‘ਮਿਸ਼ਨ ਕਲੀਨ ਪੰਜਾਬ’ ਤਹਿਤ ਮਹਾਨਗਰ ’ਚ ਮੈਗਾ ਸਫ਼ਾਈ ਮੁਹਿੰਮ ਸ਼ੁਰੂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ’ਚ ਮੈਗਾ ਸਫਾਈ ਮੁਹਿੰਮ ਸ਼ੁਰੂ
Publish Date: Sun, 30 Aug 2026 09:47 PM (IST)
Updated Date: Mon, 31 Aug 2026 04:10 AM (IST)
19 ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਨਿਗਮ ਵੱਲੋਂ ਐਤਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਤਹਿਤ ਮੈਗਾ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਪੱਖੋਵਾਲ ਰੋਡ ਸਥਿਤ ਨਹਿਰੂ ਸਿਧਾਂਤ ਕੇਂਦਰ ਦੇ ਬਾਹਰੋਂ ਮੁਹਿੰਮ ਦਾ ਆਗਾਜ਼ ਕਰਦਿਆਂ ਖ਼ੁਦ ਜ਼ਮੀਨੀ ਪੱਧਰ ’ਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੁਹਿੰਮ ਦੌਰਾਨ ਪੱਖੋਵਾਲ ਰੋਡ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਸਫਾਈ ਕਰਵਾਈ ਗਈ। ਇਸ ਮੌਕੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮੁੱਖ ਮਕਸਦ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਫਾਈ ਨਗਰ ਨਿਗਮ ਦੀ ਪ੍ਰਮੁੱਖ ਤਰਜੀਹ ਹੈ ਅਤੇ ਸ਼ਹਿਰ ਦੇ ਹਰੇਕ ਇਲਾਕੇ ਵਿੱਚ ਸਫਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਮੇਅਰ ਤੇ ਨਿਗਮ ਕਮਿਸ਼ਨਰ ਨੇ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਸਫਾਈ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਇਸ ਤਰ੍ਹਾਂ ਦੀਆਂ ਵਿਸ਼ੇਸ਼ ਸਫਾਈ ਮੁਹਿੰਮਾਂ ਚਲਾਈਆਂ ਜਾਣਗੀਆਂ। ਜ਼ਮੀਨੀ ਪੱਧਰ ’ਤੇ ਪ੍ਰਬੰਧਾਂ ਦੀ ਹਕੀਕਤ ਜਾਣਨ ਲਈ ਅਚਾਨਕ ਨਿਰੀਖਣ ਵੀ ਕੀਤੇ ਜਾਣਗੇ ਤਾਂ ਜੋ ਸਫਾਈ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਇਸ ਮੌਕੇ ਕੌਂਸਲਰ ਗੁਰਪ੍ਰੀਤ ਬੱਬਲ, ਚੇਤਨ ਥਾਪਰ, ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ. ਵਿਪਲ ਮਲਹੋਤਰਾ ਸਮੇਤ ਹੋਰ ਅਧਿਕਾਰੀ ਅਤੇ ਸਟਾਫ਼ ਮੈਂਬਰ ਮੌਜੂਦ ਸਨ। ਮੇਅਰ ਅਤੇ ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਗਰ ਨਿਗਮ ਦਾ ਸਹਿਯੋਗ ਕਰਨ ਅਤੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਸਿਰਫ਼ ਨਗਰ ਨਿਗਮ ਦੇ ਯਤਨਾਂ ਨਾਲ ਹੀ ਨਹੀਂ, ਸਗੋਂ ਸ਼ਹਿਰ ਵਾਸੀਆਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਲੁਧਿਆਣਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕਦਾ ਹੈ।