
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਹਿਮ ਖ਼ਬਰ-ਆਮ ਆਦਮੀ ਕਲੀਨਿਕਾਂ ਦੀਆਂ ਓਪੀਡੀਜ਼ ਦੂਜੇ ਦਿਨ ਵੀ ਬੰਦ ਰਹੀਆਂ

ਫੋਟੋ ਨੰਬਰ-41
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਆਮ ਆਦਮੀ ਕਲੀਨਿਕਾਂ ਵਿੱਚ ਇੱਕ ਵਾਰ ਫਿਰ ਦੂਜੀ ਵਾਰ ਪੰਜਾਬ ਭਰ ਵਿੱਚ ਓਪੀਡੀਜ਼ ਸੇਵਾਵਾਂ ਬੰਦ ਹੋਣ ਕਾਰਨ ਪਹਿਲਾਂ ਤੋਂ ਹੀ ਪ੍ਰੇਸ਼ਾਨ ਮਰੀਜ਼ਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵੱਲੋਂ 25 ਅਗਸਤ ਨੂੰ ਸੂਬੇ ਭਰ ਦੀਆਂ ਆਮ ਆਦਮੀ ਕਲੀਨਿਕਾਂ ਵਿੱਚ ਓਪੀਡੀਜ਼ ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਐਲਾਨ ਕੀਤਾ ਜੇ ਕਰ ਸਰਕਾਰ ਸਿਹਤ ਕਾਮਿਆਂ ਦੀਆਂ ਮੰਗਾਂ ਦਾ ਹੱਲ ਜਲਦੀ ਨਹੀ ਕਰਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ । ਸਿਹਤ ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਧਰਨਾ ਦਿੱਤਾ ਗਿਆ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੀ ਤਰ੍ਹਾਂ ਲੁਧਿਆਣਾ ਵਿੱਚ ਵੀ ਸਿਵਲ ਸਰਜਨ ਦਫ਼ਤਰ ਅੱਗੇ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਬਠਿੰਡਾ ਨੇ ਦੱਸਿਆ ਕਿ ਪਿਛਲੇ ਦਿਨੀ ਫਰੰਟ ਦੇ ਆਗੂਆਂ ਦੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਅਧਿਕਾਰੀਆਂ ਹੋਈ ਮੀਟਿੰਗ ਵਿੱਚ ਵੱਖ-ਵੱਖ ਮੰਗਾਂ ਉਤੇ ਸਹਿਮਤੀ ਬਣੀ ਸੀ ਪਰ ਇੱਕ ਮਹੀਨਾ ਬੀਤਣ ਦੇ ਬਾਵਜੂਦ ਕੋਈ ਵੀ ਸਰਕਾਰ ਨੇ ਚਿੱਠੀ ਪੱਤਰ ਜਾਰੀ ਨਹੀ ਕੀਤਾ, ਜਿਸ ਕਰਕੇ ਮਜਬੂਰ ਹੋ ਕੇ ਸਿਹਤ ਕਾਮੇ ਮੁੜ ਸੰਘਰਸ਼ ਦੇ ਰਾਹ ਪੈ ਗਏ ਹਨ । ਫਰੰਟ ਦੇ ਸੂਬਾਈ ਆਗੂ ਤੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮੈਡੀਕਲ ਅਫ਼ਸਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਡਾ ਜਸਕਰਨ ਸਿੰਘ ਤੇ ਡਾ: ਰਿਤਿਕਾ ,ਫਾਰਮੇਸੀ ਅਫਸਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਮਨਮੋਹਣ ਸ਼ਰਮਾ ਤੇ ਕਲੀਨਿਕ ਸਹਾਇਕ ਫਰੰਟ ਦੀ ਜ਼ਿਲ੍ਹਾ ਕਮੇਟੀ ਗੁਰਪ੍ਰੀਤ ਕੌਰ ਤੋਂ ਇਲਾਵਾ ਹਰਦੀਪ ਸਿੰਘ ਹੰਬੜਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਗਭਗ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਮੰਗਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ, ਜਿਸ ਕਰਕੇ ਸਿਹਤ ਕਾਮਿਆਂ ਵਿੱਚ ਗੁੱਸੇ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਰੋਸ ਵਜੋਂ ਫਰੰਟ ਨੇ ਕੱਲ੍ਹ 27 ਅਗਸਤ ਨੂੰ ਵੀ ਆਮ ਆਦਮੀ ਕਲੀਨਿਕਾਂ ਦੀਆਂ ਓਪੀਡੀਜ਼ ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਫਰੰਟ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ |ਸਾਂਝਾ ਫਰੰਟ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸਹਿਮਤੀ ਅਨੁਸਾਰ ਮੰਗਾਂ ਨੂੰ ਬਿਨਾਂ ਹੋਰ ਦੇਰੀ ਲਾਗੂ ਕੀਤਾ ਜਾਵੇ, ਤਾਂ ਜੋ ਕਾਮਿਆਂ ਦੀਆਂ ਸਮੱਸਿਆਵਾਂ ਦਾ ਹੱਲ ਹੋਣ ਦੇ ਨਾਲ-ਨਾਲ ਮਰੀਜ਼ਾਂ ਨੂੰ ਵੀ ਸਿਹਤ ਸੇਵਾਵਾਂ ਲਈ ਹੋ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ। ਇਸ ਮੌਕੇ ਡਾਕਟਰਾਂ, ਫਾਰਮਾਸਿਸਟਾਂ ਤੇ ਕਲੀਨਿਕ ਸਹਾਇਕਾਂ ਨੇ ਸ਼ਮੂਲੀਅਤ ਕੀਤੀ।