ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਪਿੰਡ ਕੈਲਪੁਰ ਵਿਖੇ ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ। ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਕੈਲਪੁਰ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਯੋਗ ਪ੍ਰਬੰਧਾਂ ਹੇਠ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਏ।

ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਸਨ। ਪਿੰਡ ਲੱਖੇ ਵਾਲਾ ਦੇ ਢਾਡੀ ਜੱਥੇ ਵੱਲੋਂ ਸੰਗਤਾਂ ਨੂੰ ਵੱਖ- ਵੱਖ ਪੜਾਵਾਂ 'ਤੇ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ ਅਤੇ ਫਲਸਫੇ ਤੋਂ ਜਾਣੂ ਕਰਵਾਇਆ। ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ। ਸਰਪੰਚ ਸੁਰਿੰਦਰ ਸਿੰਘ ਰਾਜੂ ਵੱਲੋਂ ਸਟੇਜ ਸੰਚਾਲਨ ਦੀ ਸੇਵਾ ਨਿਭਾਈ ਗਈ। ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਸਰਪੰਚ ਸੁਰਿੰਦਰ ਸਿੰਘ ਅਤੇ ਗੁਰਦੁਆਰਾ ਪ੍ਰਧਾਨ ਜਿੰਦਰ ਸਿੰਘ ਨੇ ਕਿਹਾ ਕਿ ਭਗਤ ਜੀ ਵੱਲੋਂ ਲਿਆ ਗਿਆ ਬੇਗਮਪੁਰੇ ਦਾ ਸੁਪਨਾ ਅਜੇ ਵੀ ਅਧੂਰਾ ਹੈ, ਜਿਸਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈਕੇ ਪੂਰਾ ਕਰਨ ਦੀ ਲੋੜ ਹੈ। ਇਸ ਮੌਕੇ ਰਾਗੀ ਜੱਥੇ ਵੱਲੋਂ ਕੀਰਤਨ ਰਾਹੀਂ ਸੰਗਤਾ ਨਾਲ ਸਾਂਝ ਪਾਈ।