...ਹੁਣ ਪੀਏਯੂ ਦੇ ਸਫ਼ਾਈ ਮੁਲਾਜ਼ਮਾਂ ਨੇ ਵੀ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ ...ਹੁਣ ਪੀਏਯੂ ਦੇ ਸਫਾਈ ਕਰਮਚਾਰੀਆਂ ਨੇ ਵੀ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ
Publish Date: Sat, 01 Aug 2026 07:51 PM (IST)
Updated Date: Sat, 01 Aug 2026 07:52 PM (IST)
ਬਰਨਾਲਾ ’ਚ ਸਫ਼ਾਈ ਮੁਲਾਜ਼ਮਾਂ ’ਤੇ ਲਾਠੀਚਾਰਜ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸ਼ੁਰੂ ਕੀਤੀ ਹੜਤਾਲ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ’ਤੇ ਪੀਏਯੂ ਪ੍ਰਸ਼ਾਸਨ ਤੋਂ ਵੀ ਦਿਸੇ ਨਾਰਾਜ਼ ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਬਰਨਾਲਾ ’ਚ ਸਫ਼ਾਈ ਮੁਲਾਜ਼ਮਾਂ ’ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਹੁਣ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਸਫ਼ਾਈ ਮੁਲਾਜ਼ਮਾਂ ਨੇ ਵੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸ਼ਨਿਚਰਵਾਰ ਨੂੰ ਪੀਏਯੂ ਕੈਂਪਸ ਵਿੱਚ ਸਫ਼ਾਈ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਬਰਨਾਲਾ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਦੁਹਰਾਈ। ਰੋਸ ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਨੂੰ ਕਈ ਦਿਨ ਬੀਤ ਚੁੱਕੇ ਹਨ ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਸਫ਼ਾਈ ਮੁਲਾਜ਼ਮਾਂ ਉੱਤੇ ਕਥਿਤ ਲਾਠੀਚਾਰਜ ਕਰਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਸਫ਼ਾਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਫ਼ਾਈ ਮੁਲਾਜ਼ਮ ਇਕਜੁੱਟ ਹੋ ਕੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਹੜਤਾਲ ਅਤੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪੀਏਯੂ ਦੇ ਸਫ਼ਾਈ ਮੁਲਾਜ਼ਮਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਪ੍ਰਤੀ ਵੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕਈ ਮੁਲਾਜ਼ਮ ਸਾਲਾਂ ਤੋਂ ਯੂਨੀਵਰਸਿਟੀ ’ਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਲੰਬੇ ਸਮੇਂ ਤੋਂ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਹੋਰ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਫ਼ਾਈ ਮੁਲਾਜ਼ਮ ਹਰ ਹਾਲਤ ਵਿੱਚ ਆਪਣੀ ਡਿਊਟੀ ਨਿਭਾਉਂਦੇ ਹਨ ਅਤੇ ਸੰਸਥਾਵਾਂ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਨਾ ਤਾਂ ਸਰਕਾਰ ਧਿਆਨ ਦੇ ਰਹੀ ਹੈ ਅਤੇ ਨਾ ਹੀ ਸੰਬੰਧਤ ਪ੍ਰਸ਼ਾਸਨ। ਉਨ੍ਹਾਂ ਮੰਗ ਕੀਤੀ ਕਿ ਬਰਨਾਲਾ ਲਾਠੀਚਾਰਜ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ ਅਤੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ। ਅੰਤ ਵਿੱਚ ਸਫ਼ਾਈ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰੱਖਣਗੇ ਅਤੇ ਮੰਗਾਂ ਮੰਨੇ ਜਾਣ ਤੱਕ ਪਿੱਛੇ ਨਹੀਂ ਹਟਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਪਾਲ, ਕਰਨ ਰਾਣਾ, ਨਰੇਸ਼, ਜਤਿੰਦਰ ਕੁਮਾਰ, ਰਮੇਸ਼ੋ, ਮਨਦੀਪ, ਮੋਨਿਕਾ, ਰੋਜੀ, ਸੁਨੀਤਾ, ਰਕੇਸ਼ ਕੁਮਾਰ, ਮਾਇਆ ਦੇਵੀ, ਵਰਖਾ, ਕਮਲੇਸ਼, ਅਰੁਨਾ ਰਾਣੀ, ਅਲਕਾ, ਇੰਦਰਜੀਤ ਕੌਰ, ਬੀਨਾ ਬਿਡਲਾ, ਸੰਗੀਤਾ, ਸੁਮਨ, ਪਿੰਕੀ, ਆਸ਼ੂ ਆਦਿ ਹਾਜ਼ਰ ਸਨ।