ਗੁਆਂਢੀ ’ਤੇ ਨੌਜਵਾਨ ਦੀ ਕੁੱਟਮਾਰ ਕਰਕੇ ਨਹਿਰ ਕਿਨਾਰੇ ਸੁੱਟਣ ਦੇ ਦੋਸ਼ ਗੁਆਂਢੀ ’ਤੇ ਨੌਜਵਾਨ ਦੀ ਕੁੱਟਮਾਰ ਕਰਕੇ ਨਹਿਰ ਕਿਨਾਰੇ ਸੁੱਟਣ ਦੇ ਦੋਸ਼
Publish Date: Tue, 29 Sep 2026 08:05 PM (IST)
Updated Date: Wed, 30 Sep 2026 04:10 AM (IST)
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ, ਮੈਡੀਕਲ ਰਿਪੋਰਟ ਦੀ ਉਡੀਕ ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ ਸ੍ਰੀ ਮਾਛੀਵਾੜਾ ਸਾਹਿਬ : ਸਥਾਨਕ ਇੰਦਰਾ ਕਾਲੋਨੀ ਦੇ ਵਸਨੀਕ ਨੌਜਵਾਨ ਕਰਨਦੀਪ ਸਿੰਘ ਨੇ ਆਪਣੇ ਗੁਆਂਢੀ ’ਤੇ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਉਸ ਨੂੰ ਸਰਹਿੰਦ ਨਹਿਰ ਕਿਨਾਰੇ ਸੁੱਟਣ ਦੇ ਗੰਭੀਰ ਦੋਸ਼ ਲਗਾਏ ਹਨ। ਮਾਮਲੇ ਸਬੰਧੀ ਪੁਲਸ ਨੇ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਰਨਦੀਪ ਸਿੰਘ ਨੇ ਦੱਸਿਆ ਕਿ ਉਹ ਰਾਤ ਸਮੇਂ ਆਪਣੇ ਕੋਠੇ ’ਤੇ ਖੜ੍ਹਾ ਫੋਨ ਚਲਾ ਰਿਹਾ ਸੀ। ਇਸ ਦੌਰਾਨ ਉਸ ਦੇ ਗੁਆਂਢੀ ਨੇ ਕਥਿਤ ਤੌਰ ’ਤੇ ਉਸ ਨੂੰ ਜ਼ਬਰਦਸਤੀ ਆਪਣੇ ਘਰ ਅੰਦਰ ਲਿਜਾ ਕੇ ਕੁੱਟਮਾਰ ਕੀਤੀ। ਨੌਜਵਾਨ ਮੁਤਾਬਕ ਇਸ ਤੋਂ ਬਾਅਦ ਉਸ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਨੇੜੇ ਲਿਜਾਇਆ ਗਿਆ। ਕਰਨਦੀਪ ਸਿੰਘ ਨੇ ਦੋਸ਼ ਲਗਾਇਆ ਕਿ ਉੱਥੇ ਵੀ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਨਹਿਰ ਵੱਲ ਸੁੱਟ ਦਿੱਤਾ ਗਿਆ। ਉਸ ਨੇ ਦੱਸਿਆ ਕਿ ਸਵੇਰੇ ਹੋਸ਼ ਆਉਣ ’ਤੇ ਉਹ ਬੜੀ ਮੁਸ਼ਕਿਲ ਨਾਲ ਆਪਣੇ ਘਰ ਪਹੁੰਚਿਆ, ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖਲ ਕਰਵਾਇਆ ਗਿਆ। ਨੌਜਵਾਨ ਨੇ ਇਹ ਵੀ ਕਿਹਾ ਕਿ ਉਸ ਦੀ ਆਪਣੇ ਗੁਆਂਢੀ ਨਾਲ ਕੋਈ ਰੰਜਿਸ਼ ਨਹੀਂ ਸੀ। ਡਾਕਟਰਾਂ ਵੱਲੋਂ ਉਸ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਨਵਾਂਸ਼ਹਿਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਰਗਟ ਸਿੰਘ ਵੱਲੋਂ ਜ਼ਖ਼ਮੀ ਕਰਨਦੀਪ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾਕਟਰ ਦੀ ਮੈਡੀਕਲ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਵਿੱਚ ਨੌਜਵਾਨ ਨੂੰ ਲੱਗੀਆਂ ਸੱਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲੇਗੀ। ਥਾਣਾ ਮੁਖੀ ਨੇ ਕਿਹਾ ਕਿ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮੁਲਜ਼ਮ ਨੂੰ ਕਾਬੂ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।