ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਹੀ ਲਾਗੂ ਕੀਤਾ ਜਾਵੇ ਨਵਾਂ ਕਾਨੂੰਨ : ਗੁਰਮੀਤ ਸਿੰਘ
ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਹੀ ਲਾਗੂ ਕੀਤਾ ਜਾਵੇ ਨਵਾਂ ਕਾਨੂੰਨ-ਗੁਰਮੀਤ ਸਿੰਘ
Publish Date: Wed, 08 Apr 2026 07:44 PM (IST)
Updated Date: Thu, 09 Apr 2026 04:09 AM (IST)

- ਬੇਅਦਬੀ ਦੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਣ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਪ੍ਰਗਟਾਏ ਵਿਚਾਰ ਫੋਟੋ ਨੰਬਰ-1 ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਧਾਰਮਿਕ ਸਾਂਝ, ਕੌਮੀ ਏਕਤਾ ਨੂੰ ਬਣਾਈ ਰੱਖਣ ਤੇ ਬੇਅਦਬੀ ਦੀਆਂ ਘਟਨਾਵਾਂ ’ਤੇ ਸਖ਼ਤੀ ਨਾਲ ਰੋਕ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤਾ ਜਾ ਰਿਹਾ ਨਵਾਂ ਕਾਨੂੰਨ, ਜੋ 13 ਅਪ੍ਰੈਲ 2026 ਨੂੰ ਵਿਧਾਨ ਸਭਾ ’ਚ ਪੇਸ਼ ਹੋਣ ਦੀ ਸੰਭਾਵਨਾ ਹੈ, ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਹ ਪ੍ਰਗਟਾਵਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਸਥਾਪਕ ਪ੍ਰਧਾਨ ਗੁਰਮੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਅਨੁਸਾਰ ਸਿੱਖਾਂ ਨੂੰ ਸ਼ਬਦ ਗੁਰੂ ਦੀ ਰਹਿਨੁਮਾਈ ਵਿੱਚ ਜੀਵਨ ਜਿਊਣਾ ਸਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਦ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਐਕਟ 2008’ ’ਚ ਕੋਈ ਵੀ ਤਬਦੀਲੀ ਨਹੀਂ ਕੀਤੀ ਜਾਣੀ ਚਾਹੀਦੀ, ਕਿਉਂਕਿ ਇਸ ਕਾਨੂੰਨ ਅਧੀਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੀ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ, ਪ੍ਰਕਾਸ਼ਨ, ਸਟੋਰੇਜ ਤੇ ਵੰਡ ਦੇ ਵਿਸ਼ੇਸ਼ ਅਧਿਕਾਰ ਪ੍ਰਾਪਤ ਹਨ। ਸਜ਼ਾ ਦੇ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ ਕਾਨੂੰਨ ਵਿੱਚ ਸਖਤ ਸਜ਼ਾਵਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ, ਜਿਸ ਵਿੱਚ ਘੱਟੋ-ਘੱਟ ਉਮਰ ਕੈਦ ਅਤੇ ਵੱਧ ਤੋਂ ਵੱਧ ਮੌਤ ਦੀ ਸਜ਼ਾ ਦੇ ਨਾਲ ਭਾਰੀ ਜੁਰਮਾਨਾ ਸ਼ਾਮਲ ਹੋਵੇ ਤਾਂ ਜੋ ਪ੍ਰਭਾਵਸ਼ਾਲੀ ਤਰੀਕੇ ਨਾਲ ਰੋਕਥਾਮ ਹੋ ਸਕੇ।