- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਦੀਪ ਸਿੰਘ ਮੁੰਡੀਆ ਦੀ ਅਗਵਾਈ ਹੇਠ ਵਾਰਡ ਨੰਬਰ 22 ਵਿੱਚ ਵਿਕਾਸ ਕਾਰਜਾਂ ਨੇ ਫੜੀ ਰਫ਼ਤਾਰ

ਜਗਦੀਪ, ਪੰਜਾਬੀ ਜਾਗਰਣ, ਭਾਮੀਆਂ ਕਲਾਂ : ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਨਿਗਮ ਦੇ ਵਾਰਡ-22 ਵਿੱਚ ਵਿਕਾਸ ਕਾਰਜਾਂ ਨੇ ਨਵੀਂ ਰਫ਼ਤਾਰ ਫੜ ਲਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਜੰਗੀ ਪੱਧਰ 'ਤੇ ਕੰਮ ਜਾਰੀ ਹੈ। ਬਿਜਲੀ, ਸੜਕਾਂ, ਸੀਵਰੇਜ ਤੇ ਪੀਣਯੋਗ ਪਾਣੀ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕ ਰਹੇ ਕੰਮਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਵਿੱਚ ਸੰਤੁਸ਼ਟੀ ਦਾ ਮਾਹੌਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ ਵਾਰਡ ਨੰਬਰ 22 ਤੋਂ ‘ਆਪ’ ਦੇ ਕੌਂਸਲਰ ਜਸਪਾਲ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਦੀਆਂ ਅਸਲ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਬਿਜਲੀ ਟਰਾਂਸਫਾਰਮਰ ਲਗਾਏ ਜਾ ਰਹੇ ਹਨ, ਜਿਸ ਨਾਲ ਬਿਜਲੀ ਸਪਲਾਈ ਹੋਰ ਮਜ਼ਬੂਤ ਅਤੇ ਨਿਰਵਿਘਨ ਹੋਵੇਗੀ। ਇਸ ਦੇ ਨਾਲ ਹੀ ਗਲੀਆਂ ਨੂੰ ਪੱਕਾ ਕਰਨ, ਸੜਕਾਂ ਦੀ ਪੈਚ ਵਰਕ, ਸੀਵਰੇਜ ਲਾਈਨਾਂ ਦੀ ਸਫ਼ਾਈ ਅਤੇ ਜਿੱਥੇ ਲੋੜ ਹੈ ਉੱਥੇ ਨਵੀਆਂ ਪਾਣੀ ਦੀਆਂ ਪਾਈਪਲਾਈਨਾਂ ਵਿਛਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀਆਂ ਮੁੱਢਲੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ। ਪੁਰਾਣੀਆਂ ਤੇ ਖਰਾਬ ਪਾਣੀ ਦੀਆਂ ਪਾਈਪਾਂ ਕਾਰਨ ਪੈਦਾ ਹੋ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਨਵੀਂ ਪਾਈਪਲਾਈਨ ਵਿਛਾਈ ਜਾ ਰਹੀ ਹੈ, ਜਿਸ ਨਾਲ ਹਰ ਘਰ ਤੱਕ ਸੁਚੱਜੀ ਪਾਣੀ ਸਪਲਾਈ ਯਕੀਨੀ ਬਣੇਗੀ। ਸਾਹਨੇਵਾਲ ਹਲਕੇ ਵਿੱਚ ਹਰ ਵਾਰਡ ਦਾ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਲੋਕਾਂ ਦੀ ਲੋੜ ਅਤੇ ਤਰਜੀਹ ਦੇ ਅਨੁਸਾਰ ਕੀਤਾ ਜਾ ਰਿਹਾ ਹੈ। ਜਸਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਅਤੇ ਲੋਕ ਭਲਾਈ ਦੇ ਏਜੰਡੇ 'ਤੇ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਹਨੇਵਾਲ ਹਲਕੇ ’ਚ ਚੱਲ ਰਹੇ ਵਿਕਾਸ ਕੰਮਾਂ ਨਾਲ ਸ਼ਹਿਰੀ ਬੁਨਿਆਦੀ ਢਾਂਚਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਲੋਕਾਂ ਨੂੰ ਹਰ ਪੱਧਰ 'ਤੇ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਕਾਸ ਦੀ ਇਹ ਰਫ਼ਤਾਰ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਅਤੇ ਹਲਕੇ ਨੂੰ ਹਰ ਪੱਖੋਂ ਹੋਰ ਅੱਗੇ ਲਿਜਾਇਆ ਜਾਵੇਗਾ।