ਨਿਗਮ ਕਮਿਸ਼ਨਰ ਨੇ ਡੇਅਰੀ ਕੰਪਲੈਕਸ ਸਾਈਟਾਂ ਦਾ ਕੀਤਾ ਨਿਰੀਖਣ
ਨਗਰ ਨਿਗਮ ਕਮਿਸ਼ਨਰ ਨੇ ਡੇਅਰੀ ਕੰਪਲੈਕਸ ਸਾਈਟਾਂ ਦਾ ਕੀਤਾ ਨਿਰੀਖਣ, ਗੋਬਰ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਦਿੱਤੇ ਸਖ਼ਤ ਨਿਰਦੇਸ਼
Publish Date: Wed, 18 Feb 2026 10:46 PM (IST)
Updated Date: Thu, 19 Feb 2026 04:13 AM (IST)

ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਗੋਬਰ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਦਿੱਤੇ ਸਖ਼ਤ ਨਿਰਦੇਸ਼ ਨਿਗਮ ਕਮਿਸ਼ਨਰ ਨੇ ਮੁੱਖ ਡੰਪ ਸਾਈਟ ਤੇ ਕੂੜੇ ਦੇ ਨਿਪਟਾਰੇ ਦੇ ਚੱਲ ਰਹੇ ਕੰਮਾਂ ਦਾ ਵੀ ਕੀਤਾ ਨਿਰੀਖਣ ਫੋਟੋ 41, 42 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਮਹਾਨਗਰ ਲੁਧਿਆਣਾ ਲਈ ਵੱਡੀ ਸਮੱਸਿਆ ਬਣੇ ਹੋਏ ਬੁੱਢਾ ਦਰਿਆ ਨੂੰ ਪ੍ਰਦੂਸ਼ਨ ਮੁਕਤ ਕਰਨ ਲਈ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਤਾਂ ਲਗਾਤਾਰ ਉਪਰਾਲੇ ਕਰ ਹੀ ਰਹੇ ਹਨ ਉਨ੍ਹਾਂ ਦੇ ਨਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਵੱਲੋਂ ਵੀ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਤੇ ਲਗਾਤਾਰ ਨਜ਼ਰ ਰੱਖੀ ਹੋਈ। ਕੁਝ ਦਿਨਾਂ ਤੱਕ ਰਾਜਪਾਲ ਬੁੱਢਾ ਦਰਿਆ ਦੇ ਹਲਾਤਾਂ ਨੂੰ ਦੇਖਣ ਲਈ ਲੁਧਿਆਣਾ ਆ ਰਹੇ ਹਨ। ਉਨ੍ਹਾਂ ਦੀ ਆਮਦ ਤੋਂ ਪਹਿਲਾਂ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਬੁੱਧਵਾਰ ਨੂੰ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਡੇਅਰੀ ਕੰਪਲੈਕਸਾਂ ਤੋਂ ਗੋਬਰ ਦੀ ਨਿਯਮਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਗੋਬਰ ਬੁੱਢੇ ਦਰਿਆ ਵਿੱਚ ਨਾ ਜਾਵੇ। ਇਸ ਮੌਕੇ ਤੇ ਗੋਬਰ ਦੀ ਲਿਫਟਿੰਗ ਲਈ ਨਿਯੁਕਤ ਕੀਤੇ ਠੇਕੇਦਾਰ ਅਤੇ ਡੇਅਰੀ ਮਾਲਕਾਂ ਦੇ ਨੁਮਾਇੰਦੇ ਵੀ ਮੌਜੂਦ ਸਨ। ਡੇਅਰੀ ਕੰਪਲੈਕਸਾਂ ਤੋਂ ਗੋਬਰ ਦੀ ਬੇਰੋਕ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਕੀਤੇ ਗਏ ਹਨ। ਕਮਿਸ਼ਨਰ ਦੇ ਨਿਰੀਖਣ ਦੌਰਾਨ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਨਿਗਰਾਨ ਇੰਜੀਨੀਅਰ ਹਰਪ੍ਰੀਤ ਸਿੰਘ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਕਾਰਜਕਾਰੀ ਇੰਜੀਨੀਅਰ ਅਰਵਿੰਦ ਕੁਮਾਰ, ਕਾਰਜਕਾਰੀ ਇੰਜੀਨੀਅਰ (ਪੀਡਬਲਯੂਐਸਐਸਬੀ) ਬਲਰਾਜ, ਐਸਡੀਓ ਅਰਜੁਨ ਸਿੱਕਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਨਿਯਮਤ ਤੌਰ ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਡੇਅਰੀ ਕੰਪਲੈਕਸਾਂ ਦੇ ਦੌਰੇ ਦੌਰਾਨ, ਗੋਬਰ ਦੀ ਨਿਯਮਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨੂੰ ਡੇਅਰੀ ਵੇਸਟ ਨੂੰ ਟ੍ਰੀਟ ਕਰਨ ਲਈ ਸਥਾਪਿਤ ਕੀਤੇ ਗਏ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈਟੀਪੀ) ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਸਬੰਧਤ ਅਧਿਕਾਰੀਆਂ ਨੂੰ ਡੇਅਰੀ ਕੰਪਲੈਕਸਾਂ ਵਿੱਚ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਡੇਅਰੀ ਮਾਲਕਾਂ ਨੂੰ ਅਪੀਲ ਕਰਦੇ ਹੋਏ ਕਿ ਉਹ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਬੁੱਢੇ ਦਰਿਆ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ, ਡਾ. ਗੁਪਤਾ ਨੇ ਕਿਹਾ ਕਿ ਜੇਕਰ ਕੋਈ ਅਜੇ ਵੀ ਸੀਵਰ ਲਾਈਨਾਂ ਜਾਂ ਬੁੱਢੇ ਦਰਿਆ ਵਿੱਚ ਗੋਬਰ ਸੁੱਟਦਾ ਫੜਿਆ ਜਾਂਦਾ ਹੈ ਤਾਂ ਅਧਿਕਾਰੀਆਂ ਨੂੰ ਮਜਬੂਰਨ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਪਵੇਗੀ। ਡਾ. ਗੁਪਤਾ ਨੇ ਕਿਹਾ ਕਿ ਸੀਨੀਅਰ ਨਗਰ ਨਿਗਮ ਅਧਿਕਾਰੀ ਨਿਯਮਤ ਤੌਰ ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਹ ਆਉਣ ਵਾਲੇ ਦਿਨਾਂ ਵਿੱਚ ਜ਼ਮੀਨੀ ਪੱਧਰ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਦੁਬਾਰਾ ਨਿਰੀਖਣ ਕਰਨਗੇ। ਨਗਰ ਨਿਗਮ ਕਮਿਸ਼ਨਰ ਨੇ ਕੂੜੇ ਦੇ ਨਿਪਟਾਰੇ ਲਈ ਚੱਲ ਰਹੇ ਕੰਮਾਂ ਦੀ ਕੀਤੀ ਸਮੀਖਿਆ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਤਾਜਪੁਰ ਰੋਡ ਤੇ ਨਗਰ ਨਿਗਮ ਦੇ ਮੁੱਖ ਡੰਪ ਸਾਈਟ ਤੇ ਪੁਰਾਣੇ ਅਤੇ ਤਾਜ਼ੇ ਕੂੜੇ ਦੇ ਨਿਪਟਾਰੇ ਲਈ ਚੱਲ ਰਹੇ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ। ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਬਾਕੀ ਰਹਿੰਦੇ ਲਗਭਗ 20 ਲੱਖ ਮੀਟ੍ਰਿਕ ਟਨ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਪ੍ਰੋਜੈਕਟ ਦਾ ਦੂਜਾ ਪੜਾਅ ਵੀ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ। ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਪੁਰਾਣੇ ਅਤੇ ਤਾਜ਼ੇ ਕੂੜੇ ਦਾ ਨਿਪਟਾਰਾ ਕਰਨ ਵਾਲੇ ਠੇਕੇਦਾਰਾਂ ਨੂੰ ਕੰਮਾਂ ਨੂੰ ਤੇਜ਼ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।