ਮੁੱਖ ਮੰਤਰੀ ਦੇ ਪਿੰਡ ’ਚ ਵਹੀਰਾਂ ਘੱਤ ਕੇ ਜਾਵੇਗੀ ਏਟਕ : ਬਾਸਰਕੇ ਅਹਿਮ ਖ਼ਬਰ-ਮੁੱਖ ਮੰਤਰੀ ਦੇ ਪਿੰਡ 'ਚ ਵਹੀਰਾਂ ਘੱਤ ਕੇ ਜਾਵੇਗੀ ਏਟਕ-ਬਾਸਰਕੇ
Publish Date: Sat, 22 Aug 2026 08:18 PM (IST)
Updated Date: Sat, 22 Aug 2026 08:21 PM (IST)
27 ਅਗਸਤ ਦੇ ਸੰਘਰਸ਼ ਨੂੰ ਸਮਰਥਨ ਦੇਣ ਤੇ ਸਤੰਬਰ ’ਚ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ ਸੁਰੇਸ਼ ਕੁਮਾਰ, ਪੰਜਾਬੀ ਜਾਗਰਣ ਲੁਧਿਆਣਾ : ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਬਾਸਰਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਹਰਵਿੰਦਰ ਸਿੰਘ ਅਕਾਲਗੜ੍ਹ ਨੇ ਚਲਾਈ। ਮੀਟਿੰਗ ’ਚ 10 ਏਜੰਡਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਸਿੰਘ ਸੈਣੀ, ਮੀਤ ਪ੍ਰਧਾਨ ਅਰੁਣ ਕੁਮਾਰ, ਮੀਤ ਪ੍ਰਧਾਨ ਮੋਹਨ ਸਿੰਘ ਗਿੱਲ, ਸੂਬਾ ਸਕੱਤਰ ਗੁਰਪ੍ਰੀਤ ਸਿੰਘ ਮਹਿੰਦੂਦਾਂ, ਸਕੱਤਰ ਸਾਹਿਬ ਸਿੰਘ, ਐਡੀਟਰ ਠਾਕੁਰ ਪ੍ਰੀਤ ਸਿੰਘ, ਜਥੇਬੰਦਕ ਸਕੱਤਰ ਕ੍ਰਿਸ਼ਨ ਕਾਂਤ ਅਤੇ ਸਹਾਇਕ ਕੈਸ਼ੀਅਰ ਮਨਿੰਦਰਜੀਤ ਸਿੰਘ ਨੇ ਆਪਣੇ-ਆਪਣੇ ਵਿਚਾਰ ਰੱਖੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਬਾਸਰਕੇ ਨੇ ਕਿਹਾ ਕਿ ਮਾਨ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਸਮਝੌਤਿਆਂ ਤੋਂ ਲਗਾਤਾਰ ਭੱਜ ਰਹੀ ਹੈ ਜਿਸ ਕਾਰਨ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸਰਕਾਰ ਖਿਲਾਫ ਮੋਰਚਾ ਖੋਲ੍ਹੀ ਬੈਠਾ ਹੈ ਅਤੇ ਚੰਡੀਗੜ੍ਹ ’ਚ ਇਤਿਹਾਸਕ ਮਹਾਂ ਰੈਲੀ ਕਰਕੇ ਮੰਗਾਂ ਨਾ ਮੰਨਣ ’ਤੇ ਸਰਕਾਰ ਦਾ ਤਖਤਾ ਪਲਟਣ ਦਾ ਐਲਾਨ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੋਜ ਵਿਖੇ ਇਤਿਹਾਸਕ ਰੋਸ ਮਾਰਚ ਕੀਤਾ ਜਾ ਰਿਹਾ ਹੈ। ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਇਸ ਵਿਸ਼ਾਲ ਰੋਸ ਮਾਰਚ ਚ ਪੰਜਾਬ ਭਰ ਤੋਂ ਵਹੀਰਾਂ ਘੱਤ ਕੇ ਸ਼ਮੂਲੀਅਤ ਕਰੇਗੀ। ਜਨਰਲ ਸਕੱਤਰ ਹਰਵਿੰਦਰ ਸਿੰਘ ਅਕਾਲਗੜ੍ਹ ਨੇ ਕਿਹਾ ਕਿ ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਮੁਲਾਜ਼ਮ ਮੰਚ ਵੱਲੋਂ 27 ਅਗਸਤ ਨੂੰ ਦਿੱਤੇ ਗਏ ਤਿੱਖੇ ਸੰਘਰਸ਼ ਦੇ ਪ੍ਰੋਗਰਾਮ ਨੂੰ ਫੈਡਰੇਸ਼ਨ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਬਿਜਲੀ ਏਕਤਾ ਮੰਚ ਅਤੇ ਜੁਆਇੰਟ ਫੋਰਮ ਨਾਲ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਵੇਜ ਫਾਰਮੂਲੇਸ਼ਨ ਕਮੇਟੀ ਵੱਲੋਂ ਜਾਰੀ ਕੀਤੀ ਗਈ ਅੰਤਰਿਮ ਰਿਪੋਰਟ ’ਚ ਮੁਲਾਜ਼ਮਾਂ ਨੂੰ ਕੱਖ ਵੀ ਨਹੀਂ ਦਿੱਤਾ ਗਿਆ, ਜਿਸ ਕਾਰਨ ਬਿਜਲੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਜਥੇਬੰਦੀਆਂ ਚ ਭਾਰੀ ਰੋਸ ਹੈ। ਆਪਣੀਆਂ ਮੰਗਾਂ ਮਨਵਾਉਣ ਲਈ ਬਿਜਲੀ ਕਾਮੇ ਸਤੰਬਰ ਮਹੀਨੇ ’ਚ ਖੁਦ ਆਰ-ਪਾਰ ਦੀ ਲੜਾਈ ਸ਼ੁਰੂ ਕਰਨਗੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਹਰ ਤਰ੍ਹਾਂ ਦੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।