ਮੁੱਖ ਮੰਤਰੀ ਦੇ ਟਵੀਟ ਤੇ ਧਮਕੀ ਪੱਤਰ ਦੀਆਂ ਸਾੜੀਆਂ ਕਾਪੀਆਂ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਪੱਤਰ ਦੀਆਂ ਕਾਪੀਆਂ ਸਾੜੀਆਂ
Publish Date: Sat, 29 Aug 2026 06:49 PM (IST)
Updated Date: Sat, 29 Aug 2026 06:52 PM (IST)
ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਵਿੱਦਿਅਕ ਅਦਾਰਿਆਂ ਦੇ ਗੇਟਾਂ ਅੱਗੇ ਕੀਤਾ ਪ੍ਰਦਰਸ਼ਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹੇ ਭਰ ਦੇ ਵੱਡੀ ਗਿਣਤੀ ਵਿੱਚ ਸਕੂਲ ਅਧਿਆਪਕਾਂ ਨੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਗੇਟਾਂ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤੇ। ਉੱਥੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਹਾਲ ਹੀ ਦੇ ਤਾਨਾਸ਼ਾਹੀ ਟਵੀਟ ਅਤੇ ਗੈਰ-ਹਾਜ਼ਰ ਮੁਲਾਜ਼ਮਾਂ ਬਾਰੇ ਜਾਰੀ ਕੀਤੇ ਗਏ ਧਮਕੀ ਭਰੇ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਅਤੇ ਸਕੂਲਾਂ ਦੇ ਗੇਟਾਂ ਦੇ ਬਾਹਰ ਨਾਅਰੇਬਾਜ਼ੀ ਕੀਤੀ। ਫਰੰਟ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਅਤੇ ਜਨਰਲ ਰੁਪਿੰਦਰ ਪਾਲ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸ਼ਹੀਦ ਦਵਿੰਦਰ ਸਿੰਘ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਖਰਾਂ ਸਮੇਤ ਦਰਜਨਾਂ ਸਕੂਲਾਂ ਦੇ ਗੇਟਾਂ ਦੇ ਬਾਹਰ ਅਧਿਆਪਕਾਂ ਨੇ ਰੋਸ ਪ੍ਰਦਰਸ਼ਨ ਕੀਤੇ ਹਨ। ਮੁਜ਼ਾਹਰਾਕਾਰੀ ਆਗੂਆਂ ਰਜਿੰਦਰ ਜੰਡਿਆਲੀ, ਜੰਗਪਾਲ ਸਿੰਘ ਰਾਏਕੋਟ, ਬਲਵੀਰ ਸਿੰਘ ਬਾਸੀਆਂ, ਜਗਦੀਪ ਸਿੰਘ ਜੌਨੀ, ਅਵਤਾਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਐਤੀਆਣਾ, ਮਨਪ੍ਰੀਤ ਸਿੰਘ ਸਮਰਾਲਾ ਆਦਿ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਅਨੁਸ਼ਾਸਨੀ ਕਾਰਵਾਈ ਜਾਂ ਧਮਕੀ ਭਰੇ ਸਰਕੂਲਰਾਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਚੇਤਾਵਨੀਆਂ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਸਰਕਾਰ ਦੀ ਪਹੁੰਚ ਦੀ ਸਖ਼ਤ ਨਿੰਦਾ ਕੀਤੀ। ਮੁਲਾਜ਼ਮਾਂ ਵਿੱਚ ਵਿਆਪਕ ਰੋਸ ਦਾ ਕਾਰਨ ਇੰਨ੍ਹਾਂ ਦੀਆਂ ਜਾਇਜ਼ ਮੰਗਾਂ ਜਿਨ੍ਹਾਂ ਵਿੱਚ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਅਧਾਰਿਤ ਨਵੇਂ ਤਨਖਾਹ ਸਕੇਲਾਂ ਨੂੰ ਰੱਦ ਨਾ ਕਰਨਾ, ਬਜ਼ਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਨਾ ਕਰਨ, ਮੁਲਾਜ਼ਮਾਂ ਦਾ 18 ਫੀਸਦੀ ਪੈਂਡਿੰਗ ਮਹਿੰਗਾਈ ਭੱਤਾ ਰੋਕਣ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਜਾਰੀ ਕਰਕੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਪੈਂਡਿੰਗ ਲਾਭ ਨਾ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨ, ਰੀਕਾਸਟ ਲਿਸਟਾਂ ਦੇ ਨਾਂ ਹੇਠ 4161 ਮਾਸਟਰ, 6635 ਈਟੀਟੀ ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸਾਂ ਨੂੰ ਰੱਦ ਕਰਕੇ ਉਹਨਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਨਾ ਕਰਨਾ ਪ੍ਰਮੁੱਖ ਤੌਰ ’ਤੇ ਸ਼ਾਮਲ ਹਨ। ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਇੱਕ ਨੁਮਾਇੰਦੇ ਨੇ ਕਿਹਾ ਕਿ ਨਾ ਅਸੀਂ ਪਹਿਲਾਂ ਧਮਕੀਆਂ ਤੋਂ ਡਰੇ ਹਾਂ ਅਤੇ ਨਾ ਹੀ ਹੁਣ ਡਰਾਂਗੇ। ਅਸੀਂ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹਾਂ। ਅਧਿਆਪਕਾਂ ਦੀ ਜਮਹੂਰੀ ਆਵਾਜ਼ ਨੂੰ ਸਰਗਰਮੀ ਨਾਲ ਦਬਾਉਣ ਲਈ ਮੁੱਖ ਮੰਤਰੀ ਅਤੇ ਪ੍ਰਸ਼ਾਸਨਿਕ ਤੰਤਰ ਖ਼ਿਲਾਫ਼ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਿੱਚ ਇੱਕ ਤਿੱਖਾ ਅਤੇ ਵਿਆਪਕ ਅੰਦੋਲਨ ਭਖ ਰਿਹਾ ਹੈ। ਫਰੰਟ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਅਤੇ ਸਾਰਥਕ ਹੱਲ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਸੂਬੇ ਦੇ ਹਰ ਬਲਾਕ ਅਤੇ ਜ਼ਿਲ੍ਹੇ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਅੱਜ ਲੁਧਿਆਣਾ ਵਿਖੇ ਹੋਣ ਵਾਲੀ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਹੋਣ ਵਾਲੇ ਫੈਸਲਿਆਂ ਨੂੰ ਜ਼ਿਲ੍ਹੇ ਭਰ ਵਿੱਚ ਵਧ ਚੜ੍ਹ ਕੇ ਲਾਗੂ ਕੀਤਾ ਜਾਵੇਗਾ।