- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 83 ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਸਫ਼ਾਈ ਪ੍ਰਬੰਧਾਂ ਦੀ ਖੁੱਲ੍ਹੀ ਪੋਲ

42
ਰਾਜਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰ ਦੇ ਵਾਰਡ ਨੰਬਰ 83 ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਵਿੱਚ ਕਈ ਥਾਵਾਂ ’ਤੇ ਕੂੜਾ ਇਕੱਠਾ ਹੋਣ ਕਾਰਨ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਥਾਵਾਂ ਦੀਆਂ ਤਸਵੀਰਾਂ ਸਫ਼ਾਈ ਪ੍ਰਬੰਧਾਂ ਦੀ ਹਕੀਕਤ ਖੁਦ ਬਿਆਨ ਕਰ ਰਹੀਆਂ ਹਨ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਕੂੜੇ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਕਈ ਥਾਵਾਂ ’ਤੇ ਕੂੜੇ ਦੇ ਢੇਰ ਸੜਕਾਂ ਤੇ ਗਲੀਆਂ ਦੇ ਕੰਢਿਆਂ ’ਤੇ ਫੈਲੇ ਹੋਏ ਹਨ, ਜਿਸ ਕਾਰਨ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਵੀ ਪਰੇਸ਼ਾਨੀ ਹੁੰਦੀ ਹੈ। ਕੂੜਾ ਖੁੱਲ੍ਹੇ ਵਿੱਚ ਪਿਆ ਰਹਿਣ ਕਾਰਨ ਆਸ-ਪਾਸ ਬਦਬੂ ਫੈਲਣ ਦੇ ਨਾਲ-ਨਾਲ ਮੱਛਰਾਂ ਅਤੇ ਹੋਰ ਕੀੜੇ-ਮਕੌੜਿਆਂ ਦੀ ਸਮੱਸਿਆ ਵੀ ਪੈਦਾ ਹੋ ਰਹੀ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਕੂੜਾ ਲੰਬੇ ਸਮੇਂ ਤੱਕ ਪਿਆ ਰਹਿਣ ਕਾਰਨ ਸਥਿਤੀ ਹੋਰ ਵੀ ਖਰਾਬ ਹੋ ਜਾਂਦੀ ਹੈ। ਕੂੜੇ ਵਿੱਚੋਂ ਆਉਂਦੀ ਬਦਬੂ ਕਾਰਨ ਨੇੜਲੇ ਘਰਾਂ ਤੇ ਦੁਕਾਨਦਾਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਅਨੁਸਾਰ ਸਫ਼ਾਈ ਸਿਰਫ਼ ਮੁੱਖ ਸੜਕਾਂ ਤੱਕ ਸੀਮਤ ਨਾ ਰਹੇ, ਸਗੋਂ ਵਾਰਡ ਦੀਆਂ ਗਲੀਆਂ, ਮੁਹੱਲਿਆਂ ਅਤੇ ਕੂੜਾ ਇਕੱਠਾ ਹੋਣ ਵਾਲੀਆਂ ਥਾਵਾਂ ’ਤੇ ਵੀ ਨਿਯਮਤ ਤੌਰ ’ਤੇ ਸਫ਼ਾਈ ਕਰਵਾਈ ਜਾਵੇ। ਲੋਕਾਂ ਨੇ ਸਬੰਧਤ ਨਗਰ ਨਿਗਮ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਵਾਰਡ ਨੰਬਰ 83 ਵਿੱਚ ਸਫ਼ਾਈ ਪ੍ਰਬੰਧਾਂ ਦੀ ਜਾਂਚ ਕਰਵਾਈ ਜਾਵੇ ਅਤੇ ਜਿੱਥੇ ਵੀ ਕੂੜੇ ਦੇ ਢੇਰ ਲੱਗੇ ਹਨ, ਉਨ੍ਹਾਂ ਨੂੰ ਤੁਰੰਤ ਚੁਕਵਾਇਆ ਜਾਵੇ। ਇਸ ਦੇ ਨਾਲ ਹੀ ਕੂੜਾ ਦੁਬਾਰਾ ਇਕੱਠਾ ਨਾ ਹੋਵੇ, ਇਸ ਲਈ ਨਿਯਮਤ ਕੂੜਾ ਚੁੱਕਣ ਦੀ ਵਿਵਸਥਾ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦਾ ਹੱਕ ਹੈ ਅਤੇ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੈ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਲੋਕਾਂ ਨੇ ਆਸ ਜਤਾਈ ਹੈ ਕਿ ਨਗਰ ਨਿਗਮ ਵੱਲੋਂ ਇਸ ਸਮੱਸਿਆ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਜਲਦ ਕਾਰਵਾਈ ਕੀਤੀ ਜਾਵੇਗੀ। ਵਾਰਡ-83 ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਸਫ਼ਾਈ ਪ੍ਰਬੰਧਾਂ ’ਤੇ ਕਈ ਸਵਾਲ ਖੜ੍ਹੇ ਕਰ ਰਹੀਆਂ ਹਨ।