
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਹਿਮ ਖ਼ਬਰ-70 ਸਾਲਾਂ ਵਿੱਚ ਜੋ ਨਹੀਂ ਹੋਇਆ, ਉਹ ਲੁਧਿਆਣਾ ਨਗਰ ਨਿਗਮ ਵਿੱਚ ਦੇਖਣ ਨੂੰ ਮਿਲ ਰਿਹਾ-ਢਿੱਲੋਂ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ “70 ਸਾਲ ’ਚ ਜੋ ਨਹੀਂ ਹੋਇਆ” ਉਹ ਹੋਇਆ ਹੈ। ਸਰਕਾਰ ਆਪਣੀਆਂ ਪ੍ਰਾਪਤੀਆਂ ਗਿਣਾਉਣ ਲਈ ਲਗਾਤਾਰ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਨਾਲ ਤੁਲਨਾ ਕਰਦੀ ਹੈ। ਹੁਣ ਇਹੀ ਤਰ੍ਹਾਂ ਦੇ ਸਵਾਲ ਲੁਧਿਆਣਾ ਨਗਰ ਨਿਗਮ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਉੱਠ ਰਹੇ ਹਨ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਪਿਛਲੇ ਕੁੱਝ ਸਾਲਾਂ ਦੌਰਾਨ ਤੇਜ਼ੀ ਨਾਲ ਵਧਿਆ ਹੈ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿੱਚ ਨਾਰਾਜ਼ਗੀ ਹੈ। ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਜਿਹੜੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ, ਉਹ ਪਹਿਲਾਂ ਕਦੇ ਇਸ ਪੱਧਰ ’ਤੇ ਨਹੀਂ ਦੇਖੀਆਂ ਗਈਆਂ। ਲੁਧਿਆਣਾ ਦੀ ਗੱਲ ਕਰੀਏ ਤਾਂ ਸ਼ਹਿਰ ਦੀਆਂ ਨਾਗਰਿਕ ਸਮੱਸਿਆਵਾਂ ਲਗਾਤਾਰ ਗੰਭੀਰ ਹੁੰਦੀਆਂ ਜਾ ਰਹੀਆਂ ਹਨ। ਨਿਗਮ ਵਿੱਚ ਮੇਅਰ ਦੀ ਕੁਰਸੀ ਨੂੰ ਲੈ ਕੇ ਚੱਲ ਰਹੀ ਸਿਆਸੀ ਖਿੱਚੋਤਾਣ ਦਾ ਸਿੱਧਾ ਅਸਰ ਸ਼ਹਿਰ ਦੇ ਪ੍ਰਬੰਧ ’ਤੇ ਪੈਣ ਦੇ ਦੋਸ਼ ਲੱਗ ਰਹੇ ਹਨ। ਦੂਜੇ ਪਾਸੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਗੰਦਗੀ, ਸੀਵਰੇਜ, ਪੀਣ ਵਾਲੇ ਪਾਣੀ ਤੇ ਟੁੱਟੀਆਂ ਸੜਕਾਂ ਦੀਆਂ ਸ਼ਿਕਾਇਤਾਂ ਆਮ ਹਨ। ਲੋਕਾਂ ਅਨੁਸਾਰ ਕਈ ਵਾਰ ਗੰਦੇ ਪਾਣੀ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਟੁੱਟੀਆਂ ਸੜਕਾਂ ਅਤੇ ਖੁੱਲ੍ਹੇ ਸੀਵਰੇਜ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਮੀਂਹ ਪੈਣ ’ਤੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਸੜਕਾਂ ਦੇ ਨੁਕਸਾਨ ਦੀ ਸਮੱਸਿਆ ਹੋਰ ਗੰਭੀਰ ਹੋ ਜਾਂਦੀ ਹੈ। ਢਿੱਲੋਂ ਨੇ ਕਿਹਾ ਕਿ ਡੇਂਗੂ ਤੇ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਮਸ਼ੀਨਾਂ ਦੀ ਉਪਲਬਧਤਾ ਅਤੇ ਪ੍ਰਭਾਵਸ਼ਾਲੀ ਕਾਰਵਾਈ ਨੂੰ ਲੈ ਕੇ ਵੀ ਸਵਾਲ ਉੱਠਦੇ ਰਹੇ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਦਾ ਮੁੱਢਲਾ ਕੰਮ ਸਾਫ਼-ਸਫ਼ਾਈ, ਸੀਵਰੇਜ, ਸੜਕਾਂ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ, ਪਰ ਇਨ੍ਹਾਂ ਮਾਮਲਿਆਂ ਵਿੱਚ ਹਾਲਾਤ ਸੰਤੋਸ਼ਜਨਕ ਨਹੀਂ ਹਨ।
ਵਿੱਤ ਤੇ ਠੇਕਾ ਕਮੇਟੀ ਸਮੇਤ ਨਿਗਮ ਦੇ ਕੰਮਕਾਜ ਨੂੰ ਲੈ ਕੇ ਅਦਾਲਤੀ ਪੱਧਰ ’ਤੇ ਵੀ ਸਵਾਲ ਉੱਠ ਚੁੱਕੇ ਹਨ। ਇਸ ਸਾਰੇ ਘਟਨਾਕ੍ਰਮ ਨੇ ਲੁਧਿਆਣਾ ਨਗਰ ਨਿਗਮ ਦੇ ਪ੍ਰਸ਼ਾਸਨ ਅਤੇ ਸਿਆਸੀ ਪ੍ਰਬੰਧ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਧਿਰਾਂ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਲੁਧਿਆਣਾ ਦੀ ਨਗਰ ਨਿਗਮ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਿਆਸੀ ਕੁਰਸੀ ਦੀ ਲੜਾਈ ਤੋਂ ਬਾਹਰ ਨਿਕਲ ਕੇ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਬਿਹਤਰ ਪ੍ਰਬੰਧ ਦੇਣ ਵਿੱਚ ਕਦੋਂ ਕਾਮਯਾਬ ਹੁੰਦਾ ਹੈ।