- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜ ਦਿਨਾਂ ਵਿੱਚ ਨਗਰ ਨਿਗਮ ਨੇ 61 ਗੈਰ-ਕਾਨੂੰਨੀ ਉਸਾਰੀਆਂ ਦੇ ਕੀਤੇ ਚਲਾਨ

-ਨਿਗਮ ਕਮਿਸ਼ਨਰ ਨੇ ਨਿਯਮ ਤੋੜਨ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਸਨਅਤੀ ਸ਼ਹਿਰ ਲੁਧਿਆਣਾ ਵਿੱਚ ਗੈਰ-ਕਾਨੂੰਨੀ ਉਸਾਰੀਆਂ 'ਤੇ ਨੱਥ ਪਾਉਣ ਲਈ ਨਿਗਮ ਦੀ ਬਿਲਡਿੰਗ ਸ਼ਾਖਾ ਨੇ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਸਖ਼ਤ ਨਿਰਦੇਸ਼ਾਂ 'ਤੇ ਬਿਲਡਿੰਗ ਸ਼ਾਖਾ ਨੇ ਪਿਛਲੇ 5 ਦਿਨਾਂ ਦੌਰਾਨ ਵੱਡੀ ਕਾਰਵਾਈ ਕਰਦਿਆਂ 61 ਗੈਰ-ਕਾਨੂੰਨੀ ਇਮਾਰਤਾਂ ਦੇ ਮਾਲਕਾਂ ਵਿਰੁੱਧ ਚਲਾਨ ਜਾਰੀ ਕੀਤੇ ਹਨ। ਇਸ ਕਾਰਵਾਈ ਨਾਲ ਨਿਯਮਾਂ ਦੀ ਉਲੰਘਣਾ ਕਰਕੇ ਉਸਾਰੀਆਂ ਕਰਨ ਵਾਲਿਆਂ ਵਿੱਚ ਹੜਕੰਪ ਮੱਚ ਗਿਆ ਹੈ।
ਨਿਗਮ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਸ਼ਹਿਰ ਵਿੱਚ ਬਿਨ੍ਹਾਂ ਮਨਜ਼ੂਰੀ ਜਾਂ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਕਰਕੇ ਹੋ ਰਹੀਆਂ ਉਸਾਰੀਆਂ ਨੂੰ ਰੋਕਣਾ ਹੈ। ਕਮਿਸ਼ਨਰ ਓਜਸਵੀ ਅਲੰਕਾਰ ਅਤੇ ਸੰਯੁਕਤ ਕਮਿਸ਼ਨਰ-ਕਮ-ਬਿਲਡਿੰਗ ਸ਼ਾਖਾ ਦੇ ਮੁਖੀ ਤਪਨ ਭਨੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਾਰੇ ਜ਼ੋਨਾਂ ਵਿੱਚ ਤਾਇਨਾਤ ਟੀਮਾਂ ਲਗਾਤਾਰ ਮੈਦਾਨ ਵਿੱਚ ਉਤਰ ਕੇ ਨਿਗਰਾਨੀ ਕਰ ਰਹੀਆਂ ਹਨ। ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਮੁਤਾਬਕ ਜਿਨ੍ਹਾਂ ਇਮਾਰਤਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਵਿੱਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਇਮਾਰਤਾਂ ਸ਼ਾਮਲ ਹਨ। ਕਈ ਥਾਵਾਂ 'ਤੇ ਬਿਨ੍ਹਾਂ ਮਨਜ਼ੂਰਸ਼ੁਦਾ ਨਕਸ਼ੇ ਦੇ ਉਸਾਰੀ ਕੀਤੀ ਜਾ ਰਹੀ ਸੀ, ਜਦਕਿ ਕੁਝ ਮਾਮਲਿਆਂ ਵਿੱਚ ਮਨਜ਼ੂਰਸ਼ੁਦਾ ਪਲਾਨ ਤੋਂ ਹੱਟ ਕੇ ਨਿਰਮਾਣ ਕੀਤਾ ਜਾ ਰਿਹਾ ਸੀ। ਅਜਿਹੀਆਂ ਸਾਰੀਆਂ ਉਲੰਘਣਾਵਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਦੇ ਨਾਲ ਹੀ ਨਿਗਮ ਨੇ ਪਿਛਲੇ ਸਮੇਂ ਦੌਰਾਨ ਜਾਰੀ ਕੀਤੇ ਗਏ ਬਕਾਇਆ ਚਲਾਨਾਂ ਦੀ ਵਸੂਲੀ ਵਿੱਚ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਬਕਾਇਆ ਰਾਸ਼ੀ ਦੀ ਰਿਕਵਰੀ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਹਰ ਕੇਸ ਦੀ ਨਿਯਮਤ ਸਮੀਖਿਆ ਕੀਤੀ ਜਾਵੇ। ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਕਿਹਾ ਕਿ ਸ਼ਹਿਰ ਵਿੱਚ ਗੈਰ-ਕਾਨੂੰਨੀ ਉਸਾਰੀਆਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ 'ਤੇ ਫੀਲਡ ਵਿੱਚ ਰਹਿ ਕੇ ਆਪਣੇ-ਆਪਣੇ ਖੇਤਰਾਂ ਦੀ ਜਾਂਚ ਕਰਨ ਅਤੇ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ 'ਤੇ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਗਰ ਨਿਗਮ ਸ਼ਹਿਰ ਵਿੱਚ ਯੋਜਨਾਬੱਧ ਅਤੇ ਨਿਯਮਾਂ ਅਨੁਸਾਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਮਿਸ਼ਨਰ ਅਲੰਕਾਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀ ਇਮਾਰਤ ਦਾ ਨਿਰਮਾਣ ਸ਼ੁਰੂ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਲਾਜ਼ਮੀ ਤੌਰ 'ਤੇ ਮਨਜ਼ੂਰ ਕਰਵਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬਿਨ੍ਹਾਂ ਮਨਜ਼ੂਰੀ ਜਾਂ ਨਿਯਮਾਂ ਦੀ ਉਲੰਘਣਾ ਕਰਕੇ ਕੀਤੀਆਂ ਉਸਾਰੀਆਂ ਵਿਰੁੱਧ ਚਲਾਨ, ਸੀਲਿੰਗ ਅਤੇ ਢਾਹੁਣ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਗਰ ਨਿਗਮ ਦੀ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।