ਸੰਯੁਕਤ ਕਿਸਾਨ ਮੋਰਚਾ ਨੇ ਅਮਰੀਕੀ ਰਾਸ਼ਟਰਪਤੀ ਖ਼ਿਲਾਫ਼ ਕੀਤਾ ਪੁਤਲਾ ਫੂਕ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ
Publish Date: Thu, 04 Jun 2026 06:49 PM (IST)
Updated Date: Fri, 05 Jun 2026 03:36 PM (IST)

ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ’ਚੋਂ ਖੇਤੀਬਾੜੀ, ਡੇਅਰੀ ਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਣ ਦਾ ਵਿਰੋਧ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਭਾਰਤ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖਣ ਲਈ ਤੇ ਭਾਰਤ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੀਆਂ ਵਸਤੂਆਂ ਉੱਪਰ ਦਰਾਮਦੀ ਡਿਊਟੀ ਲਗਵਾਉਣ ਵਾਸਤੇ ਪੂਰੇ ਦੇਸ਼ ਅੰਦਰ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤੇ ਗਏ। ਲੁਧਿਆਣਾ ਵਿਖੇ ਰਾਸ਼ਟਰਪਤੀ ਦੇ ਨਾਂ ਡੀਸੀ ਹਿਮਾਂਸ਼ੂ ਜੈਨ ਤੇ ਏਡੀਸੀ ਪੂਨਮ ਸਿੰਘ ਰਾਹੀਂ ਮੰਗ ਪੱਤਰ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਜਿਵੇਂ ਮੁਗਲ ਸ਼ਾਸਕਾਂ ਸਮੇਂ ਈਸਟ ਇੰਡੀਆ ਕੰਪਨੀ ਵੱਲੋਂ ਭਾਰਤ ਅੰਦਰ ਉਸ ਸਮੇਂ ਸਿਰਫ ਵਪਾਰ ਕਰਨ ਲਈ ਇਜਾਜ਼ਤ ਲੈ ਕੇ ਪੂਰੇ ਦੇਸ਼ ਨੂੰ ਗੁਲਾਮ ਕੀਤਾ ਗਿਆ ਸੀ ਅਤੇ ਈਸਟ ਇੰਡੀਆ ਕੰਪਨੀ ਦੀ ਉਸ ਗੁਲਾਮੀ ਤੋਂ ਭਾਰਤ ਨੂੰ ਆਜ਼ਾਦ ਕਰਾਉਣ ਵਾਸਤੇ ਲੱਖਾਂ ਮਰਜੀਵੜਿਆਂ ਨੂੰ ਆਪਣੀਆਂ ਸ਼ਹਾਦਤਾਂ ਦੇਣੀਆਂ ਪਈਆਂ ਸਨ ਅਤੇ ਉਸ ਸਮੇਂ ਦੇ ਭਾਰਤ ਦੇ ਸ਼ਾਸਕਾਂ ਵੱਲੋਂ ਕੀਤੇ ਗਏ ਇੱਕ ਦੇਸ਼ ਮਾਰੂ ਸਮਝੌਤੇ ਦੀ ਵੱਡੀ ਕੀਮਤ ਚੁਕਾਉਣੀ ਪਈ ਸੀ। ਅੱਜ ਫੇਰ ਤੋਂ ਉਸੇ ਰਸਤੇ ਉੱਤੇ ਕੇਂਦਰ ਸਰਕਾਰ ਵੱਲੋਂ ਦੇਸ਼ ਨੂੰ ਤੋਰਨ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕ ਕੇ ਡੋਨਾਲਡ ਟਰੰਪ ਦੇ ਹਰ ਇੱਕ ਹੁਕਮ ਨੂੰ ਮੰਨਿਆ ਜਾ ਰਿਹਾ ਹੈ। ਇਸ ਤੋਂ ਇਹ ਸੰਕੇਤ ਮਿਲ ਰਿਹਾ ਹੈ ਕਿ 140 ਕਰੋੜ ਤੋਂ ਵੱਧ ਆਬਾਦੀ ਵਾਲੇ ਭਾਰਤ ਉੱਪਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਾਸਨ ਨਹੀਂ ਹੈ ਸਗੋਂ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਹੀ ਭਾਰਤ ਉੱਤੇ ਆਪਣੇ ਹੁਕਮ ਲਾਗੂ ਕੀਤੇ ਜਾ ਰਹੇ ਹਨ ਅਤੇ ਭਾਰਤ ਸਰਕਾਰ ਵੱਲੋਂ ਆਪਣੇ ਦੇਸ਼ ਦੇ ਲੋਕਾਂ ਦੇ ਹੱਕ ਵਿੱਚ ਖੜਨ ਦੀ ਬਜਾਏ ਭਾਰਤ ਦੇ ਲੋਕਾਂ ਦਾ ਜ਼ਿੰਦਗੀ ਜਿਊਣ ਦਾ ਹੱਕ ਅਮਰੀਕਾ ਕੋਲ ਗਿਰਵੀ ਰੱਖ ਕੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ। ਇਸ ਨੂੰ ਅੰਤਿਮ ਰੂਪ ਦੇਣ ਲਈ ਹੀ ਅਮਰੀਕਾ ਦਾ ਇੱਕ ਉੱਚ ਪੱਧਰੀ ਵਫਦ ਭਾਰਤ ਆ ਰਿਹਾ ਹੈ। ਉਸ ਲਈ ਹੀ ਅਮਰੀਕਾ ਦੇ ਰਾਸ਼ਟਰਪਤੀ ਦੇ ਪੁਤਲੇ ਫੂਕ ਕੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਭਾਰਤ ਦੇ ਨਾਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਣ ਲਈ ਮੰਗ ਪੱਤਰ ਦਿੱਤੇ ਗਏ ਹਨ। ਬੱਗਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਦੇ ਮੁਖੀ ਹਨ ਪ੍ਰੰਤੂ ਆਪਣੇ ਦੇਸ਼ ਦੇ ਲੋਕਾਂ ਦੇ ਹਿੱਤ ਵਿੱਚ ਸੋਚਣ ਅਤੇ ਆਪਣੇ ਦੇਸ਼ ਦੇ ਲੋਕਾਂ ਦੇ ਹੱਕ ਵਿੱਚ ਖੜਨ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਅੱਗੇ ਗੋਡੇ ਟੇਕ ਕੇ ਬੇਵੱਸ ਹੋਏ ਦਿਖਾਈ ਦੇ ਰਹੇ ਹਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਦੀ ਬਜਾਏ ਡੋਨਾਲਡ ਟਰੰਪ ਵੱਲੋਂ ਭਾਰਤ ਉੱਪਰ ਅਮਰੀਕਾ ਪੱਖੀ ਹੁਕਮ ਲਾਗੂ ਕੀਤੇ ਜਾ ਰਹੇ ਹਨ ਅਤੇ ਅਮਰੀਕੀ ਰਾਸ਼ਟਰਪਤੀ ਵੱਲੋ ਭਾਰਤ ਉੱਪਰ ਦਬਾਅ ਪਾ ਕੇ ਜਿੰਨਾ ਦੇਸ਼ਾਂ ਤੋਂ ਭਾਰਤ ਨੂੰ ਸਸਤਾ ਤੇਲ ਮਿਲਦਾ ਸੀ ਉਸ ਨੂੰ ਬੰਦ ਕਰਵਾਇਆ ਗਿਆ ਤੇ ਡੋਨਾਲਡ ਟਰੰਪ ਵੱਲੋਂ ਦਬਾਅ ਪਾ ਕੇ ਭਾਰਤ ਸਰਕਾਰ ਨੂੰ ਮਹਿੰਗਾ ਤੇਲ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਅਤੇ ਤੇਲ ਮਹਿੰਗਾ ਹੋਣ ਕਾਰਨ ਭਾਰਤ ਵਿੱਚ ਹਰ ਇੱਕ ਵਸਤੂ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ ਅਤੇ ਅਮਰੀਕਾ ਦੇ ਰਾਸ਼ਟਰਪਤੀ ਦੀਆਂ ਇਹਨਾਂ ਹਿਟਲਰ ਸ਼ਾਹੀ ਨੀਤੀਆਂ ਦੀ ਮਾਰ ਭਾਰਤ ਦੇ 140 ਕਰੋੜ ਤੋਂ ਵੱਧ ਲੋਕਾਂ ਨੂੰ ਝੱਲਣੀ ਪੈ ਰਹੀ ਹੈ। ਆਗੂ ਗੁਰਦੀਪ ਸਿੰਘ ਬਰਮਾਂ ਨੇ ਕਿਹਾ ਕਿ ਕਿਸਾਨੀ ਦੀਆਂ ਹੱਕੀ ਮੰਗਾਂ ਐੱਮਐੱਸਪੀ ਦਾ ਗਾਰੰਟੀ ਕਾਨੂੰਨ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ² 50ਫੀਸਦੀ ਫਾਰਮੂਲੇ ਮੁਤਾਬਕ ਫਸਲਾਂ ਦੇ ਭਾਅ, ਕਿਸਾਨਾਂ, ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ ਆਦਿ ਅਤੇ ਕੇਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਅਤੇ ਵੱਖ ਵੱਖ ਸਮੇਂ ਲਿਖਤ ਵਿੱਚ ਕੀਤੇ ਗਏ ਵਾਅਦੇ, ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਕਿਸਾਨੀ ਨੂੰ ਖਤਮ ਕਰਨ ਲਈ ਲਿਆਂਦੇ ਜਾ ਰਹੇ ਕਾਨੂੰਨਾਂ ਅਤੇ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕਦੇ ਹੋਏ ਦੇਸ਼ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ, ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਰਬਾਦ ਕਰਨ ਵਾਲਾ ਕਿਸਾਨ ਮਾਰੂ ਅਤੇ ਦੇਸ਼ਮਾਰੂ ਸਮਝੌਤਾ ਕੀਤਾ ਜਾ ਰਿਹਾ ਹੈ ਜਿਸ ਨਾਲ ਪਹਿਲਾਂ ਹੀ ਸਰਕਾਰ ਵੱਲੋਂ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ ਸੀ² 50 ਫੀਸਦੀ ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਾਂ ਦੇਣ ਕਰਕੇ ਕਿਸਾਨੀ ਦਾ ਆਰਥਿਕ ਤੌਰ ਤੇ ਲੱਕ ਟੁੱਟ ਚੁੱਕਿਆ ਹੈ ਅਤੇ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਇਹਨਾਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰਾਂ ਉੱਪਰ ਲਾਗੂ ਹੁੰਦਾ ਹੈ ਤਾਂ ਫਿਰ ਪਹਿਲਾਂ ਹੀ ਆਤਮ-ਹੱਤਿਆ ਦੇ ਰਸਤੇ ਉੱਪਰ ਤੁਰੀ ਕਿਸਾਨੀ ਬਿਲਕੁੱਲ ਖਤਮ ਹੋ ਜਾਵੇਗੀ। ਇਸ ਮੌਕੇ ਕਰਮਜੀਤ ਸਿੰਘ ਕੋਟ ਆਗਾਂ, ਸਵਰਨਜੀਤ ਸਿੰਘ, ਮਲਕੀਤ ਸਿੰਘ ਘੁਲਾਲ, ਅਮਰੀਕ ਸਿੰਘ ਹਲਵਾਰਾ, ਰਜਵੰਤ ਸਿੰਘ ਗਿੱਲ ਗੁਰਪ੍ਰੀਤ ਸਿੰਘ ਛੰਦੜਾਂ,ਕਲਵੰਤ ਸਿੰਘ ਚੋਮੋ, ਹਰਦੀਪ ਸਿੰਘ,ਸੋਹਣ ਸਿੰਘ ਰੋਸੀਆਣਾ, ਬੂਟਾ ਸਿੰਘ ਜੱਗਾ ਥਰੀਕੇ ਆਦਿ ਕਿਸਾਨ ਆਗੂ ਹਾਜ਼ਰ ਸਨ।