ਪਾਕਿਸਤਾਨ ਦਾ ਇਤਿਹਾਸਕ ਗੁਰਦੁਆਰਾ ਢਾਹੁਣ ’ਤੇ ਭਾਜਪਾ ਨੇ ਜਤਾਈ ਚਿੰਤਾ ਪਾਕਿਸਤਾਨ ਦਾ ਇਤਿਹਾਸਕ ਗੁਰਦੁਆਰਾ ਢਾਹੁਣ ’ਤੇ ਭਾਜਪਾ ਨੇ ਜਤਾਈ ਚਿੰਤਾ
Publish Date: Sat, 04 Jul 2026 07:49 PM (IST)
Updated Date: Sun, 05 Jul 2026 04:06 AM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਭਾਜਪਾ ਦਫ਼ਤਰ ਵਿਖੇ ਸੀਨੀਅਰ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸ਼ੇਖੂਪੁਰਾ ਜ਼ਿਲ੍ਹੇ ਦੇ ਫਾਰੂਕਾਬਾਦ (ਪੁਰਾਣਾ ਨਾਮ ਚੂਹੜਕਾਣਾ) ਵਿੱਚ ਸਥਿਤ ਲਗਭਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਕਥਿਤ ਤੌਰ ਤੇ ਢਾਹੇ ਜਾਣ ਦੀ ਘਟਨਾ ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਧਾਰਮਿਕ ਸਥਾਨ ਨਹੀਂ, ਸਗੋਂ ਸਿੱਖ ਇਤਿਹਾਸ, ਵਿਰਾਸਤ ਅਤੇ ਸਿੰਘ ਸਭਾ ਲਹਿਰ ਦੀਆਂ ਯਾਦਾਂ ਨਾਲ ਜੁੜਿਆ ਇੱਕ ਮਹੱਤਵਪੂਰਨ ਇਤਿਹਾਸਕ ਅਸਥਾਨ ਸੀ। ਧੀਮਾਨ ਨੇ ਕਿਹਾ ਕਿ ਇਹ ਗੁਰਦੁਆਰਾ ਸਿੰਘ ਸਭਾ ਲਹਿਰ ਦਾ ਇੱਕ ਜੀਵੰਤ ਪ੍ਰਤੀਕ ਸੀ। ਸਾਲ 1873 ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਈ ਸਿੰਘ ਸਭਾ ਲਹਿਰ ਦਾ ਮੁੱਖ ਉਦੇਸ਼ ਸਿੱਖ ਧਰਮ ਦੀਆਂ ਮੂਲ ਪਰੰਪਰਾਵਾਂ ਦੀ ਰੱਖਿਆ ਕਰਨਾ, ਧਾਰਮਿਕ ਅਤੇ ਵਿਦਿਅਕ ਜਾਗਰੂਕਤਾ ਫੈਲਾਉਣਾ ਅਤੇ ਸਿੱਖ ਪਛਾਣ ਨੂੰ ਮਜ਼ਬੂਤ ਕਰਨਾ ਸੀ। ਇਸੇ ਲਹਿਰ ਦੀ ਪ੍ਰੇਰਣਾ ਨਾਲ ਫਾਰੂਕਾਬਾਦ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਥਾਪਨਾ ਕੀਤੀ ਗਈ, ਜੋ ਇੱਕ ਸਦੀ ਤੋਂ ਵੀ ਵੱਧ ਸਮੇਂ ਤੱਕ ਸਿੱਖ ਵਿਰਾਸਤ ਦਾ ਮਹੱਤਵਪੂਰਨ ਕੇਂਦਰ ਬਣਿਆ ਰਿਹਾ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਇਸ ਇਲਾਕੇ ਨੂੰ ਚੂਹੜਕਾਣਾ ਦੇ ਨਾਮ ਨਾਲ ਜਾਣਿਆ ਜਾਂਦਾ ਸੀ। 1947 ਦੀ ਵੰਡ ਤੋਂ ਬਾਅਦ ਇਸ ਦਾ ਨਾਮ ਫਾਰੂਕਾਬਾਦ ਰੱਖਿਆ ਗਿਆ। ਵੰਡ ਤੋਂ ਬਾਅਦ ਜ਼ਿਆਦਾਤਰ ਸਿੱਖ ਪਰਿਵਾਰ ਭਾਰਤ ਆ ਗਏ ਅਤੇ ਗੁਰਦੁਆਰਾ ਪਾਕਿਸਤਾਨ ਦੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਅਧੀਨ ਚਲਾ ਗਿਆ। ਸਮੇਂ ਦੇ ਨਾਲ ਇਸ ਦੀ ਸੰਭਾਲ ਵਿੱਚ ਲਾਪਰਵਾਹੀ ਕਾਰਨ ਇਮਾਰਤ ਖਸਤਾਹਾਲ ਹੋ ਗਈ। ਧੀਮਾਨ ਨੇ ਦੋਸ਼ ਲਗਾਇਆ ਕਿ 24 ਜੂਨ ਦੀ ਰਾਤ ਨੂੰ ਸਥਾਨਕ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਭੂ-ਮਾਫੀਆ ਨੇ ਇਸ ਇਤਿਹਾਸਕ ਗੁਰਦੁਆਰੇ ਨੂੰ ਢਾਹ ਦਿੱਤਾ। ਉਨ੍ਹਾਂ ਕਿਹਾ ਕਿ ਸਥਾਨਕ ਸਿੱਖ ਭਾਈਚਾਰੇ ਨੇ ਪਹਿਲਾਂ ਹੀ ਲਿਖਤੀ ਰੂਪ ਵਿੱਚ ਪ੍ਰਸ਼ਾਸਨ ਨੂੰ ਸੰਭਾਵਿਤ ਖ਼ਤਰੇ ਤੋਂ ਜਾਣੂ ਕਰਵਾਇਆ ਸੀ ਅਤੇ ਗੁਰਦੁਆਰੇ ਦੀ ਸੁਰੱਖਿਆ ਲਈ ਮੰਗ ਵੀ ਕੀਤੀ ਸੀ, ਪਰ ਇਸ ਦੇ ਬਾਵਜੂਦ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਵੱਲੋਂ ਜਾਂਚ ਦੇ ਹੁਕਮ ਅਤੇ ਗੁਰਦੁਆਰੇ ਦੀ ਮੁੜ ਉਸਾਰੀ ਦਾ ਐਲਾਨ ਕੀਤਾ ਗਿਆ, ਪਰ ਅਸਲ ਸਵਾਲ ਇਹ ਹੈ ਕਿ ਜਦੋਂ ਖ਼ਤਰੇ ਦੀ ਪਹਿਲਾਂ ਹੀ ਜਾਣਕਾਰੀ ਸੀ ਤਾਂ ਇਸ ਇਤਿਹਾਸਕ ਧਰੋਹਰ ਨੂੰ ਬਚਾਉਣ ਲਈ ਸਮੇਂ ਸਿਰ ਕਦਮ ਕਿਉਂ ਨਹੀਂ ਚੁੱਕੇ ਗਏ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਕਿਸਤਾਨ ਅੱਗੇ ਸਖ਼ਤ ਕੂਟਨੀਤਕ ਵਿਰੋਧ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਥਿਤ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉੱਥੋਂ ਦੀ ਸਰਕਾਰ ਦੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਹੈ। ਅੰਤ ਵਿੱਚ ਧੀਮਾਨ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਕਿਸੇ ਇੱਕ ਦੇਸ਼ ਦੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੀ ਸਾਂਝੀ ਧਰੋਹਰ ਹੁੰਦੀ ਹੈ। ਅਜਿਹੇ ਪਵਿੱਤਰ ਅਤੇ ਇਤਿਹਾਸਕ ਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਲਈ ਅੰਤਰਰਾਸ਼ਟਰੀ ਪੱਧਰ ਤੇ ਗੰਭੀਰ ਯਤਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਜ਼ਿਲ੍ਹਾ ਮੀਤ ਪ੍ਰਧਾਨ ਮਹੇਸ਼ ਸ਼ਰਮਾ, ਡਾ: ਨਿਰਮਲ ਨਈਅਰ, ਪ੍ਰੈੱਸ ਸਕੱਤਰ ਡਾ: ਸਤੀਸ਼ ਕੁਮਾਰ, ਤਰਨਜੀਤ ਸਿੰਘ, ਸੁਰਿੰਦਰ ਸਿੰਘ ਵਿਰਦੀ, ਹਰਜੋਤ ਸਿੰਘ ਕਿੱਟੀ, ਅਮਰੀਕ ਸਿੰਘ ਮੀਕਾ, ਗੁਰਮੁੱਖ ਸਿੰਘ, ਵਿਜੇ ਕੁਮਾਰ ਬਿਆਲਾ ਆਦਿ ਹਾਜ਼ਰ ਸਨ।