
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

‘ਨੰਨ੍ਹੇ ਕਦਮ’ ਤਹਿਤ ਰੁਚੀ ਬਾਵਾ ਨੇ ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ ਤੇ ਸੁਰੱਖਿਆ ਬਾਰੇ ਕੀਤਾ ਜਾਗਰੂਕ

-ਕਿਹਾ, ਸੁਰੱਖਿਅਤ ਤੇ ਸਹਾਇਕ ਮਾਹੌਲ ਹਰ ਵਿਦਿਆਰਥੀ ਦਾ ਮੁੱਢਲਾ ਹੱਕ
ਫੋਟੋ ਨੰਬਰ-14
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਖੁਰਦ ਵਿਖੇ ‘ਨੰਨ੍ਹੇ ਕਦਮ’ ਪਹਿਲਕਦਮੀ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਦਾ ਉਦੇਸ਼ ਬਾਲ ਅਧਿਕਾਰਾਂ, ਸੁਰੱਖਿਆ ਤੇ ਬੱਚਿਆਂ ਦੀ ਭਲਾਈ ਪ੍ਰਤੀ ਜਾਗਰੂਕਤਾ ਵਧਾਉਣਾ ਸੀ। ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ ਨੇ ਸਕੂਲ ਦੇ 410 ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ। ਬਾਵਾ ਨੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਗੰਭੀਰ ਰਹਿਣ, ਆਪਣੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ, ਪਰੇਸ਼ਾਨੀ ਜਾਂ ਅਣਗਹਿਲੀ ਦਾ ਸਾਹਮਣਾ ਕਰਨ ’ਤੇ ਚੁੱਪ ਨਾ ਰਹਿਣ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਸਹਾਇਕ ਮਾਹੌਲ ਵਿੱਚ ਵਧਣ-ਫੁੱਲਣ ਦਾ ਅਧਿਕਾਰ ਹੈ। ਉਨ੍ਹਾਂ ਨੇ ਨਿੱਜੀ ਸੁਰੱਖਿਆ, ਭਾਵਨਾਤਮਕ ਤੰਦਰੁਸਤੀ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਆਪਣੀਆਂ ਸਮੱਸਿਆਵਾਂ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀਆਂ ਨਾਲ ਸਾਂਝੀਆਂ ਕਰਨ ਲਈ ਉਤਸ਼ਾਹਿਤ ਕੀਤਾ। ਇਸ ਨਾਲ ਹੀ ਪ੍ਰੋਗਰਾਮ ਦੌਰਾਨ ਚਾਈਲਡ ਹੈਲਪਲਾਈਨ 1098 ਬਾਰੇ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ਗਈ। ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਦੱਸਿਆ ਗਿਆ ਕਿ ਕਿਸੇ ਬੱਚੇ ਨੂੰ ਸਹਾਇਤਾ, ਸੁਰੱਖਿਆ ਜਾਂ ਤੁਰੰਤ ਮਦਦ ਦੀ ਲੋੜ ਹੋਣ ’ਤੇ ਸਮੇਂ ਸਿਰ ਸਹਾਇਤਾ ਪ੍ਰਾਪਤ ਕਰਨਾ ਬਹੁਤ ਜ਼ਰੂਰੀ ਹੈ। ਸਕੂਲ ਇੰਚਾਰਜ ਜਗਮੋਹਨ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਆਪਣੇ ਅਧਿਕਾਰਾਂ ਦੀ ਸਮਝ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਆਪਣੀ ਗੱਲ ਨਿਡਰਤਾ ਨਾਲ ਰੱਖਣ ਅਤੇ ਮਦਦ ਮੰਗਣ ਦਾ ਵਿਸ਼ਵਾਸ ਵੀ ਪ੍ਰਦਾਨ ਕਰਦੇ ਹਨ।
5ਵੀਂ ਦੇ ਇ੍ਕ ਵਿਦਿਆਰਥੀ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਸਕੂਲ ਵਿੱਚ ਪਹਿਲੀ ਵਾਰ ਅਜਿਹਾ ਪ੍ਰੋਗਰਾਮ ਕਰਵਾਇਆ ਗਿਆ ਅਤੇ ਇਸ ਰਾਹੀਂ ਉਸ ਨੂੰ ਆਪਣੇ ਅਧਿਕਾਰਾਂ ਅਤੇ ਲੋੜ ਪੈਣ ’ਤੇ ਮਦਦ ਲਈ ਸੰਪਰਕ ਕਰਨ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ। ਇਸ ਜਾਗਰੂਕਤਾ ਮੁਹਿੰਮ ਨੂੰ ਆਸ ਅਹਿਸਾਸ ਐਨਜੀਓ ਵੱਲੋਂ ਵੀ ਸਹਿਯੋਗ ਦਿੱਤਾ ਗਿਆ। ਐਨਜੀਓ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਵਿੱਚ ਸਟੇਸ਼ਨਰੀ ਸਮੱਗਰੀ ਵੰਡ ਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਇਸ ਨਾਲ ਪ੍ਰੋਗਰਾਮ ਬੱਚਿਆਂ ਲਈ ਗਿਆਨਵਰਧਕ ਹੋਣ ਦੇ ਨਾਲ-ਨਾਲ ਯਾਦਗਾਰੀ ਅਤੇ ਖੁਸ਼ਗਵਾਰ ਅਨੁਭਵ ਵੀ ਬਣਿਆ। ‘ਨੰਨ੍ਹੇ ਕਦਮ’ ਪਹਿਲਕਦਮੀ ਰਾਹੀਂ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਸੁਰੱਖਿਆ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਲਈ ਸੁਰੱਖਿਅਤ ਤੇ ਸਹਾਇਕ ਮਾਹੌਲ ਯਕੀਨੀ ਬਣਾਉਣ ਵੱਲ ਲਗਾਤਾਰ ਯਤਨ ਕੀਤੇ ਜਾ ਰਹੇ ਹਨ।