ਗ਼ੈਰ-ਕਾਨੂੰਨੀ ਕਲੋਨੀਆਂ 'ਤੇ ਚੱਲਿਆ ਨਗਰ ਨਿਗਮ ਦਾ ਪੀਲਾ ਪੰਜਾ
ਲੁਧਿਆਣਾ ਵਿੱਚ ਗੈਰ-ਕਾਨੂੰਨੀ ਕਲੋਨੀਆਂ 'ਤੇ ਚੱਲਿਆ ਨਗਰ ਨਿਗਮ ਦਾ ਪੀਲਾ ਪੰਜਾਂ
Publish Date: Tue, 09 Jun 2026 10:06 PM (IST)
Updated Date: Tue, 09 Jun 2026 10:08 PM (IST)

ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ’ਚ ਗੈਰ-ਕਾਨੂੰਨੀ ਉਸਾਰੀਆਂ ਅਤੇ ਬਿਨ੍ਹਾਂ ਮਨਜ਼ੂਰੀ ਵਿਕਸਿਤ ਕੀਤੀਆਂ ਜਾ ਰਹੀਆਂ ਕਾਲੋਨੀਆਂ ਵਿਰੁੱਧ ਨਗਰ ਨਿਗਮ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਵੱਲੋਂ ਜ਼ੋਨ ਬੀ ਅਧੀਨ ਆਉਂਦੇ ਇਲਾਕਿਆਂ ਵਿੱਚ ਦੋ ਨਿਰਮਾਣ ਅਧੀਨ ਗੈਰ-ਕਾਨੂੰਨੀ ਕਾਲੋਨੀਆਂ ਨੂੰ ਢਾਹ ਦਿੱਤਾ ਗਿਆ। ਇਸ ਦੌਰਾਨ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਦੀ ਟੀਮ ਨੇ ਜੇਸੀਬੀ ਮਸ਼ੀਨ ਦੇ ਪੀਲੇ ਪੰਜੇ ਨਾਲ ਕਾਲੋਨੀ ਵਿੱਚ ਪਾਈਆਂ ਪਾਣੀ, ਸੀਵਰੇਜ ਦੀਆਂ ਲਾਈਨਾਂ, ਚੈਂਬਰਾਂ ਅਤੇ ਸ਼ੁਰੂ ਕੀਤੇ ਨਿਰਮਾਣਾਂ ਨੂੰ ਤੋੜ ਦਿੱਤਾ। ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦੇ ਨਿਰਦੇਸ਼ਾਂ ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਬਿਲਡਿੰਗ ਸ਼ਾਖਾ ਦੀ ਟੀਮ ਨੇ ਸੁਖਦੇਵ ਨਗਰ ਤੇ ਓਂਕਾਰ ਵਿਹਾਰ ਦੇ ਪਿੱਛੇ ਤਿੰਨਕੋਨਾ ਪਾਰਕ ਦੇ ਨੇੜੇ ਬਣ ਰਹੀਆਂ ਦੋ ਗੈਰ-ਕਾਨੂੰਨੀ ਕਾਲੋਨੀਆਂ ਤੇ ਕਾਰਵਾਈ ਕੀਤੀ। ਨਗਰ ਨਿਗਮ ਅਧਿਕਾਰੀਆਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਜੇਸੀਬੀ ਦੀ ਮਦਦ ਨਾਲ ਇਨ੍ਹਾਂ ਕਾਲੋਨੀਆਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਉਸਾਰੀਆਂ ਨੂੰ ਢਾਹ ਦਿੱਤਾ। ਨਗਰ ਨਿਗਮ ਜ਼ੋਨ ਬੀ ਦੇ ਏਟੀਪੀ ਨਿਰਵਾਨ ਨੇ ਦੱਸਿਆ ਕਿ ਕਲੋਨੀ ਮਾਲਕਾਂ ਨੂੰ ਪਹਿਲਾਂ ਹੀ ਨੋਟਿਸ ਅਤੇ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਸਨ। ਇਸ ਦੇ ਬਾਵਜੂਦ ਉਨ੍ਹਾਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕਾਲੋਨੀਆਂ ਦਾ ਵਿਕਾਸ ਜਾਰੀ ਰੱਖਿਆ ਗਿਆ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਹੋਣ ਕਾਰਨ ਨਗਰ ਨਿਗਮ ਨੂੰ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਬਿਨ੍ਹਾਂ ਮਨਜ਼ੂਰੀ ਵਿਕਸਿਤ ਕੀਤੀਆਂ ਜਾ ਰਹੀਆਂ ਕਲੋਨੀਆਂ ਨਾ ਸਿਰਫ਼ ਸ਼ਹਿਰੀ ਯੋਜਨਾਬੰਦੀ ਨੂੰ ਪ੍ਰਭਾਵਿਤ ਕਰਦੀਆਂ ਹਨ, ਸਗੋਂ ਇਨ੍ਹਾਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਵੀ ਭਵਿੱਖ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਨਾਗਰਿਕਾਂ ਨੂੰ ਕਿਸੇ ਵੀ ਕਲੋਨੀ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਉਸ ਦੀ ਕਾਨੂੰਨੀ ਸਥਿਤੀ ਬਾਰੇ ਪੂਰੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਏਟੀਪੀ ਨਿਰਵਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਟ ਜਾਂ ਜਾਇਦਾਦ ਖਰੀਦਣ ਤੋਂ ਪਹਿਲਾਂ ਨਗਰ ਨਿਗਮ ਦੇ ਸਬੰਧਤ ਜ਼ੋਨਲ ਦਫ਼ਤਰ ਵਿੱਚ ਜਾ ਕੇ ਕਲੋਨੀ ਦੀ ਮਨਜ਼ੂਰੀ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਮਿਹਨਤ ਦੀ ਕਮਾਈ ਸੁਰੱਖਿਅਤ ਰਹੇਗੀ ਅਤੇ ਉਹ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚ ਸਕਣਗੇ। ਨਗਰ ਨਿਗਮ ਦੇ ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੋਈ ਵੀ ਵਿਅਕਤੀ ਬਿਨ੍ਹਾਂ ਮਨਜ਼ੂਰਸ਼ੁਦਾ ਬਿਲਡਿੰਗ ਪਲਾਨ ਦੇ ਉਸਾਰੀ ਦਾ ਕੰਮ ਸ਼ੁਰੂ ਨਾ ਕਰੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।