
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਹਿਮ ਖ਼ਬਰ-ਪੰਜਾਬ ਕਾਂਗਰਸ ਚੋਣਾਂ ਲਈ ਇੱਕਜੁੱਟ ਹੋ ਕੇ ਮੈਦਾਨ ਵਿੱਚ ਉਤਰੇਗੀ-ਰਵਿੰਦਰ ਡਾਲਵੀ

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਟਿੱਬਾ ਰੋਡ ਸਥਿਤ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਕੀਤੀ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵਿੰਦਰ ਡਾਲਵੀ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੂਰੀ ਮਜ਼ਬੂਤੀ ਤੇ ਇਕਜੁੱਟਤਾ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਤੋਂ ਪੂਰੇ ਪੰਜਾਬ ਵਿੱਚ ਕਾਂਗਰਸ ਵੱਲੋਂ ਵੱਡੇ ਪੱਧਰ ’ਤੇ ਜਨ ਸਭਾਵਾਂ ਅਤੇ ਬੱਸ ਯਾਤਰਾ ਰਾਹੀਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਮੁਤਾਬਕ ਇਨ੍ਹਾਂ ਜਨ ਸਭਾਵਾਂ ਅਤੇ ਚੋਣ ਮੁਹਿੰਮ ਦੀ ਅਗਵਾਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਕਰਨਗੇ। ਡਾਲਵੀ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਸਮੁੱਚਾ ਸੀਨੀਅਰ ਲੀਡਰਸ਼ਿਪ ਪਾਰਟੀ ਹਾਈਕਮਾਂਡ ਦੇ ਮਾਰਗਦਰਸ਼ਨ ਹੇਠ ਇਕਜੁੱਟ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰੇਗਾ। ਉਨ੍ਹਾਂ ਭਰੋਸਾ ਜ਼ਾਹਰ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਜਿੱਤ ਹਾਸਲ ਕਰਨਗੇ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ, ਤਾਂ ਜੋ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣ ਸਕੇ। ਮੀਟਿੰਗ ਦੌਰਾਨ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ, ਬੂਥ ਪੱਧਰ ਤੱਕ ਪਾਰਟੀ ਨੂੰ ਸਰਗਰਮ ਬਣਾਉਣ, ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਅਤੇ ਪਾਰਟੀ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਦੇ ਅਹੁਦੇਦਾਰਾਂ ਤੋਂ ਇਲਾਵਾ ਯੂਥ ਕਾਂਗਰਸ, ਸੇਵਾ ਦਲ, ਲੀਗਲ ਸੈੱਲ, ਅਨੁਸੂਚਿਤ ਜਾਤੀ (ਐੱਸਸੀ) ਸੈੱਲ ਅਤੇ ਪੱਛੜਾ ਵਰਗ (ਬੀਸੀ) ਸੈੱਲ ਦੇ ਸੀਨੀਅਰ ਅਹੁਦੇਦਾਰ ਵੀ ਹਾਜ਼ਰ ਸਨ।