
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਮੀਟਿੰਗ ਹੋਈ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਭਾਕਿਯੂ ਏਕਤਾ ਡਕੌਂਦਾ ਵੱਲੋਂ ਪਿੰਡ ਲਲਤੋਂ ਵਿਖੇ ਕਿਸਾਨਾਂ ਦੀ ਇਕੱਤਰਤਾ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਦੀ ਅਗਵਾਈ ਹੇਠ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਰਣਵੀਰ ਸਿੰਘ ਰੁੜਕਾ ਸਾਬਕਾ ਸਰਪੰਚ, ਬਲਾਕ ਪ੍ਰਧਾਨ ਅਜੀਤ ਸਿੰਘ ਧਾਂਦਰਾ ਤੇ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਦਿੱਤੇ ਜਾ ਰਹੇ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਮੁਕਤ ਵਪਾਰ ਸਮਝੌਤਾ ਵਾਰਤਾ ਦੇਸ਼ ਦੇ ਕਿਸਾਨਾਂ ਲਈ ‘ਮੌਤ ਦੇ ਵਾਰੰਟ’ ਦੇ ਬਰਾਬਰ ਹੈ। ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਦੇਸ਼ ਦੇ ਕਿਸਾਨਾਂ ਲਈ ਖੇਤੀਬਾੜੀ ਦਾ ਧੰਦਾ ਹੋਰ ਮੁਸ਼ਕਲ ਹੋ ਜਾਵੇਗਾ ਤੇ ਭਾਰਤੀ ਮੰਡੀ ’ਤੇ ਅਮਰੀਕਾ ਤੇ ਯੂਰਪੀਅਨ ਦੇਸ਼ਾਂ ਦੀਆਂ ਵਸਤਾਂ ਦਾ ਦਬਦਬਾ ਵਧੇਗਾ। ਉਨ੍ਹਾਂ ਕਿਹਾ ਕਿ ਮੁਕਤ ਵਪਾਰ ਸਮਝੌਤੇ ਦਾ ਮਾੜਾ ਪ੍ਰਭਾਵ ਦੇਸ਼ ਦੀ ਸਨਅਤ ’ਤੇ ਵੀ ਪੈ ਸਕਦਾ ਹੈ। ਪਾਣੀਆਂ ਦੀ ਰਾਖੀ, ਕਿਸਾਨਾਂ ਦੇ ਕਰਜ਼ੇ ਰੱਦ ਕਰਵਾਉਣ ਅਤੇ ਫ਼ਸਲਾਂ ਲਈ ਐੱਮਐੱਸਪੀ. ਦੀ ਪ੍ਰਾਪਤੀ ਸਮੇਤ ਕਿਸਾਨੀ ਮੰਗਾਂ ਸਬੰਧੀ ਦਿੱਤਾ ਜਾ ਰਿਹਾ ਦਿਨ-ਰਾਤ ਦਾ ਧਰਨਾ ਦਿੱਲੀ ਅੰਦੋਲਨ ਦਾ ਇੱਕ ਨਵਾਂ ਰੂਪ ਹੋਵੇਗਾ। ਆਗੂਆਂ ਨੇ ਕਿਸਾਨਾਂ ਨੂੰ ਇਸ ਸੰਘਰਸ਼ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਬੰਦੀ ਦੀ ਪਿੰਡ ਮੋਹੀ ਦੀ ਨਵੀਂ ਇਕਾਈ ਦੀ ਚੋਣ ਵੀ ਕੀਤੀ। ਇਸ ਵਿੱਚ ਅਮਨਦੀਪ ਸਿੰਘ ਨੂੰ ਪ੍ਰਧਾਨ, ਅਜੀਤਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸੁਖਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ, ਜਪਨੀਤ ਸਿੰਘ ਨੂੰ ਸਕੱਤਰ ਤੇ ਸਤਵੰਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅਨੁਰਾਗ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਗੁਰਸੇਵਕ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਨਵੇਂ ਚੁਣੇ ਅਹੁਦੇਦਾਰਾਂ ਅਤੇ ਕਮੇਟੀ ਮੈਂਬਰਾਂ ਨੂੰ ਜਥੇਬੰਦੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।