
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਹਿੰਗਾਈ ਦੇ ਮੁੱਦੇ ’ਤੇ ਮਹਿਲਾ ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਅਸਫਲ ਰਹਿਣ ਦੇ ਵਿਰੋਧ ਵਿੱਚ ਮਹਿਲਾ ਕਾਂਗਰਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਹਿਲਾ ਕਾਂਗਰਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਨੇ ਕਿਹਾ ਕਿ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਵਨ ਮੁਸ਼ਕਲ ਕਰ ਦਿੱਤਾ ਹੈ। ਰਸੋਈ ਵਿੱਚ ਵਰਤੋਂ ਆਉਣ ਵਾਲੀਆਂ ਜ਼ਰੂਰੀ ਵਸਤਾਂ ਦੇ ਭਾਅ ਵਧਣ ਕਾਰਨ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੌਕੇ ਪ੍ਰਧਾਨ ਗਰੇਵਾਲ ਨੇ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਬੋਝ ਘਰ ਦੀ ਰਸੋਈ ਸੰਭਾਲਣ ਵਾਲੀਆਂ ਮਹਿਲਾਵਾਂ ’ਤੇ ਪੈਂਦਾ ਹੈ। ਹਰ ਮਹੀਨੇ ਘਰੇਲੂ ਖਰਚਿਆਂ ਵਿੱਚ ਵਾਧਾ ਹੋਣ ਕਾਰਨ ਪਰਿਵਾਰਾਂ ਲਈ ਬੱਚਿਆਂ ਦੀ ਪੜ੍ਹਾਈ, ਸਿਹਤ ਅਤੇ ਹੋਰ ਜ਼ਰੂਰੀ ਖਰਚੇ ਪੂਰੇ ਕਰਨਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਮਹਿਲਾ ਕਾਂਗਰਸ ਵੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ। ਜੇਕਰ ਸਰਕਾਰ ਨੇ ਵਧਦੀ ਮਹਿੰਗਾਈ ਨੂੰ ਰੋਕਣ ਲਈ ਜਲਦ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਜੀਤ ਕੌਰ ਗਰਚਾ,ਸਰਪੰਚ ਸੁਖਦੀਪ ਕੌਰ,ਬਲਜਿੰਦਰ ਕੌਰ ਲਾਟੋ, ਮਨਿੰਦਰ ਕੌਰ, ਸੁਨੀਤਾ ਤਾਂਜਨੀਆਂ, ਨਿਰਦੀਪ ਬਲਾਕ ਪ੍ਰਧਾਨ,ਮਨਜਿੰਦਰ ਕੌਰ ਬਲਾਕ ਪ੍ਰਧਾਨ, ਅਮਰਜੀਤ ਕੌਰ, ਪਰਮਜੀਤ ਕੌਰ ਉਮੇਦਪੁਰ, ਸਤਿੰਦਰ ਮਾਂਗਟ, ਦੀਪੀ ਮਾਂਗਟ, ਸਰਬਜੀਤ ਕੌਰ ਪਵਾ ਸਮੇਤ ਵੱਡੀ ਗਿਣਤੀ ਵਿੱਚ ਮਹਿਲਾ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।