਤੇ ਅਤੇ ਨਿਕਲਣ ਵਾਲੇ ਪਾਣੀ ਦੀ ਸਹੀ ਜਾਣਕਾਰੀ ਮਿਲ ਸਕੇਗੀ, ਜਿਸ ਨਾਲ ਭਵਿੱਖ ਲਈ ਢੁੱਕਵੀਆਂ ਯੋਜਨਾਵਾਂ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ੁਰੂਆਤੀ ਪੜਾਅ ਵਿੱਚ ਕੁਝ ਇਕਾਈਆਂ ਵਿੱਚ ਪਾਇਲਟ ਪ੍ਰਾਜੈਕਟ ਤਹਿਤ ਫਲੋ ਮੀਟਰ ਲਗਾਏ ਜਾ ਸਕਦੇ ਹਨ, ਜਿਸ ਤੋਂ ਬਾਅਦ ਇਸ ਪ੍ਰਣਾਲੀ ਨੂੰ ਹੋਰ ਡੇਅਰੀਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਕਮਿਸ਼ਨਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਈਟੀਪੀ ਦੇ ਸਹੀ ਕੰਮਕਾਜ ਨੂੰ ਲੈ ਕੇ ਵੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਡੇਅਰੀਆਂ ਤੋਂ ਨਿਕਲਣ ਵਾਲਾ ਗੰਦਾ ਪਾਣੀ ਬਿਨ੍ਹਾਂ ਟ੍ਰੀਟਮੈਂਟ ਦੇ ਬਾਹਰ ਨਾ ਜਾਵੇ ਅਤੇ ਵਾਤਾਵਰਣ ਨੂੰ ਨੁਕਸਾਨ ਨਾ ਪਹੁੰਚੇ। ਉਨ੍ਹਾਂ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਅਤੇ ਸਬੰਧਤ ਵਿਭਾਗਾਂ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਇਲਾਕੇ ਵਿੱਚ ਸਫ਼ਾਈ ਅਤੇ ਪ੍ਰਦੂਸ਼ਣ ਨਿਯੰਤਰਣ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਮੀਟਿੰਗ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਏਸੀਪੀ ਜਸਪ੍ਰੀਤ ਸਿੰਘ, ਓਐਂਡਐਮ ਸੈਲ ਦੇ ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਕਾਰਜਕਾਰੀ ਇੰਜੀਨੀਅਰ (ਪੀਡਬਲਯੂਐਸਐਸਬੀ) ਬਲਰਾਜ ਸਿੰਘ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡੇਅਰੀ ਵਿਕਾਸ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਡੇਅਰੀ ਕੰਪਲੈਕਸ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ।