
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੀਏਯੂ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀ ਪੀਏਯੂ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਜ਼ੀਰਖ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਜਿਹੜੀ ਸਰਕਾਰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋ ਕੇ ਲੋਕਾਂ ਅੱਗੇ ਇਨਕਲਾਬ ਦੇ ਨਾਅਰੇ ਲਗਾਉਂਦਿਆਂ ਸੱਤਾ ਵਿੱਚ ਆਈ ਸੀ, ਉਸ ਨੇ ਸੱਤਾ ਸੰਭਾਲਣ ਤੋਂ ਬਾਅਦ ਆਪਣੇ ਵਾਅਦਿਆਂ ਨੂੰ ਭੁਲਾ ਦਿੱਤਾ ਹੈ। ਜਸਵੰਤ ਜ਼ੀਰਖ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦੇ ਫੁਰਮਾਨ ਜਾਰੀ ਕਰਨ ਤੋਂ ਬਾਅਦ ਸਰਕਾਰ ਵੱਲੋਂ ਉਨ੍ਹਾਂ ਦੀ ਵਿਚਾਰਧਾਰਾ ਅਤੇ ਲੋਕ-ਪੱਖੀ ਸੋਚ ’ਤੇ ਅਮਲ ਨਹੀਂ ਕੀਤਾ ਜਾ ਰਿਹਾ। ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ ਬਰਾਬਰ ਕਰਾਰ ਦਿੱਤਾ। ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਕਿਹਾ ਜਾਂਦਾ ਸੀ ਕਿ ਸੂਬੇ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਧਰਨੇ, ਮੁਜ਼ਾਹਰੇ ਤੇ ਰੈਲੀਆਂ ਕਰਨ ਦੀ ਲੋੜ ਨਹੀਂ ਪਵੇਗੀ ਪਰ ਮੌਜੂਦਾ ਹਾਲਾਤ ਇਸ ਦੇ ਉਲਟ ਹਨ। ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਹੋਰ ਵਰਗਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਨ ਦੀ ਬਜਾਏ ਸਰਕਾਰ ਵੱਲੋਂ ਅੰਦੋਲਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸਾਂਝੇ ਫਰੰਟ ਵੱਲੋਂ ਚਲਾਇਆ ਜਾ ਰਿਹਾ ਸੰਘਰਸ਼ ਸਿਰਫ਼ ਕਿਸੇ ਇੱਕ ਵਰਗ ਦਾ ਨਹੀਂ, ਸਗੋਂ ਹੱਕਾਂ ਤੇ ਮੰਗਾਂ ਦੀ ਲੜਾਈ ਹੈ। ਉਨ੍ਹਾਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਆਪਣੀ ਜਥੇਬੰਦਕ ਤਾਕਤ ਮਜ਼ਬੂਤ ਕਰਦਿਆਂ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹਿਣ ਦਾ ਸੱਦਾ ਦਿੱਤਾ। ਜੇਕਰ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਹੱਲ ਨਹੀਂ ਕਰਦੀ ਤਾਂ ਜਥੇਬੰਦੀਆਂ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਮਜਬੂਰ ਹੋਣਗੀਆਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਮਸਲਿਆਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ ਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਆਸਾ ਸਿੰਘ ਪੰਨੂ, ਸਵਰਨ ਸਿੰਘ ਰਾਣਾ, ਐਮਐਸ. ਪਰਮਾਰ, ਮਹਿਲ ਸਿੰਘ ਸਿੱਧੂ, ਤਰਸੇਮ ਸਿੰਘ, ਤਜਿੰਦਰ ਮਹਿੰਦਰੂ, ਕਰਤਾਰ ਸਿੰਘ, ਨਛੱਤਰ ਸਿੰਘ, ਰਾਮ ਚੰਦ ਅਤੇ ਚਮਕੌਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਰਹੇ।