
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਚੀਨੀ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ ਨੂੰ ਘੇਰਿਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਚੀਨੀ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਬਲਾਕ ਕਾਂਗਰਸ ਡੇਹਲੋਂ ਦੇ ਪ੍ਰਧਾਨ ਮਨਜਿੰਦਰ ਸਿੰਘ ਸੀਲੋ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਡੀਆ ਸਕੱਤਰ ਪਰਮਿੰਦਰ ਸਿੰਘ ਗਾਬੀ ਪੋਹੀੜ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਗੰਨੇ ਨੂੰ ਇਥਨੌਲ ਉਤਪਾਦਨ ਵੱਲ ਮੋੜਨ ਦੀ ਨੀਤੀ ਅਪਣਾਈ ਗਈ ਅਤੇ ਹੁਣ ਘਰੇਲੂ ਲੋੜ ਪੂਰੀ ਕਰਨ ਲਈ 10 ਲੱਖ ਟਨ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਚੀਨੀ ਦੀਆਂ ਵਧੀਆਂ ਕੀਮਤਾਂ ਕਾਰਨ ਘਰੇਲੂ ਰਸੋਈ ਦਾ ਬਜਟ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਨੂੰ ਹੁਣ ਚੀਨੀ ਦੀ ਦਰਾਮਦ ਕਰਨੀ ਪੈ ਰਹੀ ਹੈ ਤਾਂ ਪਹਿਲਾਂ ਚੀਨੀ ਦੀ ਬਰਾਮਦ ’ਤੇ ਰੋਕ ਲਾਉਣ ਤੇ ਗੰਨੇ ਨੂੰ ਇਥਨੋਲ ਵੱਲ ਮੋੜਨ ਦੀਆਂ ਨੀਤੀਆਂ ਬਾਰੇ ਮੁੜ ਵਿਚਾਰ ਕਿਉਂ ਨਹੀਂ ਕੀਤਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੀਨੀ ਦੀਆਂ ਵਧੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।