
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਹਿਮ ਖ਼ਬਰ-ਪੰਜਾਬ ਮਹਾਂਬੰਦ ਮੁਲਾਜ਼ਮ ਘੋਲ਼ਾਂ ਵਿੱਚ ਇਤਿਹਾਸਿਕ ਮੀਲਪੱਥਰ ਸਾਬਤ ਹੋਵੇਗਾ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਉਲੀਕੇ ਪੰਜਾਬ ਮਹਾਂਬੰਦ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਮਿਸਾਲੀ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਤੇ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਮੁਲਾਜ਼ਮਾਂ/ਪੈਨਸ਼ਨਰਾਂ ਦੇ ਕਿਸੇ ਵੀ ਵਰਗ ਦੀਆਂ ਮੰਗਾਂ ਨੂੰ ਹੱਲ ਕਰਨ ਵਿੱਚ ਨਕਾਮ ਸਾਬਤ ਹੋਈ ਭਗਵੰਤ ਮਾਨ ਸਰਕਾਰ ਹੁਣ ਹਾਈ ਕੋਰਟ ਅਤੇ ਜਨਤਕ ਤੌਰ ਤੇ ਮੁਲਾਜ਼ਮਾਂ ਦੇ ਵਿਰੋਧ ’ਚ ਖੜ੍ਹ ਚੁੱਕੀ ਹੈ, ਜਿਸ ਦੇ ਪ੍ਰਤੀਕਰਮ ਵਜੋਂ ਪੰਜਾਬ ਸਰਕਾਰ ਖਿਲਾਫ ਮੁਲਾਜ਼ਮਾਂ ਦਾ ਰੋਹ ਸਿਖਰ ’ਤੇ ਹੈ। ਮੁਲਾਜ਼ਮਾਂ ਦੀਆਂ ਪ੍ਰਮੁੱਖ ਵਿੱਤੀ ਮੰਗਾਂ, ਜਿਸ ’ਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਆਧਾਰਿਤ ਨਵੇਂ ਤਨਖ਼ਾਹ ਸਕੇਲਾਂ ਨੂੰ ਰੱਦ ਕਰਨਾ, ਬਾਜ਼ਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਨਾ ਕਰਨ, ਸਮਗਰਾ ਤੋਂ ਸਿੱਖਿਆ ਵਿਭਾਗ ’ਚ ਰੈਗੂਲਰ ਕੀਤੇ 1007 ਐੱਸਐੱਸਏ/ਮਿੱਡ ਡੇ ਮੀਲ ਮੁਲਾਜ਼ਮਾਂ ਨੂੰ ਵਿੱਤ ਵਿਭਾਗ ਦੇ ਪੱਤਰ ਅਨੁਸਾਰ ਸਾਲ 2018 ਤੋਂ ਸਾਰੇ ਵਿੱਤੀ ਲਾਭ ਨਾ ਦੇਣ, ਮੁਲਾਜ਼ਮਾਂ ਦਾ 18 ਫੀਸਦੀ ਪੈਂਡਿੰਗ ਮਹਿੰਗਾਈ ਭੱਤਾ ਰੋਕਣ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨ, ਰੀਕਾਸਟ ਲਿਸਟਾਂ ਦੇ ਨਾਂ ਹੇਠ 4161 ਮਾਸਟਰ, 6635 ਈਟੀਟੀ ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸਾਂ ਨੂੰ ਰੱਦ ਕਰਕੇ ਉਹਨਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਨਾ ਕਰਨ, ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨ ਖ਼ਿਲਾਫ਼ ਮੁਲਾਜ਼ਮ 27 ਅਗਸਤ ਨੂੰ ਸਮੁੱਚਾ ਪ੍ਰਸ਼ਾਸਕੀ ਕੰਮ-ਕਾਜ ਠੱਪ ਕਰਨਗੇ। ਇਸ ਮੌਕੇ ਮੀਤ ਪ੍ਰਧਾਨ ਬਲਵੀਰ ਸਿੰਘ ਬਾਸੀਆਂ, ਮੀਤ ਪ੍ਰਧਾਨ ਜੰਗਪਾਲ ਸਿੰਘ ਰਾਏਕੋਟ ਨੇ ਦੱਸਿਆ ਕਿ ਡੀਟੀਐੱਫ ਦੀਆਂ ਆਗੂ ਟੀਮਾਂ ਪੰਜਾਬ ਮਹਾਂਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਸਰਗਰਮ ਮੁਹਿੰਮ ਚਲਾ ਰਹੀ ਹੈ ਤੇ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਲੈਣ ਲਈ ਲਾਮਬੰਦ ਕਰ ਰਹੇ ਹਨ।