
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਲਕਾ ਗਿੱਲ ’ਚ ‘ਆਪ’ ਨੂੰ ਵੱਡਾ ਝਟਕਾ, ਕਾਲਾ ਘਵੱਦੀ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

-ਕਿਹਾ, ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਹਰ ਕੋਈ ਤੰਗ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਹਲਕਾ ਗਿੱਲ ਦੇ ਸਿਆਸੀ ਮੈਦਾਨ ਵਿੱਚ ਅੱਜ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਆਮ ਆਦਮੀ ਪਾਰਟੀ (ਆਪ) ਨੂੰ ਜ਼ਬਰਦਸਤ ਝਟਕਾ ਦਿੰਦੇ ਹੋਏ ਇਲਾਕੇ ਦੀ ਉੱਘੀ ਤੇ ਨਾਮਵਰ ਸ਼ਖਸੀਅਤ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ ਆਪਣੇ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ’ ਜਥੇਬੰਦੀ ਵਿੱਚ ਸ਼ਾਮਿਲ ਹੋ ਗਏ। ਇਹ ਸ਼ਮੂਲੀਅਤ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਦੀ ਸਾਂਝੀ ਅਗਵਾਈ ਹੇਠ ਹੋਈ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਦਰਸ਼ਨ ਸਿੰਘ ਸ਼ਿਵਾਲਕ ਨੇ ਜਗਦੀਪ ਸਿੰਘ ਕਾਲਾ ਘਵੱਦੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਆਗੂਆਂ ਨੇ ਦਾਅਵਾ ਕੀਤਾ ਕਿ ਕਾਲਾ ਘਵੱਦੀ ਦੇ ਜਥੇਬੰਦੀ ਵਿੱਚ ਆਉਣ ਨਾਲ ਨਾ ਸਿਰਫ਼ ਹਲਕਾ ਗਿੱਲ, ਬਲਕਿ ਨਾਲ ਲੱਗਦੇ ਹੋਰਨਾਂ ਵਿਧਾਨ ਸਭਾ ਹਲਕਿਆਂ ਵਿੱਚ ਵੀ ‘ਅਕਾਲੀ ਦਲ ਵਾਰਿਸ ਪੰਜਾਬ’ ਨੂੰ ਬਹੁਤ ਵੱਡਾ ਹੁਲਾਰਾ ਮਿਲੇਗਾ ਅਤੇ ਪਾਰਟੀ ਦੀ ਸਥਿਤੀ ਬੇਹੱਦ ਮਜ਼ਬੂਤ ਹੋਵੇਗੀ। ਇਸ ਮੌਕੇ ਸਾਬਕਾ ਸਰਪੰਚ ਕਾਲਾ ਘਵੱਦੀ ਦੇ ਨਾਲ ਗੁਰਮੀਤ ਸਿੰਘ ਗੁਰੀ, ਦਲਜੀਤ ਸਿੰਘ ਪੰਚ ਅਤੇ ਜਸਵੰਤ ਸਿੰਘ ਨੇ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦਕ ਕਾਫ਼ਲੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ ਨੇ ‘ਆਪ’ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਅਤੇ ਝੂਠੇ ਵਾਅਦਿਆਂ ਤੋਂ ਹਰ ਵਰਗ ਤੰਗ ਆ ਚੁੱਕਾ ਹੈ। ਪਾਰਟੀ ਵਿੱਚ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਪੰਜਾਬ, ਪੰਜਾਬੀਅਤ ਅਤੇ ਲੋਕ ਹਿੱਤਾਂ ਲਈ ਲੜਨ ਵਾਲੀ ਜਥੇਬੰਦੀ ‘ਅਕਾਲੀ ਦਲ ਵਾਰਿਸ ਪੰਜਾਬ’ ਦਾ ਪੱਲਾ ਫੜਿਆ ਹੈ। ਉਨ੍ਹਾਂ ਪ੍ਰਣ ਕੀਤਾ ਕਿ ਉਹ ਦਿਨ-ਰਾਤ ਇੱਕ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।