- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਚਲੂ ਨਗਰ ਵਿੱਚ ਗੈਰ-ਕਾਨੂੰਨੀ ਉਸਾਰੀ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ

-ਨਿਯਮਾਂ ਦੀ ਉਲੰਘਣਾ ਕਰ ਕੇ ਬਣਿਆ ਇਮਾਰਤ ਦਾ ਹਿੱਸਾ ਢਾਹਿਆ
32)
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰ ਵਿੱਚ ਗੈਰ-ਕਾਨੂੰਨੀ ਉਸਾਰੀਆਂ 'ਤੇ ਸ਼ਿਕੰਜਾ ਕੱਸਦੇ ਹੋਏ ਨਿਗਮ ਲੁਧਿਆਣਾ ਨੇ ਸ਼ੁੱਕਰਵਾਰ ਨੂੰ ਕਿਚਲੂ ਨਗਰ ਇਲਾਕੇ ਵਿੱਚ ਇੱਕ ਇਮਾਰਤ ਦੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਹਿੱਸੇ ਨੂੰ ਢਾਹ ਦਿੱਤਾ। ਨਗਰ ਨਿਗਮ ਵੱਲੋਂ ਇਹ ਕਾਰਵਾਈ ਇਲਾਕੇ ਦੀ ਵੈੱਲਫੇਅਰ ਸੁਸਾਇਟੀ ਵੱਲੋਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ। ਨਿਗਮ ਦੀ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਨਿਰਮਾਣ ਦੀ ਜਾਂਚ ਕੀਤੀ ਅਤੇ ਨਿਯਮਾਂ ਦੀ ਉਲੰਘਣਾ ਸਾਬਤ ਹੋਣ ਤੋਂ ਬਾਅਦ ਗੈਰ-ਕਾਨੂੰਨੀ ਹਿੱਸੇ ਨੂੰ ਮਸ਼ੀਨਾਂ ਦੀ ਮਦਦ ਨਾਲ ਢਾਹ ਦਿੱਤਾ।
ਨਿਗਮ ਦੇ ਐੱਮਟੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਸਬੰਧਿਤ ਇਮਾਰਤ ਵਿਚ ਬਿਲਡਿੰਗ ਬਾਇਲਾਜ਼ ਦੀ ਉਲੰਘਣਾ ਕਰਦਿਆਂ ਹਾਊਸ ਲਾਈਨ ਵਾਲੇ ਹਿੱਸੇ ਵਿੱਚ ਗੈਰ-ਕਾਨੂੰਨੀ ਨਿਰਮਾਣ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਨਿਰਮਾਣ ਮਨਜ਼ੂਰਸ਼ੁਦਾ ਨਕਸ਼ੇ ਅਤੇ ਨਿਯਮਾਂ ਦੇ ਉਲਟ ਹੋਣ ਕਾਰਨ ਇਸ ਨੂੰ ਹਟਾਉਣਾ ਲਾਜ਼ਮੀ ਸੀ। ਕਾਰਵਾਈ ਦੌਰਾਨ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨਾ ਵਾਪਰੇ। ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ 'ਤੇ ਸ਼ਹਿਰ ਵਿੱਚ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਜ਼ੋਨਾਂ ਵਿੱਚ ਨਿਯਮਤ ਤੌਰ 'ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਨਿਰਮਾਣ ਨਿਯਮਾਂ ਦੀ ਉਲੰਘਣਾ ਮਿਲਦੀ ਹੈ, ਉੱਥੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਕਿਸੇ ਵੀ ਵਿਅਕਤੀ ਨੂੰ ਬਿਨਾਂ ਮਨਜ਼ੂਰੀ ਜਾਂ ਬਿਲਡਿੰਗ ਨਿਯਮਾਂ ਦੀ ਉਲੰਘਣਾ ਕਰਕੇ ਉਸਾਰੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਜਿਹੇ ਮਾਮਲਿਆਂ ਵਿੱਚ ਪਹਿਲਾਂ ਨੋਟਿਸ ਜਾਰੀ ਕੀਤੇ ਜਾਂਦੇ ਹਨ ਅਤੇ ਨਿਯਮਾਂ ਦੀ ਪਾਲਣਾ ਨਾ ਹੋਣ ਦੀ ਸੂਰਤ ਵਿੱਚ ਢਾਹੁਣ ਸਮੇਤ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।
ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਲੁੜੀਂਦੀਆਂ ਮਨਜ਼ੂਰੀਆਂ ਜ਼ਰੂਰ ਪ੍ਰਾਪਤ ਕਰਨ ਅਤੇ ਮਨਜ਼ੂਰਸ਼ੁਦਾ ਨਕਸ਼ੇ ਅਨੁਸਾਰ ਹੀ ਨਿਰਮਾਣ ਕਰਵਾਉਣ। ਜੇਕਰ ਕਿਸੇ ਇਲਾਕੇ ਵਿੱਚ ਗੈਰ-ਕਾਨੂੰਨੀ ਉਸਾਰੀ ਹੋ ਰਹੀ ਹੋਵੇ ਤਾਂ ਉਸ ਦੀ ਜਾਣਕਾਰੀ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਸ਼ਹਿਰ ਵਿੱਚ ਯੋਜਨਾਬੱਧ ਵਿਕਾਸ ਅਤੇ ਕਾਨੂੰਨੀ ਪ੍ਰਣਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਨਿਗਮ ਨੇ ਇਹ ਵੀ ਦੁਹਰਾਇਆ ਕਿ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਸਖ਼ਤੀ ਨਾਲ ਜਾਰੀ ਰਹੇਗੀ।