ਨਵੇਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੰਭਾਲਿਆ ਅਹੁਦਾ! ਨਸ਼ਾ ਤਸਕਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਐਲਾਨ ਥਾਣਿਆਂ ਵਿੱਚ ਪੁਲਿਸ ਫੋਰਸ ਦੀ ਤਾਇਨਾਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹੁਣੇ ਹੀ ਅਹੁਦਾ ਸੰਭਾਲਿਆ ਹੈ। ਸਭ ਤੋਂ ਪਹਿਲਾਂ ਉਹ ਮੌਜੂਦਾ ਪ੍ਰਬੰਧਾਂ ਅਤੇ ਕਾਰਜਪ੍ਰਣਾਲੀ ਨੂੰ ਸਮਝਣਗੇ। ਜਿੱਥੇ ਵੀ ਸੁਧਾਰ ਦੀ ਲੋੜ ਮਹਿਸੂਸ ਹੋਈ, ਉੱਥੇ ਜ਼ਰੂਰੀ ਕਦਮ ਚੁੱਕੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਫੋਰਸ ਪੂਰੀ ਲਗਨ ਅਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਏਗੀ ਅਤੇ ਸਿਰਫ਼ ਭਰੋਸੇ ਦੇਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਨਤੀਜੇ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ।
Publish Date: Sat, 28 Nov 2026 03:50 PM (IST)
Updated Date: Sat, 28 Nov 2026 03:51 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਪੁਲਿਸ ਕਮਿਸ਼ਨਰੇਟ ਵਿਖੇ ਪੁੱਜਣ 'ਤੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਰਸਮੀ ਤੌਰ 'ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਅਤੇ ਹਰ ਤਰ੍ਹਾਂ ਦੇ ਅਪਰਾਧਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਮੁਖੀ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਦੇ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਨੂੰ ਅਮਲੀ ਰੂਪ ਦੇਣ ਲਈ ਪੁਲਿਸ ਪੂਰੀ ਤਨਦੇਹੀ ਨਾਲ ਕੰਮ ਕਰੇਗੀ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਤਰ੍ਹਾਂ ਦੇ ਅਪਰਾਧਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਦੀ ਟੀਮ ਪਹਿਲਾਂ ਹੀ ਵਧੀਆ ਕੰਮ ਕਰ ਰਹੀ ਹੈ। ਹੁਣ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਤਾਂ ਜੋ ਸ਼ਹਿਰ ਨੂੰ ਨਸ਼ਿਆਂ ਅਤੇ ਅਪਰਾਧਾਂ ਤੋਂ ਮੁਕਤ ਬਣਾਉਣ ਲਈ ਠੋਸ ਨਤੀਜੇ ਸਾਹਮਣੇ ਆ ਸਕਣ।
ਉਨ੍ਹਾਂ ਪੰਜਾਬ ਪੁਲਿਸ ਦੇ ਇਤਿਹਾਸ ਅਤੇ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚੋਂ ਅੱਤਵਾਦ ਨੂੰ ਖ਼ਤਮ ਕਰਨ ਲਈ ਪੁਲਿਸ ਦੇ ਜਵਾਨਾਂ ਨੇ ਆਪਣੀਆਂ ਜਾਨਾਂ ਦੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਸ ਵਿੱਚ ਪੰਜਾਬ ਪੁਲਿਸ ਦੀ ਅਹਿਮ ਭੂਮਿਕਾ ਰਹੀ ਹੈ। ਪੁਲਿਸ ਫੋਰਸ ਅੱਜ ਵੀ ਆਪਣੀ ਡਿਊਟੀ ਤੋਂ ਪਿੱਛੇ ਹਟਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਭਾਗ ਕੋਲ ਤਜਰਬੇਕਾਰ ਅਧਿਕਾਰੀ ਅਤੇ ਸਮਰੱਥ ਮੁਲਾਜ਼ਮ ਹਨ। ਲੋਕਾਂ ਦੇ ਸਹਿਯੋਗ ਨਾਲ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦਾ ਯਤਨ ਰਹੇਗਾ ਕਿ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ ਅਤੇ ਪੁਲਿਸ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਵਿਚਕਾਰ ਵਿਸ਼ਵਾਸ ਤੇ ਸਹਿਯੋਗ ਕਾਇਮ ਰੱਖਣਾ ਵੀ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।
ਥਾਣਿਆਂ ਵਿੱਚ ਪੁਲਿਸ ਫੋਰਸ ਦੀ ਤਾਇਨਾਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹੁਣੇ ਹੀ ਅਹੁਦਾ ਸੰਭਾਲਿਆ ਹੈ। ਸਭ ਤੋਂ ਪਹਿਲਾਂ ਉਹ ਮੌਜੂਦਾ ਪ੍ਰਬੰਧਾਂ ਅਤੇ ਕਾਰਜਪ੍ਰਣਾਲੀ ਨੂੰ ਸਮਝਣਗੇ। ਜਿੱਥੇ ਵੀ ਸੁਧਾਰ ਦੀ ਲੋੜ ਮਹਿਸੂਸ ਹੋਈ, ਉੱਥੇ ਜ਼ਰੂਰੀ ਕਦਮ ਚੁੱਕੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਫੋਰਸ ਪੂਰੀ ਲਗਨ ਅਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਏਗੀ ਅਤੇ ਸਿਰਫ਼ ਭਰੋਸੇ ਦੇਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਨਤੀਜੇ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ।