
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਚੰਡੀਗੜ੍ਹ ਮੋਰਚੇ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਤਿਆਰੀਆਂ ਮੁਕੰਮਲ

-ਹਜ਼ਾਰਾਂ ਕਿਸਾਨ, ਮਜ਼ਦੂਰ ਤੇ ਆਮ ਲੋਕ ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਚੰਡੀਗੜ੍ਹ ਵੱਲ ਕਰਨਗੇ ਕੂਚ
20)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਇਕ ਸਤੰਬਰ ਨੂੰ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਭਰ ਵਿੱਚ ਸਰਗਰਮੀਆਂ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦਾ ਕਹਿਣਾ ਹੈ ਕਿ ਪੰਜਾਬ ਨਾਲ ਸਬੰਧਿਤ ਨੀਤੀਗਤ ਅਤੇ ਚਲੰਤ ਮੰਗਾਂ ਨੂੰ ਲੈ ਕੇ ਇਕ ਸਤੰਬਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਆਮ ਲੋਕ ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਚੰਡੀਗੜ੍ਹ ਵੱਲ ਕੂਚ ਕਰਨਗੇ।
ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਜ਼ਰੂਰੀ ਮੀਟਿੰਗ ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ ਅਤੇ ਹਰਭਜਨ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਇਕ ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਰਗਰਮੀਆਂ ਹੋਰ ਤੇਜ਼ ਕਰਨ ਦਾ ਫੈਸਲਾ ਲਿਆ ਗਿਆ।
ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਇਕ ਸਤੰਬਰ ਦੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਮੋਰਚੇ ਵੱਲੋਂ ਉਠਾਈਆਂ ਗਈਆਂ ਮੰਗਾਂ ਵਿੱਚ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਪਿਛਲੇ ਸਾਰੇ ਸਮਝੌਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਰੱਦ ਕਰਨਾ, ਬੀਬੀਐੱਮਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨਾ ਅਤੇ ਡੈਮ ਸੇਫਟੀ ਐਕਟ ਰੱਦ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਆਫ਼ਤ ਪ੍ਰਬੰਧਨ ਕਾਨੂੰਨ-2024 ਵਾਪਸ ਲੈਣ, ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਦੀ ਗਾਰੰਟੀ ਲਾਗੂ ਕਰਨ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਫ਼ਸਲਾਂ ਦੀ ਖਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਮੋਰਚੇ ਨੇ ਕਿਹਾ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਸਹਿਕਾਰੀ ਖੰਡ ਮਿੱਲਾਂ ਦੀ ਤਰ੍ਹਾਂ ਪ੍ਰਾਈਵੇਟ ਖੰਡ ਮਿੱਲਾਂ ਦੀ ਅਦਾਇਗੀ ਵੀ ਇਕ ਕਾਊਂਟਰ ਰਾਹੀਂ ਕਰਨ ਦੀ ਮੰਗ ਵੀ ਕੀਤੀ ਗਈ। ਇਸ ਦੇ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਲਈ 10 ਹਜ਼ਾਰ ਰੁਪਏ ਮਹੀਨਾ ਬੁਢਾਪਾ ਪੈਨਸ਼ਨ ਦੀ ਮੰਗ ਰੱਖੀ ਗਈ ਹੈ।
ਮੋਰਚੇ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਪੱਕੇ ਤੌਰ ’ਤੇ ਖਤਮ ਕਰਨ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਜੇਕਰ ਕਿਸੇ ਜਨਤਕ ਅਦਾਰੇ ਲਈ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨੀ ਲਾਜ਼ਮੀ ਹੋਵੇ ਤਾਂ ਇਹ ਭੂਮੀ ਅਧਿਗ੍ਰਹਿਣ ਕਾਨੂੰਨ-2013 ਅਨੁਸਾਰ ਕੀਤੀ ਜਾਵੇ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਵਪਾਰਕ ਲਾਂਘੇ ਖੋਲ੍ਹਣ, ਬਿਜਲੀ ਬਿੱਲ-2025 ਅਤੇ ਬੀਜ ਬਿੱਲ-2025 ਵਾਪਸ ਲੈਣ ਅਤੇ ਅਮਰੀਕਾ ਤੇ ਹੋਰ ਯੂਰਪੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ ਇਕ ਸਤੰਬਰ ਨੂੰ ਚੰਡੀਗੜ੍ਹ ਮੋਰਚੇ ਵਿੱਚ ਲੋਕ ਹੁੰਮ-ਹੁਮਾ ਕੇ ਪਹੁੰਚਣ। ਮੀਟਿੰਗ ਵਿੱਚ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ 27 ਅਗਸਤ ਨੂੰ ਕੀਤੇ ਜਾ ਰਹੇ ਅੰਦੋਲਨ ਦੀ ਪੁਰਜ਼ੋਰ ਹਮਾਇਤ ਦਾ ਵੀ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਜੋਗਿੰਦਰ ਸਿੰਘ ਉਗਰਾਹਾਂ, ਅਵਤਾਰ ਸਿੰਘ ਮਹਿਮਾ, ਮਨਜੀਤ ਸਿੰਘ ਧਨੇਰ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਗੁਰਨਾਮ ਸਿੰਘ ਭਿੱਖੀ, ਬਲਵਿੰਦਰ ਸਿੰਘ ਰਾਜੂ ਔਲਖ, ਸਤਨਾਮ ਸਿੰਘ ਸੰਧੂ, ਬਲਦੇਵ ਸਿੰਘ ਨਿਹਾਲਗੜ੍ਹ, ਅਵਤਾਰ ਸਿੰਘ ਮੇਹਲੋ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਦਲਬੀਰ ਸਿੰਘ ਸਿੱਧੂਪੁਰ, ਜਗਮੋਹਨ ਸਿੰਘ ਉੱਪਲ, ਜਸਕਰਨ ਸਿੰਘ ਗੋਲੇਵਾਲਾ, ਪਵਿੱਤਰ ਸਿੰਘ ਲਾਲੀ, ਝੰਡਾ ਸਿੰਘ ਜੇਠੂਕੇ, ਬੂਟਾ ਸਿੰਘ ਸ਼ਾਦੀਪੁਰ, ਅੰਗਰੇਜ਼ ਸਿੰਘ ਭਦੌੜ, ਰਘਵੀਰ ਸਿੰਘ ਮੇਹਰਵਾਲਾ, ਨਛੱਤਰ ਸਿੰਘ ਜੈਤੋ, ਵੀਰ ਸਿੰਘ ਬੜਵਾ, ਵੀਰਪਾਲ ਸਿੰਘ ਢਿੱਲੋਂ, ਹਰਿੰਦਰ ਸਿੰਘ ਟਿਵਾਣਾ, ਸੁਖਵਿੰਦਰ ਸਿੰਘ ਦਰਾਵਾ ਤੇ ਮੁਕੇਸ਼ ਚੰਦਰ ਸ਼ਰਮਾ ਸਮੇਤ ਹੋਰ ਆਗੂ ਤੇ ਸਾਥੀ ਹਾਜ਼ਰ ਸਨ।