- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਫਿਲਮਾਂ ਸਮਾਜ ਦਾ ਸ਼ੀਸ਼ਾ ਹੁੰਦੀਆਂ ਹਨ ਅਤੇ ਸਿਨੇਮਾ ਵਿਚ ਸਮਾਜ ਵਿਚ ਬਦਲਾਅ ਲਿਆਉਣ ਦੀ ਵੱਡੀ ਤਾਕਤ ਹੈ। ਇਸ ਲਈ ਅਜਿਹੀਆਂ ਫਿਲਮਾਂ ਬਣਨੀਆਂ ਚਾਹੀਦੀਆਂ ਹਨ, ਜੋ ਸਿਰਫ਼ ਮਨੋਰੰਜਨ ਤੱਕ ਸੀਮਤ ਨਾ ਰਹਿਣ, ਸਗੋਂ ਸਮਾਜ ਨੂੰ ਚੰਗਾ ਸੰਦੇਸ਼ ਵੀ ਦੇਣ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਦੈਨਿਕ ਜਾਗਰਣ ਤੇ ਪੰਜਾਬੀ ਜਾਗਰਣ ਫਿਲਮ ਫੈਸਟੀਵਲ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਖ਼ਾਸ ਤੌਰ ’ਤੇ ਪੁੱਜੇ। ਆਪਣੇ ਸੰਬੋਧਨ ਵਿਚ ਡਾ. ਗੁਰਪ੍ਰੀਤ ਨੇ ਫਿਲਮਾਂ ਅਤੇ ਸਿਨੇਮਾ ਦੇ ਸਮਾਜ ’ਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਫਿਲਮਾਂ ਸਮਾਜ ਦਾ ਸ਼ੀਸ਼ਾ ਹੁੰਦੀਆਂ ਹਨ ਅਤੇ ਸਿਨੇਮਾ ਵਿਚ ਸਮਾਜ ਵਿਚ ਬਦਲਾਅ ਲਿਆਉਣ ਦੀ ਵੱਡੀ ਤਾਕਤ ਹੈ। ਇਸ ਲਈ ਅਜਿਹੀਆਂ ਫਿਲਮਾਂ ਬਣਨੀਆਂ ਚਾਹੀਦੀਆਂ ਹਨ, ਜੋ ਸਿਰਫ਼ ਮਨੋਰੰਜਨ ਤੱਕ ਸੀਮਤ ਨਾ ਰਹਿਣ, ਸਗੋਂ ਸਮਾਜ ਨੂੰ ਚੰਗਾ ਸੰਦੇਸ਼ ਵੀ ਦੇਣ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਫਿਲਮਾਂ ਵਿਚ ਲਵ ਸਟੋਰੀ ਅਤੇ ਕਾਲਪਨਿਕ ਕਹਾਣੀਆਂ ਨੂੰ ਵਧੇਰੇ ਤਰਜੀਹ ਦਿੱਤੀ ਜਾਂਦੀ ਸੀ ਪਰ ਹੁਣ ਅਸਲ ਜ਼ਿੰਦਗੀ ਤੇ ਸਮਾਜ ਨਾਲ ਜੁੜੇ ਵਿਸ਼ਿਆਂ ’ਤੇ ਵੀ ਫਿਲਮਾਂ ਬਣ ਰਹੀਆਂ ਹਨ। ਦਰਸ਼ਕ ਵੀ ਅਜਿਹੀਆਂ ਫਿਲਮਾਂ ਪਸੰਦ ਕਰ ਰਹੇ ਹਨ। ਅਸਲ ਘਟਨਾਵਾਂ ਅਤੇ ਸਮਾਜਿਕ ਮੁੱਦਿਆਂ ਨੂੰ ਪਰਦੇ ’ਤੇ ਪੇਸ਼ ਕਰਨ ਵਾਲੀਆਂ ਫਿਲਮਾਂ ਲੋਕਾਂ ਨੂੰ ਸੋਚਣ ਅਤੇ ਬਦਲਾਅ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਚੰਗੀਆਂ ਫਿਲਮਾਂ ਬਣਦੀਆਂ ਹਨ ਪਰ ਉਨ੍ਹਾਂ ਨੂੰ ਲੋੜੀਂਦਾ ਪ੍ਰਚਾਰ ਨਹੀਂ ਮਿਲਦਾ, ਜਿਸ ਕਾਰਨ ਉਹ ਵੱਡੀ ਗਿਣਤੀ ਵਿਚ ਦਰਸ਼ਕਾਂ ਤੱਕ ਨਹੀਂ ਪਹੁੰਚ ਸਕਦੀਆਂ। ਜਾਗਰਣ ਫਿਲਮ ਫੈਸਟੀਵਲ ਵਰਗੇ ਮੰਚ ਅਜਿਹੀਆਂ ਫਿਲਮਾਂ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਇਸ ਯਤਨ ਦੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਪੇਸ਼ੇ ਵਜੋਂ ਡਾਕਟਰ ਹਨ ਅਤੇ ਫਿਲਮਾਂ ਬਾਰੇ ਬਹੁਤ ਜ਼ਿਆਦਾ ਜਾਣਕਾਰੀ ਨਹੀਂ ਰੱਖਦੇ ਪਰ ਮੁੱਖ ਮੰਤਰੀ ਮਾਨ ਲੰਬੇ ਸਮੇਂ ਤੋਂ ਫਿਲਮ ਤੇ ਸਿਨੇਮਾ ਨਾਲ ਜੁੜੇ ਰਹੇ ਹਨ ਅਤੇ ਉਨ੍ਹਾਂ ਨੂੰ ਸਿਨੇਮਾ ਵਿਚ ਆ ਰਹੇ ਬਦਲਾਅ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਫਿਲਮ ਫੈਸਟੀਵਲ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਨਾਲ ਦਰਸ਼ਕਾਂ ਨੂੰ ਰੂਬਰੂ ਕਰਵਾਉਣ ਦਾ ਵਧੀਆ ਮੰਚ ਹੈ। ਇੱਥੇ ਕੁਝ ਅਜਿਹੀਆਂ ਫਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਆਮ ਸਿਨੇਮਾ ਘਰਾਂ ਵਿਚ ਵਧੇਰੇ ਸਕ੍ਰੀਨ ਨਹੀਂ ਮਿਲਦੀ। ਅਜਿਹੇ ਮੰਚ ਇਨ੍ਹਾਂ ਫਿਲਮਾਂ ਅਤੇ ਕਲਾਕਾਰਾਂ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਵਿਚ ਮਦਦ ਕਰਦੇ ਹਨ। ਇਸ ਤੋਂ ਪਹਿਲਾਂ ਡਾ. ਗੁਰਪ੍ਰੀਤ ਕੌਰ ਨੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਲਗਾਏ ਸਟਾਲ ਦਾ ਵੀ ਦੌਰਾ ਕੀਤਾ। ਸਟਾਲ ਵਿਚ ਪੰਜਾਬ ਦੇ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਅਤੇ ਫਿਲਮਾਂ ਦੀ ਸ਼ੂਟਿੰਗ ਲਈ ਢੁੱਕਵੀਆਂ ਲੋਕੇਸ਼ਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਦੈਨਿਕ ਜਾਗਰਣ ਦੇ ਰੈਜ਼ੀਡੈਂਟ ਐਡੀਟਰ ਅਮਿਤ ਸ਼ਰਮਾ, ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ, ਜਨਰਲ ਮੈਨੇਜਰ ਨੀਰਜ ਸ਼ਰਮਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਆਦਿ ਹਾਜ਼ਰ ਸਨ।