ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ’ਚ 14 ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ
ਲੁਧਿਆਣਾ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿੱਚ 14 ਮਾਰਚ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ
Publish Date: Fri, 13 Mar 2026 09:41 PM (IST)
Updated Date: Fri, 13 Mar 2026 09:45 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਜਨਤਾ ਨੂੰ ਤੇਜ਼ ਅਤੇ ਸਸਤਾ ਨਿਆਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 14 ਮਾਰਚ ਨੂੰ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤ ਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਜੇਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐੱਲਐੱਸਏ) ਲੁਧਿਆਣਾ ਡਾ. ਅਮਨਦੀਪ ਨੇ ਦੱਸਿਆ ਕਿ ਇਹ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਦੇ ਨਾਲ-ਨਾਲ ਸਿਵਲ ਕੋਰਟਸ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿੱਚ ਵੀ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਵੱਖ-ਵੱਖ ਬੈਂਚ ਸਥਾਪਿਤ ਕੀਤੀਆਂ ਜਾਣਗੀਆਂ, ਜਿੱਥੇ ਪੈਂਡਿੰਗ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਵੇਗਾ। ਡਾ ਅਮਨਦੀਪ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਆਪਸੀ ਵਿਵਾਦਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਕਿਰਾਇਆ ਸਬੰਧੀ ਮਾਮਲੇ, ਬੈਂਕ ਰਿਕਵਰੀ ਕੇਸ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਨਾਲ ਜੁੜੇ ਵਿਵਾਦ (ਚੋਰੀ ਦੇ ਕੇਸਾਂ ਤੋਂ ਇਲਾਵਾ), ਤਨਖਾਹ ਅਤੇ ਭੱਤਿਆਂ, ਸੇਵਾਮੁਕਤੀ ਲਾਭਾਂ ਨਾਲ ਸਬੰਧਿਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ ਮਾਮਲੇ, ਫੌਜਦਾਰੀ ਮਿਕਦਾਰ ਮਾਮਲੇ ਅਤੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਦਰਜ ਸ਼ਿਕਾਇਤਾਂ ਦੀ ਸੁਣਵਾਈ ਕਰ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਨੂੰ ਵੀ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜੋ ਹਾਲੇ ਤਕ ਕਿਸੇ ਅਦਾਲਤ ’ਚ ਦਰਜ ਨਹੀਂ ਹੋਏ ਪਰ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾ ਸਕਦੇ ਹਨ।