ਨਾਇਬ ਸਿੰਘ ਸੈਣੀ ਦਾ ਤਿੱਖਾ ਹਮਲਾ: ਪੰਜਾਬ ’ਚ ਝਾੜੂ ਪਹਿਲਾਂ ਹੀ ਹੋਇਆ ਤੀਲਾ-ਤੀਲਾ, ਕਾਂਗਰਸ ਤੇ ਆਪ ਨੇ ਪੰਜਾਬੀਅਤ ਦਾ ਕੀਤਾ ਸੋਸ਼ਣ
ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸਿਆਸਤ 'ਤੇ ਤਿੱਖਾ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਕਾਂਗਰਸ ਨੇ ਪੰਜਾਬ ਦੀ ਸੱਤਾ ਸੰਭਾਲੀ, ਉਸ ਸਮੇਂ ਲੋਕਾਂ ਦੇ ਸ਼ੋਸ਼ਣ ਦੇ ਨਾਲ-ਨਾਲ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਵਿੱਚ ਵਾਧਾ ਹੋਇਆ।
Publish Date: Sun, 07 Jun 2026 01:05 PM (IST)
Updated Date: Sun, 07 Jun 2026 01:11 PM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ। ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸਿਆਸਤ 'ਤੇ ਤਿੱਖਾ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਕਾਂਗਰਸ ਨੇ ਪੰਜਾਬ ਦੀ ਸੱਤਾ ਸੰਭਾਲੀ, ਉਸ ਸਮੇਂ ਲੋਕਾਂ ਦੇ ਸ਼ੋਸ਼ਣ ਦੇ ਨਾਲ-ਨਾਲ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਵਿੱਚ ਵਾਧਾ ਹੋਇਆ।
ਉਨ੍ਹਾਂ ਦਾਅਵਾ ਕੀਤਾ ਕਿ ਬਾਅਦ ਵਿੱਚ ਰੰਗਲਾ ਪੰਜਾਬ ਦੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਬਜਾਏ ਇਸ ਵਿੱਚ ਹੋਰ ਵਾਧਾ ਹੋਇਆ। ਸੈਣੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ।
ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਝਾੜੂ ਤਾਂ ਪਹਿਲਾਂ ਹੀ ਤੀਲਾ-ਤੀਲਾ ਹੋ ਚੁੱਕਿਆ ਹੈ ਪਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਦੀ ਬਜਾਏ ਝਾੜੂ ਖਿਲਾਰਣ ਵਾਲਿਆਂ ’ਤੇ ਕੇਸ ਦਰਜ ਕਰਨ ਵਿੱਚ ਰੁੱਝੀ ਹੋਈ ਹੈ। ਸੈਣੀ ਦੇ ਇਸ ਬਿਆਨ ਨੇ ਸਮਾਗਮ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਛੇੜ ਦਿੱਤੀ, ਜਿੱਥੇ ਰਾਜਸੀ ਲੋਕ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਿੱਧਾ ਨਿਸ਼ਾਨਾ ਮੰਨ ਰਹੇ ਹਨ।
ਪੁਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਸੀਨੀਅਰ ਆਗੂ ਹੀ ਨਹੀਂ, ਉਹ ਭਾਜਪਾ ਪਰਿਵਾਰ ਦੇ ਮੈਂਬਰ ਹਨ। ਅਸੀਂ ਸਾਰੇ ਮਿਲਕੇ ਆਉਣ ਵਾਲੇ ਸਮੇਂ ਵਿੱਚ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਵਾਂਗੇ।