ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹਲਕਾ ਲੁਧਿਆਣਾ ਪੱਛਮੀ ’ਚ 4.10 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹਲਕਾ ਲੁਧਿਆਣਾ ਪੱਛਮੀ ਵਿੱਚ 4.10 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Publish Date: Sat, 04 Apr 2026 08:17 PM (IST)
Updated Date: Sat, 04 Apr 2026 08:19 PM (IST)

ਪੰਜਾਬੀ ਜਾਗਰਣ ਟੀਮ,ਲੁਧਿਆਣਾ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਸ਼ਨੀਵਾਰ ਨੂੰ ਹਲਕਾ ਲੁਧਿਆਣਾ ਪੱਛਮੀ ਵਿੱਚ ਕਰੀਬ 8 ਕਿਲੋਮੀਟਰ ਦੀ ਲੰਬਾਈ ਵਾਲੇ 4.10 ਕਰੋੜ ਰੁਪਏ ਦੇ ਕਈ ਸੜਕ ਨਿਰਮਾਣ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਇਹ ਪ੍ਰੋਜੈਕਟ ਲੁਧਿਆਣਾ ਪੱਛਮੀ ਹਲਕੇ ਦੇ ਕਈ ਵਾਰਡਾਂ ਵਿਚ ਫੈਲੇ ਹੋਏ ਹਨ। ਇਨ੍ਹਾਂ ਵਿੱਚ ਕਰੀਬ 71 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 56 ਦੇ ਨਿਊ ਬੀ.ਆਰ.ਐਸ ਨਗਰ, ਸ਼ਾਮ ਨਗਰ ਅਤੇ ਨਿਊ ਸ਼ਾਮ ਨਗਰ ਵਿੱਚ ਪੈਦੀਆਂ ਗਲੀਆਂ ਦੀ ਉਸਾਰੀ ਸ਼ਾਮਲ ਹੈ। ਇਸ ਤੋਂ ਇਲਾਵਾ ਵਾਰਡ ਨੰਬਰ 58 ਵਿੱਚ ਕਰੀਬ 96.89 ਲੱਖ ਰੁਪਏ ਦੀ ਲਾਗਤ ਰਾਜਗੁਰੂ ਨਗਰ ਦੇ ਬਲਾਕ-ਜੇ ਅਤੇ ਬਲਾਕ ਐਚ.ਜੇ ਵਿੱਚ ਮੁੱਖ ਸੜਕਾਂ, ਲੋਧੀ ਕਲੱਬ ਤੋਂ ਨਾਮਦੇਵ ਚੌਕ ਤੱਕ ਸੜਕ ਅਤੇ ਅੰਡਰਪਾਸ ਦੇ ਨੇੜੇ ਇਕ ਸਲਿੱਪਵੇਅ ਲਈ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਡ ਨੰਬਰ 57 ਦੇ ਵਿੱਚ 55.77 ਲੱਖ ਰੁਪਏ ਦੀ ਲਾਗਤ ਨਾਲ ਲੋਧੀ ਕਲੱਬ ਦੇ ਨੇੜੇ ਬੀ.ਆਰ.ਐਸ ਨਗਰ ਦੇ ਬਲਾਕ-ਈ ਵਿੱਚ ਪੈਦੀਆਂ ਗਲੀਆਂ ਦੀ ਉਸਾਰੀ ਕਰਨ ਅਤੇ ਵਾਰਡ 55 ਵਿੱਚ ਕਰੀਬ 73.08 ਲੱਖ ਰੁਪਏ ਦੀ ਲਾਗਤ ਨਾਲ ਸਰਾਭਾ ਨਗਰ ਦੇ ਜ਼ੋਨ-ਡੀ ਦਫ਼ਤਰ ਨੂੰ ਫਿਰੋਜ਼ਪੁਰ ਰੋਡ ਨਾਲ ਜੋੜਨ ਵਾਲੀ ਮੁੱਖ ਸੜਕ ਦਾ ਵਿਕਾਸ ਸ਼ਾਮਲ ਹੈ। ਇਕ ਹੋਰ ਵੱਡੇ ਪ੍ਰੋਜੈਕਟ ਵਿਚ ਕਰੀਬ 1.13 ਕਰੋੜ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 71 ਦੀ ਅਫਸਰ ਕਲੋਨੀ ਅਤੇ ਰੱਖ ਬਾਗ ਦੇ ਨਾਲ ਲੱਗਦੇ ਖੇਤਰਾਂ ਵਿੱਚ ਪੈਦੀਆਂ ਗਲੀਆਂ ਦੀ ਉਸਾਰੀ ਸ਼ਾਮਲ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅਧਿਕਾਰੀਆਂ ਨੂੰ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਗੁਣਵੱਤਾ ਦੇ ਮਿਆਰਾਂ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਘਟੀਆ ਕੰਮ ਦੇ ਦੋਸ਼ੀ ਪਾਏ ਗਏ ਠੇਕੇਦਾਰਾਂ ਨੂੰ ਬਲੈਕਲਿਸਟ ਕੀਤਾ ਜਾਵੇਗਾ ਅਤੇ ਜ਼ੋਰ ਦਿੱਤਾ ਕਿ ਠੇਕੇਦਾਰ ਤਿੰਨ ਸਾਲਾਂ ਲਈ ਸੜਕਾਂ ਦੀ ਦੇਖਭਾਲ ਲਈ ਜ਼ਿੰਮੇਵਾਰ ਹੋਣਗੇ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦੇ ਹੋਏ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਇੱਕ ਜੀਵੰਤ ਰੰਗਲਾ ਪੰਜਾਬ ਬਣਾਉਣ ਵੱਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਇਸ ਸਮੇਂ ਕਰੀਬ 1300 ਕਰੋੜ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਰਗੇ ਵਿਭਾਗ ਵੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰ ਰਹੇ ਹਨ। ਪ੍ਰੋਜੈਕਟਾਂ ਦੇ ਉਦਘਾਟਨ ਦੌਰਾਨ ਮੰਤਰੀ ਸੰਜੀਵ ਅਰੋੜਾ ਦੇ ਨਾਲ ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਦੇ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀ, ਕੌਸਲਰ ਅਤੇ ਹੋਰ ਚੁਣੇ ਹੋਏ ਨੁਮਾਇੰਦੇ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।