- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਨਿਗਮ ਨੇ ਸ਼ਹਿਰ ਵਿੱਚੋਂ ਰਾਤੋਂ-ਰਾਤ ਹਟਾਏ ਕੂੜੇ ਦੇ ਢੇਰ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਤੋਂ ਠੀਕ ਪਹਿਲਾਂ ਕੂੜੇ ਦਾ ਢੇਰ ਬਣੀਆਂ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਚੌਂਕਾਂ ਨੂੰ ਪਹਿਲਾਂ ਵਾਂਗ ਸਾਫ਼ ਕਰ ਦਿੱਤਾ ਗਿਆ। ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੁਧਿਆਣਾ ਫੇਰੀ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਦੇਰ ਸ਼ਾਮ ਸਫਾਈ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਨਾਲ ਮੀਟਿੰਗ ਕਰਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਜਿਸ ਤੋਂ ਬਾਅਦ ਸਫਾਈ ਮੁਲਾਜ਼ਮਾਂ ਵੱਲੋਂ ਹੜਤਾਲ ਵਾਪਸ ਲੈ ਲਈ ਗਈ ਤੇ ਨਿਗਮ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਕੂੜੇ ਦੇ ਢੇਰ ਹਟਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ। ਸਫਾਈ ਮੁਲਾਜ਼ਮਾਂ ਨੇ ਬਰਨਾਲਾ ਵਿੱਚ ਸਫਾਈ ਮੁਲਾਜ਼ਮਾਂ 'ਤੇ ਹੋਏ ਪੁਲਿਸ ਲਾਠੀਚਾਰਜ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਹੋਈ ਸੀ।
ਇਸ ਕਾਰਨ ਲੁਧਿਆਣਾ ਦੀਆਂ ਸੜਕਾਂ, ਚੌਰਾਹਿਆਂ ਅਤੇ ਬਾਜ਼ਾਰਾਂ ਵਿੱਚ ਕੂੜੇ ਦੇ ਢੇਰ ਲੱਗ ਗਏ ਸਨ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਆਫ਼ ਐਮੀਨੈਂਸ ਦੀ ਲੜੀ ਤਹਿਤ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿੱਲਰਗੰਜ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹੋਈ ਮੀਟਿੰਗ ਤੋਂ ਬਾਅਦ ਜਿਵੇਂ ਹੀ ਹੜਤਾਲ ਵਾਪਸ ਲਈ ਗਈ, ਨਿਗਮ ਦੀਆਂ ਟੀਮਾਂ ਤੁਰੰਤ ਮੈਦਾਨ ਵਿੱਚ ਉਤਰ ਆਈਆਂ। ਜੇਸੀਬੀਆਂ, ਟਿੱਪਰਾਂ ਅਤੇ ਸਫਾਈ ਅਮਲੇ ਦੀ ਮਦਦ ਨਾਲ ਮੁੱਖ ਸੜਕਾਂ ਅਤੇ ਵੀਆਈਪੀ. ਰੂਟਾਂ ਤੋਂ ਕੂੜਾ ਚੁੱਕਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ। ਇਸ ਸਾਰੇ ਘਟਨਾਕ੍ਰਮ ਨੇ ਸ਼ਹਿਰ ਵਾਸੀਆਂ ਨੇ ਕਈ ਸਵਾਲ ਵੀ ਖੜ੍ਹੇ ਕੀਤੇ ਹਨ ਕਿ ਜੇ ਸਫਾਈ ਪ੍ਰਬੰਧ ਇੰਨੀ ਤੇਜ਼ੀ ਨਾਲ ਬਹਾਲ ਹੋ ਸਕਦੇ ਸਨ ਤਾਂ ਸ਼ਹਿਰ ਵਾਸੀਆਂ ਨੂੰ ਕਈ ਦਿਨਾਂ ਤੋਂ ਗੰਦਗੀ ਅਤੇ ਬਦਬੂ ਵਿੱਚ ਕਿਉਂ ਰਹਿਣਾ ਪਿਆ। ਲੋਕਾਂ ਵਿੱਚ ਇਹ ਚਰਚਾ ਵੀ ਰਹੀ ਕਿ ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਹਾਲਾਤ ਸਧਾਰਨ ਬਣਾਉਣ ਲਈ ਪੂਰੀ ਤਾਕਤ ਝੋਕ ਦਿੱਤੀ।
-ਧਰਨਾ ਜਾਰੀ ਰਹੇਗਾ : ਨਰੇਸ਼ ਧੀਂਗਾਨ
ਨਿਗਮ ਦੇ ਸਫਾਈ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਦੇ ਪ੍ਰਧਾਨ ਨਰੇਸ਼ ਧੀਂਗਾਨ ਨੇ ਦੱਸਿਆ ਕਿ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦਿੱਤੇ ਜਾਣ ਮਗਰੋਂ ਸਫਾਈ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਕਮੇਟੀ ਦਾ ਧਰਨਾ ਜਾਰੀ ਰਹੇਗਾ।