
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਹਾਈ ਸਕੂਲ ਗਿੱਲ ਮਾਰਕੀਟ ਨਿਊ ਜਨਤਾ ਨਗਰ ’ਚ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ ਬੜੇ ਉਤਸ਼ਾਹ, ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਰੋਜ਼ਾਨਾ ਵਾਲੀ ਪ੍ਰਾਰਥਨਾ ਨਾਲ ਹੋਈ। ਇਸ ਉਪਰੰਤ ਵਿਦਿਆਰਥਣ ਜਸਲੀਨ ਕੌਰ 6ਵੀਂ ਸੀ ਦੀ ਵਿਦਿਆਰਥਣ ਨੇ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਇਸ ਤੋਂ ਬਾਅਦ ਰੀਤ ਵਰਮਾ ਕਲਾਸ 10ਵੀਂ ਡੀ ਨੇ ਭਾਰਤ ਦਾ ਗੌਰਵ ਅਤੇ ਮਨਸੀਰਤ ਕੌਰ ਐੱਸਕੇਜੀ ਨੇ ਵੀਰ ਤੁਮ ਬੜੇ ਚਲੋ ਸਿਰਲੇਖ ਹੇਠ ਪ੍ਰਭਾਵਸ਼ਾਲੀ ਕਵਿਤਾਵਾਂ ਪੇਸ਼ ਕਰਕੇ ਸਮਾਗਮ ਵਿੱਚ ਦੇਸ਼ਭਗਤੀ ਦਾ ਰੰਗ ਭਰ ਦਿੱਤਾ। ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਉਪਰੰਤ ਸਕੂਲ ਦੇ ਚੇਅਰਮੈਨ ਜਤਿੰਦਰ ਸਿੰਘ ਅਤੇ ਪ੍ਰਿੰਸੀਪਲ ਅਰਚਨਾ ਸ੍ਰੀਵਾਸਤਵ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਮੂਹ ਹਾਜ਼ਰੀਨ ਨੇ ਪੂਰੇ ਸਤਿਕਾਰ ਨਾਲ ਰਾਸ਼ਟਰੀ ਗਾਨ ਗਾ ਕੇ ਦੇਸ਼ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ। ਇਸ ਮੌਕੇ ਪ੍ਰਿੰਸੀਪਲ ਸ੍ਰੀਵਾਸਤਵ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਜ਼ਾਦੀ ਪ੍ਰਾਪਤ ਕਰਨ ਲਈ ਸੈਨਾਨੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਂਦਿਆਂ ਦੇਸ਼ ਦੀ ਏਕਤਾ, ਅਖੰਡਤਾ, ਅਨੁਸ਼ਾਸਨ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਸਕੂਲ ਦੇ ਸਮੂਹ ਅਧਿਆਪਕਾਂ, ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮੂਹ ਸਮਾਗਮ ਦੇਸ਼ਭਗਤੀ ਦੇ ਮਾਹੌਲ ਵਿੱਚ ਸਫ਼ਲਤਾਪੂਰਵਕ ਸਮਾਪਤ ਹੋਇਆ।