ਯੂਨਾਈਟਿਡ ਸਿੱਖਸ ਨੇ ਹੜ੍ਹ ਪੀੜਤਾਂ ਦੀ ਨਿਸ਼ਕਾਮ ਸੇਵਾ ਲਈ ਜਸਵੰਤ ਸਿੰਘ ਨੂੰ ‘ਸੇਵਾ ਰਤਨ ਐਵਾਰਡ’ ਨਾਲ ਕੀਤਾ ਸਨਮਾਨਿਤ

ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ
ਲੁਧਿਆਣਾ : ਮਨੁੱਖਤਾ ਦੀ ਸੇਵਾ ਲਈ ਵਿਸ਼ਵ ਪੱਧਰ ’ਤੇ ਜਾਣੀ ਜਾਂਦੀ ਸੰਸਥਾ ਯੂਨਾਈਟਿਡ ਸਿੱਖਸ ਵੱਲੋਂ ਆਪਣੇ ਪ੍ਰਮੁੱਖ ਵਲੰਟੀਅਰ ਜਸਵੰਤ ਸਿੰਘ ਨੂੰ ਹੜ੍ਹ ਪੀੜਤਾਂ ਦੀ ਨਿਸ਼ਕਾਮ ਸੇਵਾ ਅਤੇ ਰਾਹਤ ਕਾਰਜਾਂ ਵਿੱਚ ਅਹਿਮ ਯੋਗਦਾਨ ਲਈ ਵਿਸ਼ੇਸ਼ ਤੌਰਤੇ ‘ਸੇਵਾ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਗਮ ਲੁਧਿਆਣਾ ਦੇ ਕੋਚਰ ਮਾਰਕੀਟ ਚੌਂਕ ਦੇ ਨਜ਼ਦੀਕ ਸਥਿਤ ਸੰਸਥਾ ਦੇ ਵਿੱਚ ਕੀਤਾ ਗਿਆ, ਜਿਸ ਵਿੱਚ ਸੰਸਥਾ ਦੇ ਅਹੁਦੇਦਾਰਾਂ ਅਤੇ ਕਈ ਸਮਾਜ ਸੇਵੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਯੂਨਾਈਟਿਡ ਸਿੱਖਸ ਦੇ ਸਕੱਤਰ ਦਵਿੰਦਰ ਸਿੰਘ ਅਤੇ ਪੰਜਾਬ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਯੂਨਾਈਟਿਡ ਸਿੱਖਸ ਨੇ ਪਿਛਲੇ ਕਈ ਸਾਲਾਂ ਦੌਰਾਨ ਦੁਨੀਆ ਭਰ ਵਿੱਚ ਆਈਆਂ ਕੁਦਰਤੀ ਆਫ਼ਤਾਂ ਦੇ ਸਮੇਂ ਸਰਗਰਮ ਭੂਮਿਕਾ ਨਿਭਾ ਕੇ ਮਨੁੱਖਤਾ ਦੀ ਸੱਚੀ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਵੀ ਸੰਸਥਾ ਦੇ ਵਲੰਟੀਅਰਾਂ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਦਿਨ-ਰਾਤ ਰਾਹਤ ਕਾਰਜ ਚਲਾਕੇ ਲੋਕਾਂ ਦੀ ਸਹਾਇਤਾ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜਸਵੰਤ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਵਿੱਚ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਬੇਮਿਸਾਲ ਸੇਵਾ ਨਿਭਾਈ। ਉਨ੍ਹਾਂ ਨੇ ਰਾਹਤ ਸਮੱਗਰੀ ਵੰਡਣ ਤੋਂ ਇਲਾਵਾ ਲੋਕਾਂ ਦੀਆਂ ਕੀਮਤੀ ਜਿੰਦਗੀਆਂ ਬਚਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ, ਜਿਸ ਕਰਕੇ ਸੰਸਥਾ ਵੱਲੋਂ ਉਨ੍ਹਾਂ ਨੂੰ ਇਸ ਵਿਸ਼ੇਸ਼ ਸਨਮਾਨ ਨਾਲ ਨਵਾਜਿਆ ਗਿਆ ਹੈ।
ਇਸ ਮੌਕੇ ਤੇ ਦਵਿੰਦਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਯੂਨਾਈਟਿਡ ਸਿੱਖਸ ਵੱਲੋਂ ਸ਼ੁਰੂ ਕੀਤੀ ਗਈ ਸੇਵਾ ਮੁਹਿੰਮ ਅੱਜ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ 11 ਪਿੰਡਾਂ ਦੇ ਮੁੜ ਵਸੇਬੇ ਦੀ ਜ਼ਿੰਮੇਵਾਰੀ ਯੂਨਾਈਟਿਡ ਸਿੱਖਸ ਨੂੰ ਸੌਂਪਣਾ ਸੰਸਥਾ ਲਈ ਮਾਣ ਵਾਲੀ ਗੱਲ ਸੀ। ਉਨ੍ਹਾਂ ਇਸ ਕਾਰਜ ਲਈ ਜ਼ਿਲ੍ਹਾ ਫਿਰੋਜ਼ਪੁਰ ਦੀ ਟੀਮ ਦੇ ਪ੍ਰਮੁੱਖ ਜਗਮੀਤ ਸਿੰਘ ਸਮੇਤ ਸਾਰੇ ਵਲੰਟੀਅਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨੀ ਹੈ। ਉਨ੍ਹਾਂ ਕਿਹਾ ਕਿ ਯੂਨਾਈਟਿਡ ਸਿੱਖਸ ਦੇ ਵਲੰਟੀਅਰ ਹਰ ਔਖੇ ਸਮੇਂ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਹਨ ਅਤੇ ਇਹੀ ਸੰਸਥਾ ਦੀ ਅਸਲੀ ਪਛਾਣ ਹੈ। ਸਮਾਗਮ ਦੌਰਾਨ ਸੁਰਿੰਦਰ ਸਿੰਘ ਮਕੱੜ, ਬਲਵਿੰਦਰ ਸਿੰਘ ਢਿੱਲੋਂ, ਕਸ਼ਮੀਰ ਸਿੰਘ ਠੇਕੇਦਾਰ, ਲਖਵੀਰ ਸਿੰਘ ਗਿੱਲ, ਭੁਪਿੰਦਰ ਸਿੰਘ ਮਕੱੜ, ਜਗਮੀਤ ਸਿੰਘ, ਦਾਨ ਸਿੰਘ ਅਤੇ ਸੰਤ ਸਿੰਘ ਆਸਟ੍ਰੇਲੀਆ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।